ਕੈਨੇਡਾ ’ਚ ਪੰਜਾਬੀ ਨੌਜਵਾਨਾਂ ’ਤੇ ਵੱਡਾ ਐਕਸ਼ਨ, 4 ਨੂੰ ਦਿੱਤਾ ਦੇਸ਼ ਨਿਕਾਲਾ, 111 ਲੋਕਾਂ ਦੀ ਲਿਸਟ ਜਾਰੀ

Global Team
3 Min Read

ਨਿਊਜ਼ ਡੈਸਕ: ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ (CBSA) ਨੇ ਪੰਜਾਬ ਨਾਲ ਸਬੰਧਤ ਚਾਰ ਭਾਰਤੀ ਨੌਜਵਾਨਾਂ ਨੂੰ ਕੈਨੇਡਾ ਤੋਂ ਡਿਪੋਰਟ ਕਰ ਦਿੱਤਾ ਹੈ। ਏਜੰਸੀ ਮੁਤਾਬਕ ਪਲਵਿੰਦਰ ਸਿੰਘ, ਜਸਮੇਰ ਸਿੰਘ, ਅਮਿਤੋਜ਼ ਬਾਜਵਾ ਅਤੇ ਸਾਹਿਬਜੋਤ ਸਿੰਘ ਨੂੰ ਜ਼ਬਰਦਸਤੀ ਉਗਰਾਹੀ, ਗੋਲੀਬਾਰੀ ਅਤੇ ਸੰਗਠਿਤ ਅਪਰਾਧਿਕ ਗਤੀਵਿਧੀਆਂ ਨਾਲ ਜੁੜੇ ਮਾਮਲਿਆਂ ਕਾਰਨ ਇਮੀਗ੍ਰੇਸ਼ਨ ਐਂਡ ਰਿਫਿਊਜੀ ਪ੍ਰੋਟੈਕਸ਼ਨ ਐਕਟ (IRPA) ਤਹਿਤ ਕੈਨੇਡਾ ਵਿੱਚ ਰਹਿਣ ਲਈ ਅਯੋਗ ਪਾਇਆ ਗਿਆ ਸੀ।

IRB ਦੇ ਹੁਕਮ ਤੋਂ ਬਾਅਦ ਹੋਈ ਕਾਰਵਾਈ

CBSA ਅਨੁਸਾਰ ਇਨ੍ਹਾਂ ਚਾਰਾਂ ਦੇ ਮਾਮਲੇ ਵਿੱਚ ਗੰਭੀਰ ਅਪਰਾਧਾਂ ਅਤੇ ਅਪਰਾਧਿਕ ਸੰਗਠਨਾਂ ਨਾਲ ਸਬੰਧਾਂ ਦੇ ਦੋਸ਼ ਸਨ। ਇਨ੍ਹਾਂ ਖ਼ਿਲਾਫ਼ ਜ਼ਬਰਦਸਤੀ ਉਗਰਾਹੀ, ਗੋਲੀਬਾਰੀ ਅਤੇ ਹਿੰਸਕ ਘਟਨਾਵਾਂ ਨਾਲ ਸਬੰਧਤ ਮਾਮਲੇ ਦਰਜ ਸਨ। ਇਮੀਗ੍ਰੇਸ਼ਨ ਐਂਡ ਰਿਫਿਊਜੀ ਬੋਰਡ ਆਫ ਕੈਨੇਡਾ (IRB) ਦੇ ਹੁਕਮਾਂ ਤੋਂ ਬਾਅਦ ਇਨ੍ਹਾਂ ਨੂੰ ਦੇਸ਼ ਤੋਂ ਬਾਹਰ ਭੇਜਿਆ ਗਿਆ।

CBSA ਨੇ ਦੱਸਿਆ ਕਿ ਇਸ ਸਾਲ ਦੇ ਪਿਛਲੇ ਮਹੀਨਿਆਂ ਦੌਰਾਨ ਫਿਰੌਤੀ ਅਤੇ ਗੋਲੀਬਾਰੀ ਨਾਲ ਜੁੜੇ ਮਾਮਲਿਆਂ ਵਿੱਚ 111 ਸ਼ੱਕੀਆਂ ਨੂੰ ਕੈਨੇਡਾ ਤੋਂ ਡਿਪੋਰਟ ਕੀਤਾ ਗਿਆ ਹੈ। ਏਜੰਸੀ ਮੁਤਾਬਕ ਹੋਰ ਕਈ ਵਿਅਕਤੀਆਂ ਖ਼ਿਲਾਫ਼ ਵੀ ਕਾਰਵਾਈ ਜਾਰੀ ਹੈ।

CBSA ਦੀ ਪ੍ਰਧਾਨ ਐਰਿਨ ਓ’ਗੋਰਮਨ ਨੇ ਸੋਮਵਾਰ ਨੂੰ ਜਾਰੀ ਬਿਆਨ ਵਿੱਚ ਕਿਹਾ ਕਿ ਏਜੰਸੀ ਇਮੀਗ੍ਰੇਸ਼ਨ ਅਤੇ ਰਿਫਿਊਜੀ ਪ੍ਰੋਟੈਕਸ਼ਨ ਕਾਨੂੰਨ ਤਹਿਤ ਅਯੋਗ ਠਹਿਰਾਏ ਗਏ ਵਿਅਕਤੀਆਂ ਨੂੰ ਉਨ੍ਹਾਂ ਦੇ ਦੇਸ਼ ਵਾਪਸ ਭੇਜਣ ਲਈ ਕੰਮ ਕਰ ਰਹੀ ਹੈ।

ਏਜੰਸੀ ਨੇ ਡਿਪੋਰਟ ਕੀਤੇ ਗਏ ਸਾਰੇ ਲੋਕਾਂ ਦੀ ਕੌਮੀਅਤ ਜਨਤਕ ਨਹੀਂ ਕੀਤੀ। ਹਾਲਾਂਕਿ, ਸੂਤਰਾਂ ਅਨੁਸਾਰ ਇਨ੍ਹਾਂ 111 ਵਿਅਕਤੀਆਂ ਵਿੱਚੋਂ ਸਿਰਫ਼ 7 ਲੋਕਾਂ ਦੀ ਨਾਗਰਿਕਤਾ ਭਾਰਤ ਤੋਂ ਇਲਾਵਾ ਕਿਸੇ ਹੋਰ ਦੇਸ਼ ਨਾਲ ਸਬੰਧਤ ਸੀ। CBSA ਮੁਤਾਬਕ ਇਨ੍ਹਾਂ ਵਿੱਚੋਂ ਜ਼ਿਆਦਾਤਰ ਵਿਅਕਤੀ ਬ੍ਰਿਟਿਸ਼ ਕੋਲੰਬੀਆ ਅਤੇ ਓਨਟਾਰੀਓ ਸੂਬਿਆਂ ਨਾਲ ਸਬੰਧਤ ਸਨ।

2025 ਵਿੱਚ 23 ਹਜ਼ਾਰ ਤੋਂ ਵੱਧ ਲੋਕ ਡਿਪੋਰਟ

ਏਜੰਸੀ ਨੇ ਦੱਸਿਆ ਕਿ ਸਾਲ 2025 ਦੌਰਾਨ ਕੁੱਲ 23,160 ਲੋਕਾਂ ਨੂੰ ਕੈਨੇਡਾ ਤੋਂ ਉਨ੍ਹਾਂ ਦੇ ਪਿੱਤਰੀ ਦੇਸ਼ ਵਾਪਸ ਭੇਜਿਆ ਗਿਆ ਸੀ। ਇਨ੍ਹਾਂ ਵਿੱਚੋਂ 1,010 ਲੋਕ ਗੰਭੀਰ ਅਪਰਾਧਿਕ ਮਾਮਲਿਆਂ ਨਾਲ ਸਬੰਧਤ ਸਨ।

CBSA ਨੇ ਇਹ ਵੀ ਦੱਸਿਆ ਕਿ ਪਹਿਲਾਂ ਏਜੰਸੀ ਕੋਲ 530 ਅਧਿਕਾਰੀ ਸਨ। ਹੁਣ ਕੇਂਦਰ ਸਰਕਾਰ ਵੱਲੋਂ ਬਜਟ ਵਧਾਏ ਜਾਣ ਤੋਂ ਬਾਅਦ 1,000 ਹੋਰ ਅਧਿਕਾਰੀਆਂ ਦੀ ਭਰਤੀ ਕੀਤੀ ਜਾ ਰਹੀ ਹੈ। ਏਜੰਸੀ ਦਾ ਕਹਿਣਾ ਹੈ ਕਿ ਅਧਿਕਾਰੀਆਂ ਦੀ ਕਮੀ ਕਾਰਨ ਪਹਿਲਾਂ ਕੁਝ ਵਿਦੇਸ਼ੀ ਨਾਗਰਿਕਾਂ ਖ਼ਿਲਾਫ਼ ਕਾਰਵਾਈ ਵਿੱਚ ਮੁਸ਼ਕਲਾਂ ਆਉਂਦੀਆਂ ਸਨ, ਪਰ ਹੁਣ ਇਸ ਸਮਰੱਥਾ ਨੂੰ ਵਧਾਇਆ ਜਾ ਰਿਹਾ ਹੈ।

ਸਰਕਾਰ ਨੇ ਫਿਰੌਤੀ ਗਤੀਵਿਧੀਆਂ ’ਤੇ ਜਤਾਈ ਚਿੰਤਾ

ਫੈਡਰਲ ਲੋਕ ਸੁਰੱਖਿਆ ਮੰਤਰੀ ਗੈਰੀ ਅਨੰਦਾਸੰਗਰੀ ਨੇ ਕਿਹਾ ਕਿ ਸਰਕਾਰ ਦੱਖਣੀ ਏਸ਼ਿਆਈ ਮੂਲ ਦੇ ਲੋਕਾਂ ਨਾਲ ਜੁੜੀਆਂ ਫਿਰੌਤੀ ਦੀਆਂ ਗਤੀਵਿਧੀਆਂ ਨਾਲ ਨਜਿੱਠਣ ਲਈ ਗੰਭੀਰਤਾ ਨਾਲ ਕੰਮ ਕਰ ਰਹੀ ਹੈ।

ਮੰਤਰੀ ਨੇ ਕਿਸੇ ਖ਼ਾਸ ਦੇਸ਼ ਦਾ ਨਾਮ ਲਏ ਬਿਨਾਂ ਕਿਹਾ ਕਿ ਜਾਂਚ ਦੌਰਾਨ ਇਹ ਵੀ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਕਿਤੇ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਲੋਕ ਕਿਸੇ ਵੱਡੀ ਤਾਕਤ ਦੇ ਇਸ਼ਾਰੇ ’ਤੇ ਕੈਨੇਡਾ ਵਿੱਚ ਅਸ਼ਾਂਤੀ ਪੈਦਾ ਕਰਨ ਲਈ ਤਾਂ ਕੰਮ ਨਹੀਂ ਕਰ ਰਹੇ।

Share This Article
Leave a Comment