ਚੰਡੀਗੜ੍ਹ: ਮਾਨਸਾ ਵਿਚ ਐਂਟੀ ਡਰੱਗ ਕਾਰਕੁਨ ਪਰਵਿੰਦਰ ਝੋਟਾ ਦੇ ਕਤਲ ਦੇ ਵਿਰੋਧ ਵਿਚ ਅੱਜ (15 ਅਕਤੂਬਰ) ਪੰਜਾਬ ਬੰਦ ਦਾ ਐਲਾਨ ਕੀਤਾ ਗਿਆ ਹੈ। ਮਾਨਸਾ ‘ਚ ਬੀਤੇ ਦਿਨਾਂ ਤੋਂ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ। ਇਸ ਪੰਜਾਬ ਬੰਦ ਦੀ ਕਾਲ ਨੂੰ ਲੈ ਕੇ ਧਾਰਮਿਕ ਜਥੇਬੰਦੀਆਂ, ਸਮਾਜਿਕ ਸੰਗਠਨਾਂ-ਕਾਰਕੁਨਾਂ, ਕਿਸਾਨ ਜਥੇਬੰਦੀਆਂ, ਸਿਆਸੀ ਪਾਰਟੀਆਂ ਤੇ ਹੋਰ ਵੀ ਵੱਖ-ਵੱਖ ਜਥੇਬੰਦੀਆਂ ਸਮੇਤ ਆਮ ਲੋਕਾਂ ਨੇ ਸਮਰਥਨ ਦਿੱਤਾ ਹੈ। ਪੰਜਾਬ ਬੰਦ ਦੇ ਮੱਦੇਨਜ਼ਰ ਕਈ ਸਿੱਖਿਅਕ ਅਦਾਰਿਆਂ ਨੇ ਅੱਜ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਸਵੇਰੇ 6 ਵਜੇ ਤੋਂ ਲੈ ਕੇ ਸ਼ਾਮ 5 ਵਜੇ ਤੱਕ ਬੰਦ ਦਾ ਸਮਾਂ ਤੈਅ ਕੀਤਾ ਗਿਆ ਹੈ। ਇਸ ਦੌਰਾਨ ਸਿਰਫ਼ ਹਸਪਤਾਲ, ਮੈਡੀਕਲ ਸਟੋਰ, ਫਾਇਰ ਬ੍ਰਿਗੇਡ, ਐਂਬੂਲੈਂਸ ਵਰਗੀਆਂ ਐਮਰਜੈਂਸੀ ਸੇਵਾਵਾਂ ਦੀ ਹੀ ਛੋਟ ਹੈ।
ਕਿਸਾਨ ਆਗੂ ਨੇ ਅੰਦੋਲਨਕਾਰੀਆਂ ਤੇ ਸਮਰਥਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਕਿਸੇ ਵੀ ਤਰ੍ਹਾਂ ਦੇ ਹੰਗਾਮੇ ਜਾਂ ਭੜਕਾਹਟ ਚ ਨਾ ਆਉਣ। ਉਨ੍ਹਾਂ ਖ਼ਦਸ਼ਾ ਪ੍ਰਗਟਾਇਆ ਕਿ ਕੁਝ ਸਮਾਜ ਵਿਰੋਧੀ ਤੇ ਸ਼ਰਾਰਤੀ ਅਨਸਰ ਅੰਦੋਲਨ ਨੂੰ ਬਦਨਾਮ ਕਰਨ ਅਤੇ ਅਮਨ-ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰ ਸਕਦੇ ਹਨ। ਇਸ ਲਈ ਸਾਰੇ ਲੋਕਾਂ ਨੂੰ ਪੂਰੀ ਤਰ੍ਹਾਂ ਸ਼ਾਂਤਮਈ ਤੇ ਅਨੁਸ਼ਾਸਨ ਚ ਰਹਿ ਕੇ ਆਪਣਾ ਵਿਰੋਧ ਦਰਜ ਕਰਵਾਉਣਾ ਚਾਹੀਦਾ ਹੈ, ਤਾਂ ਜੋ ਪੰਜਾਬ ਦੀ ਅਮਨ-ਸ਼ਾਂਤੀ ਬਰਕਰਾਰ ਰਹੇ। ਟੋਲ ਪਲਾਜ਼ਾ ਵਰਕਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਲਾਡੀ ਨੇ ਦੱਸਿਆ ਕਿ ਪੰਜਾਬ ਵਿਚ ਨਸ਼ਿਆਂ ਵਿਰੁੱਧ ਸੰਘਰਸ਼ ਕਰਦਿਆਂ ਪੰਜਾਬ ਦਾ ਮਹਾਨ ਯੋਧਾ ਪਰਵਿੰਦਰ ਸਿੰਘ ਝੋਟਾ ਨਸ਼ੇ ਦੇ ਸੌਦਾਗਰਾਂ ਦੀ ਭੇਂਟ ਚੜ੍ਹ ਗਿਆ ਹੈ। ਇਸ ਦੇ ਵਿਰੋਧ ਵਿਚ ਪੰਜਾਬ ਦੇ ਹਿਤੈਸ਼ੀ ਆਗੂਆਂ ਵੱਲੋਂ 15 ਅਕਤੂਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ।

