ਕੈਪਟਨ ਅਮਰਿੰਦਰ ਸਿੰਘ ਨੇ ਹੋਰ ਸਖਤ ਰੋਕਾਂ ਲਗਾਉਣ ਦਾ ਕੀਤਾ ਐਲਾਨ; ਕਿਹਾ, ”ਪੰਜਾਬ ਨੂੰ ਕੋਵਿਡ ਦੇ ਮਾਮਲੇ ‘ਚ ਮੁੰਬਈ/ਦਿੱਲੀ ਨਹੀਂ ਬਣਨ ਦੇਣਾ ਚਾਹੁੰਦਾ”

TeamGlobalPunjab
3 Min Read

ਚੰਡੀਗੜ੍ਹ : ਕੋਵਿਡ-19 ਦੇ ਕੇਸਾਂ ਦੀ ਵਧਦੀ ਗਿਣਤੀ ਦੇ ਚੱਲਦਿਆਂ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਕੁਝ ਹੋਰ ਸਖਤ ਕਦਮ ਚੁੱਕਣ ਦੀ ਤਿਆਰੀ ਕਰ ਲਈ ਗਈ ਹੈ ਜਿਸ ਵਿੱਚ ਸਮਾਜਿਕ, ਜਨਤਕ ਤੇ ਪਰਿਵਾਰਕ ਇਕੱਠਾਂ ਬਾਰੇ ਬੰਦਸ਼ਾਂ ਸਮੇਤ ਕੰਮਕਾਜ ਦੌਰਾਨ ਵੀ ਮਾਸਕ ਪਹਿਨਣਾ ਲਾਜ਼ਮੀ ਹੋਵੇਗਾ।

ਫੇਸਬੁੱਕ ਲਾਈਵ ਸੈਸ਼ਨ ‘ਕੈਪਟਨ ਨੂੰ ਸਵਾਲ’ ਦੌਰਾਨ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਕੋਰੋਨਾਵਾਇਰਸ ਨੂੰ ਅੱਗੇ ਫੈਲਣ ਤੋਂ ਰੋਕਣ ਲਈ ਸਖਤੀ ਬਹੁਤ ਜ਼ਰੂਰੀ ਹੈ ਕਿਉਂਕਿ ਉਹ ਨਹੀਂ ਚਾਹੁੰਦੇ ਕਿ ਪੰਜਾਬ ਵੀ ਮੁੰਬਈ, ਦਿੱਲੀ ਜਾਂ ਤਾਮਿਲਨਾਡੂ ਦੇ ਰਾਹ ਪਏ। ਇਹ ਪੁੱਛੇ ਜਾਣ ‘ਤੇ ਕਿ ਸੂਬਾ ਸਰਕਾਰ ਕੋਵਿਡ ਦੇ ਫੈਲਾਅ ਨੂੰ ਰੋਕਣ ਲਈ ਹਫਤੇ ਦੇ ਅੰਤਲੇ ਦਿਨਾਂ ਲਈ ਲੌਕਡਾਊਨ ਕਿਉਂ ਨਹੀਂ ਲਗਾਉਂਦੀ ਤਾਂ ਉਨ੍ਹਾਂ ਕਿਹਾ ਕਿ ਐਤਵਾਰ ਨੂੰ ਪਹਿਲਾ ਹੀਂ ਲੌਕਡਾਊਨ ਲਗਾਇਆ ਹੋਇਆ ਹੈ ਅਤੇ ਸਰਕਾਰ ਸਾਰੀ ਸਥਿਤੀ ‘ਤੇ ਪੂਰੀ ਨਜ਼ਰ ਰੱਖ ਰਹੀ ਹੈ ਅਤੇ ਜੋ ਕਦਮ ਜ਼ਰੂਰੀ ਹੋਣਗੇ, ਉਹ ਚੁੱਕੇਗੀ।

ਮੌਜੂਦਾ ਸੰਕਟ ਦੇ ਚੱਲਦਿਆਂ ਹਰੇਕ ਨੂੰ ਜ਼ਿੰਮੇਵਾਰੀ ਨਾਲ ਵਿਵਹਾਰ ਕਰਨ ਦੀ ਲੋੜ ‘ਤੇ ਜ਼ੋਰ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹਰ ਤਰ੍ਹਾਂ ਦੀਆਂ ਰੋਕਾਂ ਦੀ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ ਅਤੇ ਨਾਲ ਹੀ ਉਨ੍ਹਾਂ ਸਾਰੀਆਂ ਰਾਜਸੀ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਪੰਜਾਬੀਆਂ ਦੀਆਂ ਜ਼ਿੰਦਗੀ ਬਚਾਉਣ ਲਈ ਕਿਸੇ ਕਿਸਮ ਦੇ ਇਕੱਠ ਤੋਂ ਗੁਰੇਜ਼ ਕਰਨ। ਉਨ੍ਹਾਂ ਕਿਹਾ,”ਪੰਜਾਬ ਨੂੰ ਬਚਾਉਣ ਦੀ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਰਾਜਨੀਤੀ ਉਡੀਕ ਕਰ ਸਕਦੀ ਹੈ।” ਮਨੁੱਖਤਾ ਲਈ ਸਭ ਤੋਂ ਵੱਡੇ ਖਤਰੇ ਦਾ ਮੁਕਾਬਲਾ ਕਰਨ ਲਈ ਉਨ੍ਹਾਂ ਸਾਰਿਆਂ ਨੂੰ ਸਾਂਝੀ ਲੜਾਈ ਲੜਨ ਦਾ ਸੱਦਾ ਦਿੱਤਾ।

ਕਈ ਫਰੰਟਲਾਈਨ ਵਰਕਰਾਂ ਅਤੇ ਸਰਕਾਰੀ ਅਫਸਰਾਂ ਦੀ ਰਿਪੋਰਟ ਪਾਜ਼ੇਟਿਵ ਆਉਣ ਸਮੇਤ ਕੋਵਿਡ ਕੇਸਾਂ ਦੀ ਵਧਦੀ ਗਿਣਤੀ ਉਤੇ ਚਿੰਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦਵਾਈ ਦਾ ਹਾਲੇ ਕੋਈ ਪਤਾ ਨਹੀਂ ਅਤੇ ਲੋਕਾਂ ਨੂੰ ਕੋਰੋਨਾਵਾਇਰਸ ਨਾਲ ਲੜਨ ਲਈ ਛੱਡ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਨਿਚਰਵਾਰ ਨੂੰ ਮਾਸਕ ਨਾ ਪਹਿਨਣ ਲਈ 5100 ਲੋਕਾਂ ਦੇ ਚਲਾਨ ਕੀਤੇ ਗਏ ਜਦੋਂ ਕਿ ਕੁਝ ਥਾਵਾਂ ਉਤੇ ਜਨਤਕ ਤੌਰ ‘ਤੇ ਥੁੱਕ ਸੁੱਟਣ ਦੇ ਵੀ ਮਾਮਲੇ ਸਾਹਮਣੇ ਆਏ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਅਜਿਹਾ ਕੁਝ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਲੋੜਵੰਦਾਂ ਨੂੰ ਮੁੜ ਵਰਤੋਂ ਅਤੇ ਧੋਣ ਵਾਲੇ ਮਾਸਕ ਹੋਰ ਵੰਡੇਗੀ।

- Advertisement -

ਮੁੱਖ ਮੰਤਰੀ ਨੇ ਯੂ.ਕੇ. ਅਧਾਰਿਤ ਪੰਜਾਬੀ ਵੱਲੋਂ ਆਪਣੀ ਮਾਤਾ ਨੂੰ ਮਿਲਣ ਲਈ ਪੰਜਾਬ ਆਉਣ ਪੁੱਛਣ ‘ਤੇ ਉਨ•ਾਂ ਨੂੰ ਦੱਸਿਆ ਕਿ ਇੱਥੇ ਪਹੁੰਚਣ ‘ਤੇ ਉਨ੍ਹਾਂ ਨੂੰ 7 ਦਿਨਾਂ ਦਾ ਸੰਸਥਾਗਤ ਏਕਾਂਤਵਾਸ ਅਤੇ ਉਸ ਤੋਂ ਬਾਅਦ 7 ਦਿਨਾਂ ਦੇ ਘਰੇਲੂ ਏਕਾਂਤਵਾਸ ਦੇ ਨਿਯਮਾਂ ਦਾ ਪਾਲਣਾ ਕਰਨਾ ਹੋਵੇਗਾ ਅਤੇ ਉਨ੍ਹਾਂ ਅਤੇ ਹੋਰਾਂ ਦੀ ਸੁਰੱਖਿਆ ਦੇ ਹਿੱਤ ਵਿੱਚ ਇਨ੍ਹਾਂ ਵਿੱਚ ਕੋਈ ਢਿੱਲ ਨਹੀਂ ਦਿੱਤੀ ਜਾ ਸਕੀ। ਮੁੱਖ ਮੰਤਰੀ ਨੇ ਕਿਹਾ ਕਿ ਨਿਯਮ ਬਣਾਏ ਹੀ ਸਾਰਿਆਂ ਦੀ ਸੁਰੱਖਿਆ ਲਈ ਹਨ।

Share this Article
Leave a comment