ਪੈਟਰੋਲ ਅਤੇ ਡੀਜ਼ਲ ਕੀਮਤਾਂ ‘ਤੇ ਵੈਟ ਵਧਾ ਕੇ, ‘ਆਪ’ ਸਰਕਾਰ ਨੇ ਪੰਜਾਬੀਆਂ ਦੀ ਲੁੱਟ ਕੀਤੀ: ਬ੍ਰਹਮਪੁਰਾ

Global Team
3 Min Read

ਚੰਡੀਗੜ੍ਹ: ਪੰਜਾਬ ਰੂਰਲ ਡਿਵੈਲਪਮੈਂਟ ਸੋਸਾਇਟੀ ਦੇ ਚੇਅਰਮੈਨ, ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਵੱਲੋਂ ਪੈਟਰੋਲ ਪਦਾਰਥਾਂ ਦੀਆਂ ਕੀਮਤਾਂ ‘ਚ ਬੇਲੋੜੇ ਵਾਧੇ ਰਾਹੀਂ ਪੰਜਾਬ ਦੇ ਲੋਕਾਂ ‘ਤੇ ਬੋਝ ਪਾਉਣ ਲਈ ਕਰੜੀ ਆਲੋਚਨਾ ਕੀਤੀ।

ਇੱਥੇ ਦੱਸਣਯੋਗ ਹੈ ਕਿ ਮੁੱਖ ਮੰਤਰੀ ਮਾਨ ਦੀ ਅਗਵਾਈ ਵਿੱਚ ਪੰਜਾਬ ਮੰਤਰੀ ਮੰਡਲ ਨੇ ਪੈਟਰੋਲ ਅਤੇ ਡੀਜ਼ਲ ‘ਤੇ ਵੈਲਯੂ-ਐਡਿਡ ਟੈਕਸ (ਵੈਟ) ਵਿੱਚ ਵੱਡਾ ਵਾਧਾ ਲਾਗੂ ਕਰਦਿਆਂ, ਕੀਮਤਾਂ ਵਿੱਚ 61 ਪੈਸੇ ਅਤੇ 92 ਪੈਸੇ ਪ੍ਰਤੀ ਲੀਟਰ ਦਾ ਨਜਾਇਜ਼ ਵਾਧਾ ਕੀਤਾ ਹੈ। ਬ੍ਰਹਮਪੁਰਾ ਨੇ ਕਿਹਾ ਕਿ ਪੈਟਰੋਲ ਅਤੇ ਡੀਜ਼ਲ ਪਦਾਰਥਾਂ ਦੇ ਟੈਕਸਾਂ ਵਿੱਚ ਇਹ ਬੇਤਹਾਸ਼ਾ ਵਾਧਾ ਅਜਿਹੇ ਸਮੇਂ ਵਿੱਚ ਆਇਆ ਹੈ ਜਦੋਂ ਸੂਬੇ ਦੇ ਨਾਗਰਿਕ ਪਹਿਲਾਂ ਹੀ ਮੰਦੀ ਅਤੇ ਬੇਰੋਜ਼ਗਾਰੀ ਸੰਕਟ ਕਾਰਨ ਆਰਥਿਕ ਚੁਣੌਤੀਆਂ ਨਾਲ ਜੂਝ ਰਹੇ ਹਨ।

ਬ੍ਰਹਮਪੁਰਾ ਨੇ ਲੋਕਾਂ ਪ੍ਰਤੀ ਸਰਕਾਰ ਦੀ ਅਸੰਵੇਦਨਸ਼ੀਲਤਾ ‘ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਨੂੰ ਪੂਰਾ ਕਰਨ ‘ਚ ਨਾਕਾਮ ਹੋ ਕੇ ਲੋਕਾਂ ਦੇ ਭਰੋਸੇ ਨਾਲ ਧੋਖਾਂ ਕੀਤਾ ਹੈ। ਉਨ੍ਹਾਂ ਕਿਹਾ ਕਿ ਮਿਹਨਤੀ ਪੰਜਾਬੀਆਂ ਦੀ ਖ਼ੂਨ ਪਸੀਨੇ ਦੀ ਕਮਾਈ ਜ਼ਰੀਏ ਸਰਕਾਰੀ ਖਜ਼ਾਨੇ ਨੂੰ ਭਰਨ ਦੀ ਕੋਝੀ ਕੋਸ਼ਿਸ਼ ਸੱਤਾਧਾਰੀ ਪਾਰਟੀ ਦੇ ਘਟੀਆ ਪ੍ਰਸ਼ਾਸਨਿਕ ਸਵੈ-ਸੇਵਾ ਦੇ ਏਜੰਡੇ ਨੂੰ ਸਾਫ਼ ਦਰਸਾਉਂਦੀ ਹੈ।

ਉਨ੍ਹਾਂ ਕਿਹਾ ਕਿ ਸੂਬੇ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੈਟ ਵਾਧੇ ਨੂੰ ਜਾਇਜ਼ ਠਹਿਰਾਉਣਾ ਸਿਰਫ਼ ਸੂਬੇ ਲਈ ਵਾਧੂ ਮਾਲੀਆ ਪੈਦਾ ਕਰਨ ਦਾ ਦਾਅਵਾ ਕੀਤਾ ਗਿਆ ਹੈ ਜੋ ਕਿ ‘ਆਪ’ ਸਰਕਾਰ ਦੇ ਮਾੜੇ ਇਰਾਦਿਆਂ ਅਤੇ ਗੈਰ-ਤਜ਼ਰਬੇ ਨੂੰ ਉਜਾਗਰ ਕਰਦੀ ਹੈ।‌

- Advertisement -

ਬ੍ਰਹਮਪੁਰਾ ਨੇ ਪੰਜਾਬ ਦੇ ਨਾਗਰਿਕਾਂ ਨੂੰ ਅਜਿਹੇ ਦਮਨਕਾਰੀ ਕਦਮਾਂ ਵਿਰੁੱਧ ਇਕਜੁੱਟ ਹੋਣ ਅਤੇ ‘ਆਪ’ ਸਰਕਾਰ ਤੋਂ ਜਵਾਬਦੇਹੀ ਦੀ ਮੰਗ ਕਰਨ ਲਈ ਪ੍ਰੇਰਿਆ ਅਤੇ ਜਾਗਰੂਕ ਕੀਤਾ। ਉਨ੍ਹਾਂ ਪੰਜਾਬੀਆਂ ਦੇ ਹੱਕਾਂ ਅਤੇ ਭਲਾਈ ਲਈ ਕਦਮ ਚੁੱਕਣ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਇਆ ਅਤੇ ਆਮ ਆਦਮੀ ਵਲੋਂ ਨਾਜਾਇਜ਼ ਬੋਝ ਪਾਉਣ ਵਾਲੀਆਂ ਨੀਤੀਆਂ ਦਾ ਪਰਦਾਫਾਸ਼ ਅਤੇ ਜ਼ੋਰਦਾਰ ਅਲੋਚਨਾਂ ਕੀਤੀ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share this Article
Leave a comment