ਸ਼ਹਿਰੀ ਸਥਾਨਕ ਸਰਕਾਰਾਂ ਵਿੱਚ ਠੇਕੇ ਦੇ ਆਧਾਰ ‘ਤੇ ਕੰਮ ਕਰ ਰਹੇ ਸਫਾਈ ਸੇਵਕਾਂ ਅਤੇ ਸੀਵਰਮੈਨ ਦੀਆਂ ਸੇਵਾਵਾਂ ਰੈਗੂਲਰ ਕਰਨ ਦੀ ਪ੍ਰਵਾਨਗੀ
ਸੂਬਾ ਭਰ ਦੇ ਅਜਿਹੇ 4587 ਕਰਮਚਾਰੀਆਂ ਨੂੰ ਹੋਵੇਗਾ ਲਾਭ
ਪੰਜਾਬੀ ਭਾਸ਼ਾ ਨੂੰ ਪ੍ਰਫੁੱਲਤ ਕਰਨ ਲਈ ਮੰਤਰੀ ਮੰਡਲ ਨੇ ਚੁੱਕਿਆ ਅਹਿਮ ਕਦਮ
ਚੰਡੀਗੜ੍ਹ : ਪੰਜਾਬ ਮੰਤਰੀ ਮੰਡਲ ਨੇ 18 ਜੂਨ, 2021 ਦੀ ਕੈਬਨਿਟ ਦੇ ਫੈਸਲੇ ਤੋਂ ਪਹਿਲਾਂ ਸ਼ਹਿਰੀ ਸਥਾਨਕ ਸਰਕਾਰਾਂ (ਯੂ.ਐਲ.ਬੀ.) ਵਿੱਚ ਠੇਕੇ ਦੇ ਆਧਾਰ ‘ਤੇ ਕੰਮ ਕਰਦੇ ਸਫਾਈ ਸੇਵਕਾਂ ਅਤੇ ਸੀਵਰਮੈਨਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਫੈਸਲੇ ਨਾਲ 4587 ਕਰਮਚਾਰੀਆਂ ਨੂੰ ਲਾਭ ਹੋਵੇਗਾ ਜਿਸ ਨਾਲ ਉਨ੍ਹਾਂ ਦੇ ਪਰਿਵਾਰਾਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਜਾ ਸਕੇਗਾ।
ਦੱਸਣਯੋਗ ਹੈ ਕਿ ਇਨ੍ਹਾਂ ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਨਿਯਮਤ ਕਰਨ ਨਾਲ, ਪਰਖਕਾਲ ਸਮੇਂ ਦੇ ਪਹਿਲੇ ਤਿੰਨ ਸਾਲਾਂ ਦੌਰਾਨ 46 ਕਰੋੜ ਰੁਪਏ ਦਾ ਵਾਧੂ ਸਾਲਾਨਾ ਵਿੱਤੀ ਬੋਝ ਪਵੇਗਾ। ਪਰਖਕਾਲ ਸਮੇਂ ਤੋਂ ਬਾਅਦ ਸਾਲਾਨਾ ਵਾਧਾ ਅਤੇ ਹੋਰ ਭੱਤੇ ਦਿੱਤੇ ਜਾਣਗੇ। ਇਹ ਵਾਧੂ ਵਿੱਤੀ ਬੋਝ ਸ਼ਹਿਰੀ ਸਥਾਨਕ ਸੰਸਥਾਵਾਂ ਦੁਆਰਾ ਸਹਿਣ ਕੀਤਾ ਜਾਵੇਗਾ।
ਸਾਰੇ ਵਿਭਾਗਾਂ ਸਮੇਤ ਬੋਰਡਾਂ, ਕਾਰਪੋਰੇਸ਼ਨਾਂ, ਅਥਾਰਟੀਆਂ, ਅਰਧ ਸਰਕਾਰੀ ਅਦਾਰਿਆਂ ਨੂੰ ਸਿੱਧੀ ਭਰਤੀ ਲਈ ਪੰਜਾਬੀ ਭਾਸ਼ਾ ਦੀ ਯੋਗਤਾ ਲਾਜ਼ਮੀ ਬਣਾਉਣ ਲਈ ਸੇਵਾ ਨਿਯਮਾਂ ਵਿੱਚ ਸੋਧ ਕਰਨ ਦੇ ਆਦੇਸ਼
ਸੂਬਾ ਭਰ ਵਿੱਚ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਤ ਕਰਨ ਲਈ ਮੰਤਰੀ ਮੰਡਲ ਨੇ ਸਾਰੇ ਵਿਭਾਗਾਂ ਦੇ ਨਾਲ-ਨਾਲ ਬੋਰਡਾਂ, ਕਾਰਪੋਰੇਸ਼ਨਾਂ, ਕਮਿਸ਼ਨਾਂ, ਅਥਾਰਟੀਆਂ, ਅਰਧ ਸਰਕਾਰੀ ਅਦਾਰਿਆਂ (ਪੈਰਾਸਟੈਟਲ) ਆਦਿ ਵਿੱਚ ਸਿੱਧੀ ਭਰਤੀ ਲਈ ਪੰਜਾਬੀ ਭਾਸ਼ਾ ਦੀ ਲੋੜੀਂਦੀ ਯੋਗਤਾ ਨੂੰ ਲਾਗੂ ਕਰਨ ਦਾ ਫੈਸਲਾ ਕੀਤਾ ਹੈ। ਮੰਤਰੀ ਮੰਡਲ ਨੇ ਸਾਰੇ ਵਿਭਾਗਾਂ, ਬੋਰਡਾਂ, ਕਾਰਪੋਰੇਸ਼ਨਾਂ, ਅਥਾਰਟੀਆਂ, ਅਰਧ ਸਰਕਾਰੀ ਅਦਾਰਿਆਂ ਆਦਿ ਨੂੰ ਤੁਰੰਤ ਆਪਣੇ ਸੇਵਾ ਨਿਯਮਾਂ ਵਿੱਚ ਸੋਧ ਕਰਨ ਦੇ ਆਦੇਸ਼ ਦਿੱਤੇ ਗਏ ਹਨ ਤਾਂ ਜੋ ਪੰਜਾਬ ਸਿਵਲ ਸੇਵਾਵਾਂ (ਸੇਵਾ ਦੀਆਂ ਆਮ ਅਤੇ ਸਾਂਝੀਆਂ ਸ਼ਰਤਾਂ) ਨਿਯਮ-1994 ਦੀ ਧਾਰਾ 17 ਅਧੀਨ ਪੰਜਾਬੀ ਭਾਸ਼ਾ ਦੇ ਗਿਆਨ ਦੀ ਵਿਵਸਥਾ ਨੂੰ ਲਾਜ਼ਮੀ ਬਣਾਇਆ ਜਾ ਸਕੇ।