ਚੰਡੀਗੜ੍ਹ: ਮੰਤਰੀ ਮੰਡਲ ਨੇ ਪੰਜਾਬ ਵਿੱਚ ਅਨਾਜ ਦੀ ਢੋਆ-ਢੋਆਈ ਲਈ ‘ਦਾ ਪੰਜਾਬ ਫੂਡ ਗਰੇਨਜ਼ ਟਰਾਂਸਪੋਰਟੇਸ਼ਨ ਪਾਲਿਸੀ-2024’ ਨੂੰ ਪ੍ਰਵਾਨਗੀ ਦੇ ਦਿੱਤੀ। ਕਾਬਲੇਗੌਰ ਹੈ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਸਮੂਹ ਖਰੀਦ ਏਜੰਸੀਆਂ ਅਤੇ ਭਾਰਤੀ ਖੁਰਾਕ ਨਿਗਮ ਵੱਲੋਂ ਵੱਖ-ਵੱਖ ਨਾਮਜ਼ਦ ਕੇਂਦਰਾਂ/ਮੰਡੀਆਂ ਤੋਂ ਅਨਾਜ ਦੀ ਖਰੀਦ, ਭੰਡਾਰਨ ਅਤੇ ਸਾਂਭ-ਸੰਭਾਲ ਦਾ ਕੰਮ ਕੀਤਾ ਜਾਂਦਾ ਹੈ। ਇਸ ਨੀਤੀ ਅਨੁਸਾਰ ਸਾਲ 2024 ਦੌਰਾਨ ਅਨਾਜ ਦੀ ਢੋਆ-ਢੋਆਈ ਦਾ ਕੰਮ ਮੁਕਾਬਲਾਪੂਰਨ ਅਤੇ ਪਾਰਦਰਸ਼ੀ ਆਨਲਾਈਨ ਟੈਂਡਰ ਪ੍ਰਣਾਲੀ ਰਾਹੀਂ ਅਲਾਟ ਕੀਤੇ ਜਾਣਗੇ। ਮੰਤਰੀ ਮੰਡਲ ਨੇ ਸ਼ਹਿਰੀ ਹਵਾਬਾਜ਼ੀ ਵਿਭਾਗ ਦੀ ਸਾਲ 2022-23 ਦੀ ਸਾਲਨਾ ਪ੍ਰਬੰਧਕੀ ਰਿਪੋਰਟ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ।
ਮੰਤਰੀ ਮੰਡਲ ਨੇ 2 ਕਰੋੜ ਰੁਪਏ ਤੱਕ ਦਾ ਕਾਰੋਬਾਰ ਕਰਨ ਵਾਲੇ ਵਪਾਰੀਆਂ ਨੂੰ ਵੀ ਸਿਹਤ ਬੀਮਾ ਯੋਜਨਾ ਦਾ ਲਾਭ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ ਜਦਕਿ ਇਸ ਤੋਂ ਪਹਿਲਾਂ ਇਹ ਲਾਭ ਇਕ ਕਰੋੜ ਰੁਪਏ ਤੱਕ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਮਿਲਦਾ ਸੀ। ਇਸ ਫੈਸਲੇ ਨਾਲ ਸੂਬੇ ਦੇ ਇਕ ਲੱਖ ਵਪਾਰੀਆਂ ਨੂੰ ਲਾਭ ਮਿਲੇਗਾ ਜਿਸ ਨਾਲ ਉਨ੍ਹਾਂ ਨੂੰ ਇਸ ਯੋਜਨਾ ਤਹਿਤ ਇਨ੍ਹਾਂ ਵਪਾਰੀਆਂ ਨੂੰ 5 ਲੱਖ ਤੱਕ ਦਾ ਮੁਫ਼ਤ ਇਲਾਜ ਮਿਲੇਗਾ।
ਦੱਸਣਯੋਗ ਹੈ ਕਿ ‘ਸਰਕਾਰ-ਵਪਾਰ ਮਿਲਣੀ’ ਦੌਰਾਨ ਇਹ ਮੁੱਦਾ ਵਪਾਰੀਆਂ ਨੇ ਮੁੱਖ ਮੰਤਰੀ ਕੋਲ ਉਠਾਇਆ ਸੀ ਜਿਸ ਤੋਂ ਬਾਅਦ ਅੱਜ ਇਹ ਫੈਸਲਾ ਲਿਆ ਗਿਆ।
ਮੰਤਰੀ ਮੰਡਲ ਨੇ ਵੈਟ ਦੀ ਅਦਾਇਗੀ ਲਈ ਯਕਮੁਸ਼ਤ ਨਿਪਟਾਰਾ ਸਕੀਮ-2023 (ਓ.ਟੀ.ਐਸ.) ਦੀ ਮਿਆਦ 31 ਮਾਰਚ, 2024 ਤੋਂ ਵਧਾ ਕੇ 30 ਜੂਨ, 2024 ਕਰ ਦਿੱਤੀ ਹੈ। ਇਸ ਨਾਲ ਸੂਬੇ ਦੇ ਕਾਰੋਬਾਰੀਆਂ ਨੂੰ ਵੱਡੀ ਰਾਹਤ ਮਿਲੇਗੀ ਕਿਉਂ ਜੋ ਇਹ ਸਕੀਮ ਪਿਛਲੇ ਸਾਲ ਲਾਗੂ ਕੀਤੀ ਗਈ ਸੀ ਜਿਸ ਨੂੰ ਵਪਾਰੀਆਂ ਨੇ ਵੱਡਾ ਹੁੰਗਾਰਾ ਦਿੱਤਾ ਸੀ। ਇਸ ਸਕੀਮ ਤਹਿਤ ਵਪਾਰੀਆਂ ਪਾਸੋਂ 41814 ਅਰਜ਼ੀਆਂ ਰਾਹੀਂ 47.50 ਕਰੋੜ ਰੁਪਏ ਇਕੱਤਰ ਹੋਏ ਹਨ ਜਦਕਿ ਸਾਲ 2021 ਦੌਰਾਨ ਓ.ਟੀ.ਐਸ. ਰਾਹੀਂ ਸਿਰਫ਼ 4.37 ਕਰੋੜ ਰੁਪਏ ਇਕੱਤਰ ਹੋਏ ਸਨ ਅਤੇ ਓ.ਟੀ.ਐਸ.-2 ਰਾਹੀਂ ਮਹਿਜ਼ 4.93 ਕਰੋੜ ਰੁਪਏ ਇਕੱਠੇ ਹੋਏ ਸਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।