ਕੈਨੇਡਾ ਨੇ 700 ਵਿਦਿਆਰਥੀਆਂ ਦੀ ਵਤਨ ਵਾਪਸੀ ਆਰਜ਼ੀ ’ਤੇ ਲਗਾਈ ਰੋਕ

Rajneet Kaur
3 Min Read

ਨਿਊਜ਼ ਡੈਸਕ: ਕੈਨੇਡੀਅਨ ਬਾਰਡਰ ਸਕਿਓਰਿਟੀ ਏਜੰਸੀ (CBSA) ਨੇ 700 ਤੋਂ ਵੱਧ ਭਾਰਤੀ ਵਿਦਿਆਰਥੀਆਂ ਨੂੰ ਡਿਪੋਰਟ ਕਰਨ ਦੇ ਨੋਟਿਸ ਜਾਰੀ ਕੀਤੇ ਹਨ। ਇਨ੍ਹਾਂ ਵਿਦਿਆਰਥੀਆਂ ਦੇ ਵਿਦਿਅਕ ਅਦਾਰਿਆਂ ‘ਚ ਦਾਖ਼ਲੇ ਸਬੰਧੀ ਆਫਰ ਲੈਟਰ ਫਰਜ਼ੀ ਪਾਏ ਗਏ ਸਨ।  ਵਿਦਿਆਰਥੀਆਂ ਦੇ ਹੱਕ ‘ਚ ਭਾਰਤੀ ਵਿਦਿਆਰਥੀਆਂ ਵਲੋਂ ਕੈਨੇਡਾ ‘ਚ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਜਿਸ ਤੋਂ ਬਾਅਦ ਦੇਸ਼ ਨਿਕਾਲੇ ਦਾ ਸਾਹਮਣਾ ਕਰ ਰਹੇ 700 ਭਾਰਤੀ ਵਿਦਿਆਰਥੀਆਂ ਨੂੰ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਭਰੋਸਾ ਦਿਵਾਉਂਦਿਆਂ  ਕਿਹਾ ਕਿ ਉਹ ਹਰੇਕ ਮਾਮਲੇ ਦਾ ਮੁਲਾਂਕਣ ਕਰਨਗੇ ਅਤੇ ਧੋਖਾਧੜੀ ਦੇ ਪੀੜਿਤਾਂ ਨੂੰ ਆਪਣੀ ਸਥਿਤੀ ਸਪੱਸ਼ਟ ਕਰਨ ਦਾ ਮੌਕਾ ਮਿਲੇਗਾ।ਫਿਲਹਾਲ ਕੈਨੇਡਾ ਦੀ ਸਰਕਾਰ ਨੇ ਡਿਪੋਰਟ ‘ਤੇ ਅਗਲੇ ਹੁਕਮਾਂ ਤੱਕ ਰੋਕ ਲਾ ਦਿਤੀ ਹੈ।

ਦਸ ਦਈਏ ਕਿ ਕੈਨੇਡੀਅਨ ਅਧਿਕਾਰੀਆਂ ਵੱਲੋਂ ਲਵਪ੍ਰੀਤ ਸਿੰਘ ਨੂੰ ਦੇਸ਼ ਤੋਂ ਬਾਹਰ ਕੱਢਣ ਦੀ ਪ੍ਰਕਿਰਿਆ ਸ਼ੁਰੂ ਕਰਨ ਤੋਂ ਬਾਅਦ 5 ਜੂਨ ਨੂੰ ਟੋਰਾਂਟੋ ਵਿੱਚ ਵਿਰੋਧ ਪ੍ਰਦਰਸ਼ਨ ਸ਼ੁਰੂ ਹੋ ਗਏ ਸਨ। ਇਸ ਤੋਂ ਪਹਿਲਾਂ ਕੈਨੇਡੀਅਨ ਬਾਰਡਰ ਸਰਵਿਸਿਜ਼ ਏਜੰਸੀ (ਸੀਬੀਐਸਏ) ਨੇ ਸਿੰਘ ਨੂੰ 13 ਜੂਨ ਤੱਕ ਦੇਸ਼ ਛੱਡਣ ਦਾ ਨਿਰਦੇਸ਼ ਦਿੱਤਾ ਸੀ।ਕੈਨੇਡੀਅਨ ਅਧਿਕਾਰੀਆਂ ਨੇ ਪਾਇਆ ਸੀ ਕਿ ਲਵਪ੍ਰੀਤ ਸਿੰਘ 6 ਸਾਲ ਪਹਿਲਾਂ ਸਟੱਡੀ ਪਰਮਿਟ ’ਤੇ ਜਿਸ ਆਫਰ ਲੈਟਰ ਦੇ ਆਧਾਰ ‘ਤੇ ਕੈਨੇਡਾ ਵਿੱਚ ਦਾਖ਼ਲ ਹੋਇਆ ਸੀ, ਉਹ ਜਾਅਲੀ ਸਨ।  ਲਵਪ੍ਰੀਤ ਸਿੰਘ ਉਨ੍ਹਾਂ 700 ਭਾਰਤੀ ਵਿਦਿਆਰਥੀਆਂ ਵਿੱਚੋਂ ਸਨ ਜਿਨ੍ਹਾਂ ਨੂੰ ਕੈਨੇਡੀਅਨ ਅਧਿਕਾਰੀਆਂ ਨੇ ਜਾਅਲੀ ਦਸਤਾਵੇਜ਼ਾਂ ਕਾਰਨ ਦੇਸ਼ ਨਿਕਾਲੇ ਦੇ ਨੋਟਿਸ ਜਾਰੀ ਕੀਤੇ ਸਨ।

ਕੈਨੇਡਾ ਦੀ ਸਰਕਾਰ ਨੇ ‘ਆਪ’ ਦੇ ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਦੀ ਬੇਨਤੀ ’ਤੇ 700 ਭਾਰਤੀ ਵਿਦਿਆਰਥੀਆਂ ਦੀ ਵਤਨ ਵਾਪਸੀ ’ਤੇ ਆਰਜ਼ੀ ਰੋਕ ਲਾਉਣ ਦਾ ਫੈਸਲਾ ਕੀਤਾ ਹੈ। ਸਾਹਨੀ ਵਿਸ਼ਵ ਪੰਜਾਬੀ ਸੰਸਥਾ ਦੇ ਅੰਤਰਰਾਸ਼ਟਰੀ ਪ੍ਰਧਾਨ ਵੀ ਹਨ। ਉਨ੍ਹਾਂ ਕਿਹਾ ਕਿ ਕੈਨੇਡਾ ਸਰਕਾਰ ਨੇ ਉਨ੍ਹਾਂ ਦੀ ਬੇਨਤੀ ਤੋਂ ਬਾਅਦ ਅਤੇ ਭਾਰਤੀ ਹਾਈ ਕਮਿਸ਼ਨ ਦੀ ਮਦਦ ਨਾਲ ਇਹ ਫੈਸਲਾ ਲਿਆ ਹੈ। ਉਨ੍ਹਾਂ ਦੱਸਿਆ ਕਿ ਭਾਰਤੀ ਹਾਈ ਕਮਿਸ਼ਨ ਦੇ ਸਹਿਯੋਗ ਤੇ ਉਨ੍ਹਾਂ (ਸਾਹਨੀ) ਦੀ ਗੁਜ਼ਾਰਿਸ਼ ’ਤੇ ਕੈਨੇਡੀਅਨ ਸਰਕਾਰ ਨੇ 700 ਵਿਦਿਆਰਥੀਆਂ ਦੀ ਭਾਰਤ ਵਾਪਸੀ ’ਤੇ ਆਰਜ਼ੀ ਰੋਕ ਲਗਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕੈਨੇਡੀਅਨ ਸਰਕਾਰ ਦੇ ਧਿਆਨ ’ਚ ਲਿਆਂਦਾ ਗਿਆ ਕਿ ਇਨ੍ਹਾਂ ਵਿਦਿਆਰਥੀ ਨੇ ਕੋਈ ਧੋਖਾਧੜੀ ਨਹੀਂ ਕੀਤੀ ਹੈ। ਇਨ੍ਹਾਂ ਵਿਦਿਆਰਥੀਆਂ ਨਾਲ ਅਣਅਧਿਕਾਰਤ ਇਮੀਗ੍ਰੇਸ਼ਨ ਏਜੰਟਾਂ ਨੇ ਧੋਖਾ ਕੀਤਾ ਹੈ ਤੇ ਵਿਦਿਅਕ ਸੰਸਥਾਵਾਂ ਵਿੱਚ ਦਾਖਲਿਆਂ ਸਬੰਧੀ ਜਾਅਲੀ ਪੱਤਰ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਜਾਂਚ ਲਈ ਕਮੇਟੀ ਵੀ ਬਣਾਈ ਜਾਏਗੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment