ਖੇਤੀ ਬਿੱਲਾਂ ‘ਤੇ ਰਾਸ਼ਟਰਪਤੀ ਦੀ ਮਨਜ਼ੂਰੀ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਮੰਦਭਾਗਾ ਤੇ ਨਿਰਾਸ਼ਾਜਨਕ

TeamGlobalPunjab
2 Min Read

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਸ਼ਟਰਪਤੀ ਦੁਆਰਾ ਪਾਸ ਕੀਤੇ ਖੇਤੀ ਬਿੱਲਾਂ ਨੂੰ ਮੰਦਭਾਗਾ ਤੇ ਦੁਖਦਾਇਕ ਦੱਸਿਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਕਿਹਾ ਕਿ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨ ਲਈ ਉਨ੍ਹਾਂ ਦੀ ਸਰਕਾਰ ਸੂਬਾਈ ਕਾਨੂੰਨਾਂ ‘ਚ ਸੰਭਵ ਸੋਧ ਕਰਨ ਸਮੇਤ ਸਾਰੇ ਪਹਿਲੂਆਂ ਦੀ ਘੋਖ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਗਲਾ ਕਦਮ ਚੁੱਕਣ ਦਾ ਫ਼ੈਸਲਾ ਕਰਨ ਲਈ ਉਨ੍ਹਾਂ ਦੀ ਸਰਕਾਰ ਪਹਿਲਾਂ ਹੀ ਕਾਨੂੰਨੀ ਅਤੇ ਖੇਤੀ ਮਾਹਿਰਾਂ ਸਮੇਤ ਉਨ੍ਹਾਂ ਸਾਰੇ ਲੋਕਾਂ ਨਾਲ ਵਿਚਾਰ-ਚਰਚਾ ਕਰ ਰਹੀ ਹੈ ਜੋ ਕੇਂਦਰੀ ਸਰਕਾਰ ਦੇ ਇਨ੍ਹਾਂ ਕਿਸਾਨ ਮਾਰੂ ਕਾਨੂੰਨਾਂ ਨਾਲ ਪ੍ਰਭਾਵਿਤ ਹੋਏ ਹਨ।

ਮੁੱਖ ਮੰਤਰੀ ਨੇ ਰਾਸ਼ਟਰਪਤੀ ਵੱਲੋਂ ਤਿੰਨਾਂ ਕਿਸਾਨ ਵਿਰੋਧੀ ਖੇਤੀ ਬਿੱਲਾਂ ਨੂੰ ਮਨਜ਼ੂਰੀ ਦੇਣ ਦੇ ਫ਼ੈਸਲੇ ਨੂੰ ਨਿਰਾਸ਼ਾਜਨਕ ਅਤੇ ਦੁਖਦਾਇਕ ਕਰਾਰ ਦਿੰਦਿਆਂ ਕਿਹਾ ਕਿ ਰਾਸ਼ਟਰਪਤੀ ਨੇ ਇਸ ਸਬੰਧੀ ਕਾਂਗਰਸ ਅਤੇ ਹੋਰ ਵਿਰੋਧੀ ਪਾਰਟੀਆਂ ਦਾ ਪੱਖ ਸੁਣੇ ਬਿਨਾਂ ਇਹ ਫ਼ੈਸਲਾ ਲਿਆ ਹੈ ਅਤੇ ਖੇਤੀ ਬਿੱਲਾਂ ਨੂੰ ਰਾਸ਼ਟਰਪਤੀ ਦੀ ਸਹਿਮਤੀ ਮਿਲਣ ਨਾਲ ਕਿਸਾਨਾਂ ਨੂੰ ਬਹੁਤ ਧੱਕਾ ਲੱਗਾ ਹੈ।

ਕੈਪਟਨ ਨੇ ਕਿਹਾ ਕਿ ਅਗਲਾ ਰਸਤਾ ਅਖਤਿਆਰ ਕਰਨ ਲਈ ਸੂਬਾ ਸਰਕਾਰ ਵੱਲੋਂ ਕੋਈ ਵੀ ਫੈਸਲਾ ਲੈਣ ਤੋਂ ਪਹਿਲਾਂ ਕਿਸਾਨ ਜਥੇਬੰਦੀਆਂ ਨੂੰ  ਭਰੋਸੇ ਵਿਚ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਫ਼ਸਲ ਦੀ ਕੀਮਤ ਨਾਲ ਸਮਝੌਤਾ ਕੀਤੇ ਬਿਨਾਂ ਕਿਸਾਨਾਂ ਦਾ ਇਕ-ਇਕ ਦਾਣਾ ਖ਼ਰੀਦਣ ਲਈ ਵਚਨਬੱਧ ਹੈ। ਮੁੱਖ ਮੰਤਰੀ ਅੱਜ ਸੋਮਵਾਰ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਦੀ ਸਮਾਧੀ ਵਾਲੇ ਸਥਾਨ ‘ਤੇ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕਰਨ ਤੋਂ ਬਾਅਦ ਕੇਂਦਰ ਸਰਕਾਰ ਦੇ ਕਾਲੇ ਕਾਨੂੰਨਾਂ ਖ਼ਿਲਾਫ਼ ਧਰਨੇ ਉਪਰ ਬੈਠਣਗੇ।

Share this Article
Leave a comment