ਟੋਰਾਂਟੋ : ਕੈਨੇਡਾ ਨੇ ਪੇਰੈਂਟਸ ਐਂਡ ਗਰੈਂਡ ਪੇਰੈਂਟਸ ਨੂੰ ਸਪੌਂਸਰ ਕਰਨ ਵਾਲੀਆਂ ਅਰਜ਼ੀਆਂ ’ਤੇ ਰੋਕ ਲਾ ਦਿਤੀ ਗਈ ਹੈ ਜੋ ਅਗਲੇ ਹੁਕਮਾਂ ਤੱਕ ਜਾਰੀ ਰਹੇਗੀ। ਮਾਪਿਆਂ, ਦਾਦਾ-ਦਾਦੀਆਂ ਜਾਂ ਨਾਨ-ਨਾਨੀਆਂ ਨੂੰ ਸਪੌਂਸਰ ਕਰਨ ਵਾਲੀ ਯੋਜਨਾ ਅਧੀਨ ਸਾਲ 2024 ਦੌਰਾਨ 35,700 ਬਿਨੈਕਾਰਾਂ ਨੂੰ ਅਰਜ਼ੀ ਦਾਖਲ ਕਰਨ ਦਾ ਸੱਦਾ ਦਿਤਾ ਗਿਆ ਜਿਨ੍ਹਾਂ ਵਿਚੋਂ 20,500 ਅਰਜ਼ੀਆਂ ਪ੍ਰਵਾਨ ਕੀਤੀਆਂ ਜਾਣੀਆਂ ਸਨ।
ਹਾਊਸ ਆਫ਼ ਕਾਮਨਜ਼ ਵਿਚ ਇੰਮੀਗ੍ਰੇਸ਼ਨ ਬਾਰੇ ਪੇਸ਼ ਸਾਲਾਨਾ ਰਿਪੋਰਟ ਮੁਤਾਬਕ 2023 ਦੇ ਅੰਤ ਤੱਕ ਪੇਰੈਂਟਸ ਐਂਡ ਗਰੈਂਡਪੇਰੈਂਟਸ ਨੂੰ ਪੀ.ਆਰ. ਵਾਲੀ ਸ਼੍ਰੇਣੀ ਅਧੀਨ 40 ਹਜ਼ਾਰ ਤੋਂ ਵੱਧ ਸਪੌਂਸਰਸ਼ਿਪ ਅਰਜ਼ੀਆਂ ਵਿਚਾਰ ਅਧੀਨ ਸਨ। ਰਿਪੋਰਟ ਕਹਿੰਦੀ ਹੈ ਕਿ ਸਪੌਂਸਰਸ਼ਿਪ ਐਪਲੀਕੇਸ਼ਨ ਦਾ ਔਸਤ ਪ੍ਰੋਸੈਸਿੰਗ ਸਮਾਂ 24 ਮਹੀਨੇ ਹੁੰਦਾ ਹੈ ਅਤੇ ਅਜਿਹੇ ਵਿਚ ਬੈਕਲਾਗ ਬਹੁਤ ਜ਼ਿਆਦਾ ਵਧ ਸਕਦਾ ਹੈ।
ਇੰਮੀਗ੍ਰੇਸ਼ਨ ਮੰਤਰਾਲੇ ਵੱਲੋਂ ਜਾਰੀ ਤਾਜ਼ਾ ਹਦਾਇਤਾਂ ਮੁਤਾਬਕ ਸਾਲ 2024 ਵਿਚ ਆਈਆਂ ਅਰਜ਼ੀਆਂ ਵਿਚੋਂ ਵੱਧ ਤੋਂ ਵੱਧ 15 ਹਜ਼ਾਰ ਦਾ ਨਿਪਟਾਰਾ ਕੀਤਾ ਜਾ ਸਕੇਗਾ। ਉੱਥੇ ਹੀਆਪਣੇ ਪੇਰੈਂਟਸ ਜਾਂ ਗਰੈਂਡ ਪੇਰੈਂਟਸ ਨੂੰ ਕੈਨੇਡਾ ਸੱਦਣ ਦੇ ਇੱਛਕ ਪ੍ਰਵਾਸੀਆਂ ਨੂੰ ਸੁਝਾਅ ਦਿਤਾ ਗਿਆ ਹੈ ਕਿ ਉਹ ਸੁਪਰ ਵੀਜ਼ਾ ਦੀ ਸ਼੍ਰੇਣੀ ਵੱਲ ਜਾ ਸਕਦੇ ਹਨ ਜਿਸ ਰਾਹੀਂ ਪੰਜ ਸਾਲ ਤੱਕ ਕੈਨੇਡਾ ‘ਚ ਰੁਕਿਆਕੀਤਾ ਜਾ ਸਕਦਾ ਹੈ ਅਤੇ ਦੋ ਸਾਲ ਦਾ ਹੋਰ ਵਾਧਾ ਵੀ ਕਰਵਾਇਆ ਜਾ ਸਕਦਾ ਹੈ।
ਦੱਸਣਯੋਗ ਹੈ ਕਿ ਕੈਨੇਡਾ ਸਰਕਾਰ ਵੱਲੋਂ 2024 ਦੌਰਾਨ ਇਕ ਮਗਰੋਂ ਇਕ ਇੰਮੀਗ੍ਰੇਸ਼ਨ ਬੰਦਿਸ਼ਾਂ ਦਾ ਐਲਾਨ ਕੀਤਾ ਗਿਆ। ਸਭ ਤੋਂ ਪਹਿਲਾਂ ਕੌਮਾਂਤਰੀ ਵਿਦਿਆਰਥੀਆਂ ਦੀ ਗਿਣਤੀ ਵਿਚ ਕਟੌਤੀ ਕਰਦਿਆਂ ਸਟੱਡੀ ਵੀਜ਼ਾ ਜਾਰੀ ਕਰਨ ਦੀ ਦਰ 35 ਫੀ ਸਦੀ ਘਟਾ ਦਿਤੀ ਗਈ। ਭਾਰਤ ਸਣੇ 14 ਮੁਲਕਾਂ ਵਾਸਤੇ ਚਲਾਈ ਜਾ ਰਹੀ ਸਟੂਡੈਂਟਸ ਡਾਇਰੈਕਟ ਸਟ੍ਰੀਮ ਵੀ ਬੰਦ ਹੋ ਚੁੱਕੀ ਹੈ ਜਿਸ ਰਾਹੀਂ ਸਟੱਡੀ ਵੀਜ਼ਾ ਦੀ ਪ੍ਰੋਸੈਸਿੰਗ ਵਿਚ ਬਹੁਤ ਘੱਟ ਸਮਾਂ ਲਗਦਾ ਸੀ ਪਰ ਇਸ ਦੇ ਨਾਲ ਹੀ 20,635 ਡਾਲਰ ਦੀ ਜੀ.ਆਈ.ਸੀ. ਅਤੇ ਪੂਰੇ ਸਾਲ ਦੀ ਕਾਲਜ ਫੀਸ ਭਰਨ ਦੀ ਸ਼ਰਤ ਵੀ ਖ਼ਤਮ ਹੋ ਚੁੱਕੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।