ਪੰਜਾਬ ‘ਚ ਮੁੜ੍ਹ 3 ਦਿਨਾਂ ਲਈ ਹੋਣ ਜਾ ਰਹੀ ਬੱਸਾਂ ਦੀ ਹੜਤਾਲ, ਘਰੋ ਬਾਹਰ ਜਾਣ ਤੋਂ ਪਹਿਲਾਂ ਦੇਖ ਲਓ ਇਹ ਖ਼ਬਰ

raajan tiwari
4 Min Read

ਪੰਜਾਬ ਨਿਊਜ਼ : ਪੰਜਾਬ ਵਿੱਚ ਸਰਕਾਰੀ ਬੱਸਾਂ ਰਾਹੀਂ ਸਫ਼ਰ ਕਰਨ ਵਾਲੇ ਲੋਕਾਂ ਲਈ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਦੇ ਕੰਟਰੈਕਟ ਮੁਲਾਜ਼ਮਾਂ ਨੇ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਸਰਕਾਰ ਖ਼ਿਲਾਫ਼ ਸੰਘਰਸ਼ ਤੇਜ਼ ਕਰਨ ਦਾ ਐਲਾਨ ਕਰ ਦਿੱਤਾ ਹੈ। ਮੁਲਾਜ਼ਮ ਜਥੇਬੰਦੀ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਨੇ ਮੰਗਾਂ ਦਾ ਹੱਲ ਨਾ ਕੀਤਾ ਤਾਂ ਆਉਣ ਵਾਲੇ ਦਿਨਾਂ ਵਿੱਚ ਸੂਬੇ ਭਰ ਵਿੱਚ ਸਰਕਾਰੀ ਬੱਸ ਸੇਵਾ ਠੱਪ ਕੀਤੀ ਜਾ ਸਕਦੀ ਹੈ। ਦਰਅਸਲ, ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ 25/11 ਦੀ ਸੂਬਾ ਪੱਧਰੀ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਸਾਰੇ ਬੱਸ ਡਿਪੂਆਂ ਦੇ ਮੁਲਾਜ਼ਮ ਆਗੂਆਂ ਨੇ ਸ਼ਮੂਲੀਅਤ ਕੀਤੀ ਅਤੇ ਸਰਕਾਰ ਵੱਲੋਂ ਮੰਗਾਂ ਸਬੰਧੀ ਕੀਤੇ ਵਾਅਦਿਆਂ ਨੂੰ ਪੂਰਾ ਨਾ ਕਰਨ ‘ਤੇ ਨਾਰਾਜ਼ਗੀ ਜ਼ਾਹਰ ਕੀਤੀ। ਜਥੇਬੰਦੀ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਅਤੇ ਸੰਸਥਾਪਕ ਕਮਲ ਕੁਮਾਰ ਨੇ ਦੱਸਿਆ ਕਿ 29 ਅਕਤੂਬਰ ਨੂੰ ਟਰਾਂਸਪੋਰਟ ਮੰਤਰੀ ਸਮੇਤ ਪਰਸੋਨਲ, ਵਿੱਤ ਅਤੇ ਗ੍ਰਹਿ ਵਿਭਾਗ ਦੇ ਅਧਿਕਾਰੀਆਂ ਅਤੇ ਵਿਭਾਗੀ ਮੈਨੇਜਮੈਂਟ ਨਾਲ ਮੀਟਿੰਗ ਹੋਈ ਸੀ। ਇਸ ਮੀਟਿੰਗ ਦੌਰਾਨ ਵਿੱਤ ਮੰਤਰੀ ਵੱਲੋਂ ਭਰੋਸਾ ਦਿੱਤਾ ਗਿਆ ਸੀ ਕਿ ਪਨਬੱਸ ਦੇ ਕੰਟਰੈਕਟ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਸਰਵਿਸ ਰੂਲਜ਼ ਕੈਬਨਿਟ ਮੀਟਿੰਗ ਵਿੱਚ ਪਾਸ ਕਰਵਾਏ ਜਾਣਗੇ।

ਇਹ ਵੀ ਪੜ੍ਹੋ : ਸਾਬਕਾ ਕਾਂਗਰਸੀ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਰਿਹਾਇਸ਼ ‘ਤੇ ED ਦੀ ਛਾਪੇਮਾਰੀ

ਇਸ ਤੋਂ ਇਲਾਵਾ ਆਊਟਸੋਰਸ ਮੁਲਾਜ਼ਮਾਂ ਨੂੰ 14 ਅਗਸਤ 2026 ਦੇ ਬਿੱਲ ਜਾਂ ਐਕਟ ਅਨੁਸਾਰ ਕੰਟਰੈਕਟ ‘ਤੇ ਲਿਆਉਣ ਲਈ ਦੋ ਦਿਨਾਂ ਦਾ ਸਮਾਂ ਮੰਗਿਆ ਗਿਆ ਸੀ। ਪਰ ਜਥੇਬੰਦੀ ਦਾ ਦੋਸ਼ ਹੈ ਕਿ ਹੁਣ ਤੱਕ ਇਸ ਸਬੰਧੀ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ। ਇਸੇ ਨੂੰ ਲੈ ਕੇ ਜਥੇਬੰਦੀ ਨੇ ਹੁਣ ਸੰਘਰਸ਼ ਦਾ ਬਿਗਲ ਵਜਾ ਦਿੱਤਾ ਹੈ। ਸੂਬਾ ਜਨਰਲ ਸਕੱਤਰ ਸ਼ਮਸ਼ੇਰ ਸਿੰਘ ਢਿੱਲੋਂ ਸਮੇਤ ਹੋਰ ਆਗੂਆਂ ਨੇ ਸੰਘਰਸ਼ ਦੀ ਰੂਪਰੇਖਾ ਸਾਂਝੀ ਕਰਦਿਆਂ ਦੱਸਿਆ ਕਿ 5 ਨਵੰਬਰ ਨੂੰ ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਦੇ ਬੈਨਰ ਹੇਠ ਦਿੜਬਾ ਵਿਖੇ ਵੱਡੀ ਗਿਣਤੀ ਵਿੱਚ ਮੁਲਾਜ਼ਮ ਇਕੱਠੇ ਹੋ ਕੇ ਰੋਸ ਪ੍ਰਦਰਸ਼ਨ ਕਰਨਗੇ।ਇਸ ਤੋਂ ਬਾਅਦ 8 ਨਵੰਬਰ ਤੋਂ ਪੰਜਾਬ ਸਰਕਾਰ ਦੀਆਂ ਸਿਆਸੀ ਰੈਲੀਆਂ ਦਾ ਵਿਰੋਧ ਕੀਤਾ ਜਾਵੇਗਾ, ਜਦਕਿ 10 ਨਵੰਬਰ ਨੂੰ ਸੂਬੇ ਦੇ ਸਾਰੇ ਬੱਸ ਡਿਪੂਆਂ ਅੱਗੇ ਗੇਟ ਰੈਲੀਆਂ ਕਰਕੇ ਸਰਕਾਰ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ ਜਾਵੇਗੀ।ਮੁਲਾਜ਼ਮਾਂ ਨੇ 16 ਨਵੰਬਰ ਤੋਂ ਤਿੰਨ ਦਿਨਾਂ ਦੀ ਹੜਤਾਲ ਸ਼ੁਰੂ ਕਰਨ ਦਾ ਵੀ ਐਲਾਨ ਕੀਤਾ ਹੈ। ਉਨ੍ਹਾਂ ਸਪੱਸ਼ਟ ਚਿਤਾਵਨੀ ਦਿੱਤੀ ਹੈ ਕਿ ਜੇਕਰ ਇਸ ਤੋਂ ਬਾਅਦ ਵੀ ਸਰਕਾਰ ਨੇ ਮੰਗਾਂ ਦਾ ਹੱਲ ਨਾ ਕੀਤਾ ਤਾਂ ਅਣਮਿੱਥੇ ਸਮੇਂ ਲਈ ਮੁਕੰਮਲ ਹੜਤਾਲ ਕਰਕੇ ਸਰਕਾਰੀ ਬੱਸਾਂ ਦਾ ਚੱਕਾ ਜਾਮ ਕਰ ਦਿੱਤਾ ਜਾਵੇਗਾ।ਹੁਣ ਦੇਖਣਾ ਹੋਵੇਗਾ ਕਿ ਮੁਲਾਜ਼ਮਾਂ ਦੇ ਇਸ ਸੰਘਰਸ਼ ਤੋਂ ਬਾਅਦ ਪੰਜਾਬ ਸਰਕਾਰ ਕੋਈ ਫੈਸਲਾ ਲੈਂਦੀ ਹੈ ਜਾਂ ਫਿਰ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਬੱਸ ਯਾਤਰੀਆਂ ਨੂੰ ਵੱਡੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

Share This Article
1 Comment