ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਤੀਸਰਾ ਦਿਨ ਵੀ ਹੰਗਾਮੇ ਭਰਿਆ ਰਿਹਾ। ਆਮ ਆਦਮੀ ਪਾਰਟੀ ਵੱਲੋਂ ਸੂਬੇ ‘ਚ ਵਧੀਆਂ ਬਿਜਲੀ ਦੀਆਂ ਕੀਮਤਾਂ ਖਿਲਾਫ਼ ਕੈਪਟਨ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਕੀਤੀ ਗਈ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਅਕਾਲੀ ਦਲ ਸਰਕਾਰ ਵੱਲੋਂ ਕੀਤੇ ਗਏ ਪੀਪੀਏ ਯਾਨੀ ਪਾਵਰ ਪਰਚੇਜ਼ ਐਗਰੀਮੈਂਟ ਦੇ ਮੁੱਦੇ ਨੂੰ ਉਠਾਇਆ। ਵਿਰੋਧੀ ਧਿਰ ਦੇ ਲੀਡਰ ਹਰਪਾਲ ਚੀਮਾ ਨੇ ਕਿਹਾ ਕਿ ਜਦੋਂ ਸਾਲ 2017 ‘ਚ ਵਿਧਾਨ ਸਭਾ ਦੀਆਂ ਚੋਣਾਂ ਲਈ ਪ੍ਰਚਾਰ ਹੋ ਰਿਹਾ ਸੀ ਤਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਉਹ ਪਾਵਰ ਪਰਚੇਜ਼ ਐਗਰੀਮੈਂਟ ਰੱਦ ਕਰਨਗੇ, ਪਰ ਹੁਣ ਸਰਕਾਰ ਨੂੰ ਚਾਰ ਸਾਲ ਹੋ ਗਏ ਹਨ ਇਹ ਸਮਝੋਤੇ ਹਾਲੇ ਤਕ ਰੱਦ ਨਹੀਂ ਕੀਤੇ ਗਏ। ਇਸ ਤੋਂ ਇਲਾਵਾ ਹਰਪਾਲ ਚੀਮਾ ਨੇ ਕਿਹਾ ਕਿ ਅਗਲੇ ਸਾਲ ਜੇਕਰ ਸਾਡੀ ਸਰਕਾਰ ਬਣੇਗੀ ਤਾਂ ਦਿੱਲੀ ਵਾਂਗ ਪੰਜਾਬ ਵਿੱਚ ਵੀ ਲੋਕਾਂ ਨੂੰ ਸਸਤੀ ਬਿਜਲੀ ਮੁਹੱਈਆ ਕਰਵਾਈ ਜਾਵੇਗੀ।
ਇਹਨਾਂ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਸਦਨ ਦੀ ਕਾਰਵਾਈ ‘ਚ ਜਦੋਂ ਅਸੀਂ ਪਾਵਰ ਪਰਚੇਜ਼ ਐਗਰੀਮੈਂਟ ਦਾ ਮੁੱਦਿਆ ਚੁੱਕਿਆ ਤਾਂ ਸਰਕਾਰ ਨੇ ਇਹ ਕਹਿ ਕੇ ਰੱਦ ਕਰ ਦਿੱਤਾ ਕਿ ਇਹ ਮਾਮਲਾ ਤਾਜ਼ਾ ਨਹੀਂ ਹੈ। ਇਸ ਦੌਰਾਨ ਅਮਨ ਅਰੋੜਾ ਨੇ ਵਿਧਾਨ ਸਭਾ ਅੰਦਰ ਸਪੀਕਰ ਅਤੇ ਸਰਕਾਰ ਅੱਗੇ ਸਵਾਲ ਖੜਾ ਕੀਤਾ ਕਿ ਲੋਕਾਂ ਨੂੰ ਮਿਲ ਰਹੀ ਮਹਿੰਗੀ ਬਿਜਲੀ ਦਾ ਮੁੱਦਾ ਤਾਜ਼ਾ ਦੇਖਣਾ ਜਾਂ ਪੁਰਾਣਾ? ਇਸ ਦੇ ਨਾਲ ਹੀ ਅਮਨ ਅਰੋੜਾ ਨੇ ਪਖਾਨਿਆਂ ਦੀ ਘਾਟ ਦਾ ਮਾਮਲਾ ਚੁੱਕਦੇ ਹੋਏ ਕਿਹਾ ਕਿ ਸਾਡੇ ਪੰਜਾਬ ‘ਚ ਅਜੇ ਵੀ ਮਹਿਲਾਵਾਂ ਖੁੱਲ੍ਹੇ ‘ਚ ਜਾਣ ਲਈ ਮਜਬੂਰ ਹਨ। ਇਸ ‘ਤੇ ਪੰਜਾਬ ਸਰਕਾਰ ਨੂੰ ਤੁਰੰਤ ਧਿਆਨ ਦੇਣਾ ਚਾਹੀਦਾ।