ਚੰਡੀਗੜ੍ਹ: ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਅੱਜ ਦੁਪਹਿਰ 12 ਵਜੇ ਚੰਡੀਗੜ੍ਹ ਵਿੱਚ ਹੋਵੇਗੀ। ਮੀਟਿੰਗ ਵਿੱਚ ਕੈਦੀਆਂ ਦੀ ਛੇਤੀ ਰਿਹਾਈ ਅਤੇ ਨਵੀਂ ਮਾਈਨਿੰਗ ਨੀਤੀ ਦੇ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ ਜਾ ਸਕਦੀ ਹੈ। ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਚਾਰ ਮਹੀਨਿਆਂ ਬਾਅਦ ਅੱਜ ਹੋਣ ਜਾ ਰਹੀ ਹੈ। ਸੂਬੇ ਨੂੰ ਕਰਜ਼ੇ ਤੋਂ ਉਭਰਨ ਲਈ ਵਿੱਤੀ ਸਲਾਹਕਾਰਾਂ ਦੀ ਰਿਪੋਰਟ ਵੀ ਮੀਟਿੰਗ ਵਿੱਚ ਰੱਖੀ ਜਾ ਸਕਦੀ ਹੈ ਅਤੇ ਮਾਲੀਆ ਵਧਾਉਣ ਸਬੰਧੀ ਅਹਿਮ ਫੈਸਲੇ ਲਏ ਜਾ ਸਕਦੇ ਹਨ।
ਇਸ ‘ਚ ਕਰੀਬ 65 ਏਜੰਡਿਆਂ ‘ਤੇ ਫ਼ੈਸਲੇ ਲਏ ਜਾਣਗੇ। ਜਿਸ ਵਿੱਚ ਅਹਿਮ ਸਕੀਮਾਂ ਅਤੇ ਪ੍ਰਾਜੈਕਟਾਂ ਨੂੰ ਹਰੀ ਝੰਡੀ ਮਿਲਣ ਦੀ ਵੀ ਸੰਭਾਵਨਾ ਹੈ। ਇਸ ਦੌਰਾਨ ਖੂਨ ਦੇ ਰਿਸ਼ਤਿਆਂ ਵਿੱਚ ਜਾਇਦਾਦ ਦੇ ਤਬਾਦਲੇ ‘ਤੇ 2.5% ਤੱਕ ਸਟੈਂਪ ਡਿਊਟੀ ਲਗਾਉਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਮਿਲਣ ਦੀ ਸੰਭਾਵਨਾ ਹੈ। ਸਰਕਾਰ ਨੇ ਇਹ ਪ੍ਰਸਤਾਵ ਸੂਬੇ ਦੀ ਵਿੱਤੀ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਤਿਆਰ ਕੀਤਾ ਹੈ।ਦੱਸ ਦੇਈਏ ਕਿ ਇਹ ਸਟੈਂਪ ਡਿਊਟੀ ਅਕਾਲੀ-ਭਾਜਪਾ ਸਰਕਾਰ ਸਮੇਂ ਖਤਮ ਕਰ ਦਿੱਤੀ ਗਈ ਸੀ।
ਇਸੇ ਤਰ੍ਹਾਂ ਲੋਕਾਂ ’ਤੇ ਨਵੇਂ ਬੋਝ ਪੈਣ ਦਾ ਵੀ ਅਨੁਮਾਨ ਹੈ। ਇਸ ਤੋਂ ਪਹਿਲਾਂ ਪਿਛਲੇ ਸਾਲ ਪੰਜ ਅਕਤੂਬਰ ਨੂੰ ਕੈਬਨਿਟ ਮੀਟਿੰਗ ਹੋਈ ਸੀ ਜਿਸ ਕਰਕੇ ਵੱਡੀ ਗਿਣਤੀ ਵਿਚ ਏਜੰਡੇ ਪੇਸ਼ ਹੋਣਗੇ। ਇਸ ਤੋਂ ਇਲਾਵਾ, ਜੇਲ੍ਹ ਵਿਭਾਗ, ਰਿਹਾਇਸ਼ ਵਿਭਾਗ, ਸਿਹਤ ਵਿਭਾਗ ਅਤੇ ਕੁਝ ਨਗਰ ਨਿਗਮਾਂ ਨਾਲ ਸਬੰਧਤ ਏਜੰਡੇ ਸ਼ਾਮਲ ਕੀਤੇ ਜਾਣਗੇ। ਮੀਟਿੰਗ ਵਿੱਚ ਅਮਰੀਕਾ ਤੋਂ ਡਿਪੋਰਟ ਕੀਤੇ ਗਏ ਪੰਜਾਬੀ ਨੌਜਵਾਨਾਂ ਦੇ ਮੁੱਦੇ ‘ਤੇ ਚਰਚਾ ਹੋਣ ਦੀ ਉਮੀਦ ਹੈ।
ਦਿੱਲੀ ਦੇ ਨਤੀਜਿਆਂ ਤੋਂ ਬਾਅਦ ਸਰਕਾਰ ਬੈਠਕ ‘ਚ ਹੋਰ ਅਹਿਮ ਪ੍ਰਸਤਾਵ ਵੀ ਲਿਆ ਸਕਦੀ ਹੈ। ਸਰਕਾਰ ਨੇ ਔਰਤਾਂ ਨੂੰ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦੀ ਗਰੰਟੀ ਅਜੇ ਤੱਕ ਪੂਰੀ ਨਹੀਂ ਕੀਤੀ ਹੈ। ਸੀਐਮ ਮਾਨ ਨੇ ਵੀ ਦਿੱਲੀ ਵਿੱਚ ਮੀਟਿੰਗ ਤੋਂ ਬਾਅਦ ਕਿਹਾ ਸੀ ਕਿ ਇਹ ਗਰੰਟੀ ਵੀ ਜਲਦੀ ਹੀ ਪੂਰੀ ਕਰ ਦਿੱਤੀ ਜਾਵੇਗੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।