1984 ਸਿੱਖ ਨਸਲਕੁਸ਼ੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਮਿਲਣ ਤੱਕ ਜਾਰੀ ਰਹੇਗਾ ਸੰਘਰਸ਼: ਸਿਰਸਾ

TeamGlobalPunjab
2 Min Read

ਨਵੀਂ ਦਿੱਲੀ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ 1984 ਦੀ ਸਿੱਖ ਨਸਲਕੁਸ਼ੀ ਦੇ ਸ਼ਹੀਦਾਂ ਨੂੰ ਸਮਰਪਿਤ ਕੈਂਡਲ ਮਾਰਚ ਕੱਢਿਆ ਤੇ ਐਲਾਨ ਕੀਤਾ ਕਿ ਜਦੋਂ ਤੱਕ ਕਤਲੇਆਮ ਦੇ ਸਾਰੇ ਦੋਸ਼ੀਆਂ ਨੂੰ ਸਜ਼ਾਵਾਂ ਨਹੀਂ ਮਿਲਦੀਆਂ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।

ਇਹ ਕੈਂਡਲ ਮਾਰਚ ਗੁਰਦੁਆਰਾ ਰਕਾਬਗੰਜ ਸਾਹਿਬ ਤੋਂ ਸ਼ੁਰੂ ਹੋਇਆ ਜੋ ‘ਸੱਚ ਦੀ ਕੰਧ’ ‘ਤੇ ਜਾ ਕੇ ਸਮਾਪਤ ਹੋਇਆ। ਰੋਸ ਮਾਰਚ ਦੀ ਅਗਵਾਈ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕੀਤੀ। ਇਸ ਮੌਕੇ ਕਮੇਟੀ ਦੇ ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ ਵੀ ਹਾਜ਼ਰ ਸਨ।

ਇਸ ਮੌਕੇ ਗੱਲਬਾਤ ਕਰਦਿਆਂ ਸਿਰਸਾ ਨੇ ਕਿਹਾ ਕਿ 1984 ਦੀ ਸਿੱਖ ਨਸਲਕੁਸ਼ੀ ਅਜਿਹਾ ਵਰਤਾਰਾ ਹੈ ਜਿਸਨੂੰ ਰਹਿੰਦੀ ਦੁਨੀਆਂ ਤੱਕ ਸਿੱਖ ਕੌਮ ਕਦੇ ਭੁਲਾ ਨਹੀਂ ਸਕਦੀ। ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਪਿਛਲੇ 37 ਸਾਲਾਂ ਦੌਰਾਨ ਸਿੱਖ ਨਸਲਕੁਸ਼ੀ ਦੇ ਮੁੱਖ ਦੋਸ਼ੀਆਂ ਦਾ ਬਚਾਅ ਕੀਤਾ ਹੈ ਤੇ ਸਿੱਖ ਕੌਮ ਨੇ ਹਮੇਸ਼ਾ ਉਹਨਾਂ ਦੋਸ਼ੀਆਂ ਨੁੰ ਸਜ਼ਾਵਾ ਦੁਆਉਣ ਲਈ ਸੰਘਰਸ਼ ਕੀਤਾ ਹੈ।

- Advertisement -

 

ਉਹਨਾਂ ਕਿਹਾ ਕਿ ਇਸ ਸੰਘਰਸ਼ ਦਾ ਨਤੀਜਾ ਇਹ ਹੈ ਕਿ ਅੱਜ ਸੱਜਣ ਕੁਮਾਰ ਜੇਲ੍ਹ ਵਿਚ ਉਮਰ ਕੈਦ ਕੱਟ ਰਿਹਾ ਹੈ ਜਦਕਿ ਜਗਦੀਸ਼ ਟਾਈਟਲਰ ਕੇਸ ਦਾ ਸਾਹਮਣਾ ਕਰ ਰਿਹਾ ਹੈ ਤੇ ਕਮਲਨਾਥ ਦੇ ਖਿਲਾਫ ਕੇਸ ਮੁੜ ਖੋਲ੍ਹਿਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਜਦੋਂ ਤੱਕ ਸਾਰੇ ਦੋਸ਼ੀਆਂ ਨੂੰ ਸਜ਼ਾਵਾਂ ਨਹੀਂ ਮਿਲ ਜਾਂਦੀ, ਸਾਡਾ ਸੰਘਰਸ਼ ਜਾਰੀ ਰਹੇਗਾ। ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਇਸ ਨਸਲਕੁਸ਼ੀ ਦੌਰਾਨ ਗਾਂਧੀ ਪਰਿਵਾਰ ਦੇ ਕਹਿਣ ‘ਤੇ ਸਿੱਖਾਂ ਦਾ ਕਤਲੇਆਮ ਕੀਤਾ ਸੀ, ਜੋ ਕਦੇ ਭੁਲਾਇਆ ਨਹੀਂ ਜਾ ਸਕਦਾ। ਉਹਨਾਂ ਕਿਹਾ ਕਿ ਇਹ ਲੜਾਈ ਅਸੀਂ ਪਿਛਲੇ 10 ਸਾਲਾਂ ਵਿਚ ਨਵੇਂ ਸਿਰੇ ਤੋਂ ਲੜੀ ਹੈ ।

ਇਸ ਮੌਕੇ ਸੰਬੋਧਨ ਕਰਦਿਆਂ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਦਿੱਲੀ ਕਮੇਟੀ 1984 ਦੇ ਸਿੱਖ ਕਤਲੇਆਮ ਦੇ ਸਾਰੇ ਪੀੜਤਾਂ ਦੇ ਮੁੜ ਵਸੇਬੇ ਤੇ ਮੁਆਵਜ਼ੇ ਨੂੰ ਯਕੀਨੀ ਬਣਾਵੇਗੀ। ਉਹਨਾਂ ਕਿਹਾ ਕਿ ਅਸੀਂ ਪਹਿਲੇ ਦਿਨ ਤੋਂ ਕਤਲੇਆਮ ਦੇ ਪੀੜਤਾਂ ਲਈ ਸੰਘਰਸ਼ ਕਰਦੇ ਆ ਰਹੇ ਹਾਂ ਤੇ ਜਦੋਂ ਤੱਕ ਇਨਸਾਫ ਨਹੀਂ ਮਿਲ ਜਾਂਦਾ ਸੰਘਰਸ਼ ਕਰਦੇ ਰਹਾਂਗੇ।

ਇਸ ਮੌਕੇ ਕੈਂਡਲ ਮਾਰਚ ਵਿਚ ਸ਼ਾਮਲ ਲੋਕਾਂ ਨੇ ‘5000 ਲਾਸ਼ੋ ਪਰ ਸਰਕਾਰ ਚੁੱਪ ਕਿਉਂ’, ‘ਸਿੱਖਾਂ ਦੇ ਕਾਤਲ ਜਗਦੀਸ਼ ਟਾਈਟਲਰ ਨੂੰ ਗ੍ਰਿਫਤਾਰ ਕਰੋ ਗ੍ਰਿਫਤਾਰ ਕਰੋ’ ਆਦਿ ਨਾਅਰੇ ਲਿਖੇ ਹੋਏ ਸਨ।

- Advertisement -
Share this Article
Leave a comment