ਕੈਪਟਨ ਦੀ ਸਾਰੇ ਵਿਧਾਇਕਾਂ ਨੂੰ ਅਪੀਲ, 4 ਨਵੰਬਰ ਨੂੰ ਚਲੋ ਦਿੱਲੀ

TeamGlobalPunjab
1 Min Read

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਮੂਹ ਸਿਆਸੀ ਪਾਰਟੀਆਂ ਦੇ ਵਿਧਾਇਕਾਂ ਨੂੰ ਕੇਂਦਰ ਸਰਕਾਰ ਦੇ ਘਾਤਕ ਖੇਤੀ ਕਾਨੂੰਨਾਂ ਨੂੰ ਅਸਰਹੀਣ ਬਣਾਉਣ ਲਈ ਸੂਬੇ ਦੀ ਵਿਧਾਨ ਸਭਾ ਵੱਲੋਂ ਪਾਸ ਕੀਤੇ ਖੇਤੀ ਸੋਧ ਕਾਨੂੰਨਾਂ ਨੂੰ ਛੇਤੀ ਸਹਿਮਤੀ ਲਈ 4 ਨਵੰਬਰ ਨੂੰ ਭਾਰਤ ਦੇ ਰਾਸ਼ਟਰਪਤੀ ਨੂੰ ਮਿਲਣ ਅਤੇ ਯਾਦ ਪੱਤਰ ਦੇਣ ਲਈ ਉਨ੍ਹਾਂ ਨਾਲ ਚੱਲਣ ਦੀ ਅਪੀਲ ਕੀਤੀ ਹੈ।

ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਪ੍ਰੈਸ ਬਿਆਨ ਰਾਹੀਂ ਸਮੂਹ ਵਿਧਾਇਕਾਂ ਨੂੰ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਖੜ੍ਹੇ ਹੋਣ ਅਤੇ ਪਾਰਟੀ ਲੀਹਾਂ ਤੋਂ ਉਪਰ ਉਠਣ ਦੀ ਅਪੀਲ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਹਿੱਤਾਂ ਨੂੰ ਲਿਤਾੜਿਆ ਜਾ ਰਿਹਾ ਹੈ।

ਬੁਲਾਰੇ ਨੇ ਅੱਗੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਹਾਲ ਹੀ ਵਿੱਚ ਲਿਆਂਦੇ ਤਿੰਨ ਖੇਤੀ ਕਾਨੂੰਨ ਪੰਜਾਬ ਦੇ ਕਿਸਾਨ ਭਾਈਚਾਰੇ ਲਈ ਮਾਰੂ ਸਿੱਧ ਹੋਣਗੇ। ਉਨ੍ਹਾਂ ਕਿਹਾ ਕਿ ਕਿਸਾਨੀ ਸਾਡੇ ਆਰਥਿਕ ਢਾਂਚੇ ਦੇ ਨਾਲ-ਨਾਲ ਮੰਡੀ ਪ੍ਰਣਾਲੀ ਅਤੇ ਘੱਟੋ-ਘੱਟ ਸਮਰਥਨ ਮੁੱਲ ਦੀ ਰੀੜ੍ਹ ਦੀ ਹੱਡੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਹਿੱਤਾਂ ਦੀ ਹਿਫਾਜ਼ਤ ਕਰਨਾ ਉਨ੍ਹਾਂ ਦਾ ਫਰਜ਼ ਬਣਦਾ ਹੈ ਅਤੇ ਹਾਲ ਹੀ ਵਿੱਚ ਪੰਜਾਬ ਵਿਧਾਨ ਸਭਾ ਵਿੱਚ ਪਾਸ ਕੀਤੇ ਸੋਧ ਬਿੱਲ ਇਸ ਦਾ ਪ੍ਰਤੱਖ ਤੌਰ ‘ਤੇ ਪ੍ਰਗਟਾਵਾ ਕਰਦੇ ਹਨ।

Share this Article
Leave a comment