ਚੰਡੀਗੜ੍ਹ: ਪੰਜਾਬ ਵਿੱਚ ਰੁਜ਼ਗਾਰ ਦੇ ਮੁੱਦੇ ‘ਤੇ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਿੱਚ ਸ਼ਬਦੀ ਜੰਗ ਤੇਜ਼ ਹੋ ਗਈ ਹੈ। ਅਕਾਲੀ ਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਨਿਸ਼ਾਨਾ ਸਾਧਿਆ ਹੈ। ਅਕਾਲੀ ਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਭਾਰਤ ਦੇ ਆਰਥਿਕ ਸਰਵੇਖਣ ਬਾਰੇ ਦਿੱਤੇ ਬਿਆਨ ਨੂੰ ਕਾਂਗਰਸ ਸਰਕਾਰ ਦੀ ਪੋਲ ਸਰਵੇਖਣ ਦੇ ਨਤੀਜਿਆਂ ਕਾਰਨ ਝੱਲਣੀ ਪੈ ਰਹੀ ਨਮੋਸ਼ੀ ਕਰਾਰ ਦਿੱਤਾ ਹੈ।
ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਤਕਨੀਕੀ ਪੱਖਾਂ ਦੇ ਪਿੱਛੇ ਲੁਕਣ ਦੀ ਥਾਂ ਮੁੱਖ ਮੰਤਰੀ ਨੂੰ ਅਸਲੀਅਤ ਦਾ ਸਾਹਮਣਾ ਕਰਨਾ ਚਾਹੀਦਾ ਹੈ। ਉਨ੍ਹਾਂ ਨੂੰ ਦੱਸਣਾ ਚਾਹੀਦਾ ਹੈ ਕਿ ਨੌਜਵਾਨਾਂ ਨੂੰ ਨੌਕਰੀ ਦੇਣ ਵਿੱਚ ਪੰਜਾਬ ਦੇਸ਼ ਦੇ ਬਾਕੀ ਰਾਜਾਂ ਤੋਂ ਪਿੱਛੇ ਕਿਉਂ ਰਹਿ ਗਿਆ।
ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਨੇ ਸਰਵੇਖਣ ਵਿੱਚ ਪੇਂਡੂ ਅਤੇ ਸ਼ਹਿਰੀ ਖੇਤਰਾਂ ਤੋਂ 6497 ਅਤੇ 6877 ਲੋਕਾਂ ਦੇ ਸ਼ਾਮਲ ਹੋਣ ਦਾ ਇਸ ਦਾ ਸਰੂਪ ਬੇਹੱਦ ਛੋਟਾ ਕਰਾਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਅਜਿਹਾ ਲੱਗਦਾ ਹੈ ਕਿ ਸ਼ਾਇਦ ਮੁੱਖ ਮੰਤਰੀ ਦੇਸ਼ ਭਰ ਵਿੱਚ ਆਰਥਿਕ ਸਰਵੇਖਣ ਵਿੱਚ ਅਪਣਾਏ ਜਾਣ ਵਾਲੇ ਤਰੀਕਿਆਂ ਤੋਂ ਜਾਣੂ ਨਹੀ ਹਨ ਜਾਂ ਫਿਰ ਉਹ ਦੁਬਾਰਾ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਨੇ ਸਵਾਲ ਕੀਤਾ ਕਿ ਕੀ ਕੈਪਟਨ ਅਮਰਿੰਦਰ ਸਿੰਘ ਇਸ ਸਚਾਈ ਨੂੰ ਵੀ ਝੂਠ ਕਰਾਰ ਦੇਣਗੇ ਕਿ ਸੂਬੇ ਦੇ ਬੇਰੁਜ਼ਗਾਰੀ ਬਿਊਰੋ ਕੋਲ 2.69 ਆਵੇਦਕਾਂ ਨੇ ਰਜਿਸਟਰੇਸ਼ਨ ਕਰਵਾਏ ਹਨ, ਜਿਨ੍ਹਾਂ ‘ਚੋਂ 91 ਫੀਸਦੀ ਤਕਨੀਕੀ ਅਧਿਆਪਨ ਵਾਲੇ ਅਤੇ 87 ਫੀਸਦ 10ਵੀਂ ਤੋਂ ਜ਼ਿਆਦਾ ਪੜੇ – ਲਿਖੇ ਹਨ।
ਉਨ੍ਹਾਂ ਕਿਹਾ ਕਿ ਜੇਕਰ ਮੁੱਖ ਮੰਤਰੀ ਹੁਣ ਵੀ ਭਾਰਤ ਦੇ ਆਰਥਿਕ ਸਰਵੇਖਣ ਤੋਂ ਸੰਤੁਸ਼ਟ ਨਹੀਂ ਹਨ ਤਾਂ ਉਨ੍ਹਾਂ ਨੂੰ ਉਨ੍ਹਾਂ ਨੌਜਵਾਨਾਂ ਦੀ ਗਿਣਤੀ ਕਰ ਲੈਣੀ ਚਾਹੀਦੀ ਹੈ, ਜੋ ਪਟਿਆਲਾ ਵਿੱਚ ਉਨ੍ਹਾਂ ਦੇ ਮਹਿਲ ਦੇ ਅੱਗੇ ਰੁਜ਼ਗਾਰ ਮੰਗ ਰਹੇ ਸਨ। ਡਾ.ਚੀਮਾ ਨੇ ਕਿਹਾ ਕਿ ਅਸਲ ਵਿੱਚ ਸਿਰਫ 57905 ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੂੰ ਇਹ ਦੱਸਣਾ ਚਾਹੀਦਾ ਹੈ ਸੀ ਕਿ ਸੂਬੇ ਵਿੱਚ ਇੰਨੀ ਵੱਡੀ ਗਿਣਤੀ ਦੇ ਅਜਿਹੇ ਅਧਿਆਪਕ ਹਨ, ਜਿਨ੍ਹਾਂ ਨੂੰ ਪਹਿਲਾਂ 45 ਹਜ਼ਾਰ ਤਨਖਾਹ ਮਿਲ ਰਹੀ ਸੀ, ਤੇ ਸਰਕਾਰ ਨੇ 15 ਹਜ਼ਾਰ ਰੁਪਏ ਪ੍ਰਤੀ ਮਹੀਨਾ ਲੈਣ ਲਈ ਮਜਬੂਰ ਕੀਤਾ ਹੈ।
ਦੂਜੇ ਪਾਸੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀ ਦਲ ‘ਤੇ ਪਲਟਵਾਰ ਕੀਤਾ ਕਰਦੇ ਕਿਹਾ ਕਿ ਅਕਾਲੀਆਂ ਨੂੰ ਪੰਜਾਬ ਦੇ ਹਿਤਾਂ ਵਾਲੇ ਮੁੱਦਿਆਂ ‘ਤੇ ਆਪਣਾ ਮੁੰਹ ਖੋਲ੍ਹਣ ਤੋਂ ਪਹਿਲਾਂ ਤਥਾਂ ਦੀ ਜਾਂਚ ਕਰਨੀ ਚਾਹੀਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਕੋਰਾ ਝੂਠ ਬੋਲ ਕੇ ਆਪਣੇ ਆਪ ਨੂੰ ਮੂਰਖ ਸਾਬਤ ਨਾਂ ਕਰਨ ਉਨ੍ਹਾਂ ਦੀ ਨੁਕਤਾਚੀਨੀ ਗਲਤ ਅੰਕੜਿਆਂ ‘ਤੇ ਆਧਾਰਿਤ ਹੈ। ਅਕਾਲੀ ਅੱਧੇ – ਅਧੂਰੇ ਝੂਠ ਨਾਲ ਲੋਕਾਂ ਨੂੰ ਗੁਮਰਾਹ ਕਰਨ ਦੀਆਂ ਕੋਸ਼ਿਸ਼ਾਂ ਕਰ ਖੁਦ ਨੂੰ ਮੂਰਖ ਬਣਾ ਰਹੇ ਹਨ।
ਉਨ੍ਹਾਂ ਨੇ ਕਿਹਾ ਕਿ ਅਕਾਲੀਆਂ ਦੇ ਝੂਠ ਦਾ ਜਵਾਬ ਦੇਣ ਲਈ ਹੀ ਉਨ੍ਹਾਂ ਨੇ ਇੱਕ ਵਾਰ ਫਿਰ ਪੂਰੇ ਤਥਾਂ ਅਤੇ ਅੰਕੜਿਆਂ ਨੂੰ ਸਾਹਮਣੇ ਰੱਖਿਆ ਹੈ। ਆਰਥਿਕ ਸਰਵੇਖਣ ਵਿੱਚ ਦਿੱਤੀ ਗਈ ਜਾਣਕਾਰੀ ਨੂੰ ਸਮਝਣ ਜਾਂ ਇਸ ਦਾ ਵਿਸ਼ਲੇਸ਼ਣ ਕਰਨ ਲਈ ਅਕਾਲੀਆਂ ਨੇ ਦਿਮਾਗ ਦਾ ਇਸਤੇਮਾਲ ਕਰਨ ਦੀ ਕੋਸ਼ਿਸ਼ ਨਹੀਂ ਕੀਤੀ। ਉਲਟਾ ਉਹ ਇਸ ਸਰਵੇਖਣ ਨੂੰ ਆਧਾਰ ਬਣਾ ਕੇ ਹੀ ਉਨ੍ਹਾਂ ਦੀ ਸਰਕਾਰ ‘ਤੇ ਹਮਲੇ ਕਰ ਰਹੇ ਹਨ।