ਕੈਪਟਨ ਵੱਲੋਂ ਕੇਂਦਰ ਨੂੰ ਪ੍ਰਿਅੰਕਾ ਗਾਂਧੀ ਦੀ ਸਰਕਾਰੀ ਰਿਹਾਇਸ਼ੀ ਖਾਲੀ ਕਰਨ ਦੇ ਹੁਕਮ ਸੁਰੱਖਿਆ ਦੇ ਮੱਦੇਨਜ਼ਰ ਵਾਪਸ ਲੈਣ ਲਈ ਅਪੀਲ

TeamGlobalPunjab
4 Min Read

ਚੰਡੀਗੜ੍ਹ: ਕੇਂਦਰ ਸਰਕਾਰ ਵੱਲੋਂ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੂੰ ਪਹਿਲੀ ਅਗਸਤ ਤੱਕ ਨਵੀਂ ਦਿੱਲੀ ਵਿਚਲੀ ਉਸ ਦੀ ਸਰਕਾਰੀ ਰਿਹਾਇਸ਼ ਛੱਡਣ ਦੇ ਕੀਤੇ ਹੁਕਮਾਂ ਦਾ ਸਖਤ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਨੂੰ ਅਪੀਲ ਕੀਤੀ ਕਿ ਪ੍ਰਿਅੰਕਾ ਗਾਂਧੀ ਦੀ ਸੁਰੱਖਿਆ ਨੂੰ ਦੇਖਦਿਆਂ ਇਹ ਹੁਕਮ ਵਾਪਸ ਲੈਣੇ ਚਾਹੀਦੇ ਹਨ।

ਪ੍ਰਿਅੰਕਾ ਨੂੰ ਸਰਕਾਰੀ ਰਿਹਾਇਸ਼ ਛੱਡਣ ਲਈ ਕੀਤੇ ਹੁਕਮਾਂ ਦੀਆਂ ਰਿਪੋਰਟਾਂ ‘ਤੇ ਪ੍ਰਤੀਕਿਰਿਆ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪ੍ਰਿਅੰਕਾ ਗਾਂਧੀ ਕੋਲ ਹੁਣ ਐਸ.ਪੀ.ਜੀ. ਕਵਰ ਵੀ ਨਹੀਂ ਹੈ ਜਿਸ ਕਰਕੇ ਉਹ ਸਰਕਾਰੀ ਰਿਹਾਇਸ਼ ਦੀ ਹੱਕਦਾਰ ਸੀ। ਉਨ੍ਹਾਂ ਕੇਂਦਰ ਸਰਕਾਰ ਨੂੰ ਕਿਹਾ ਕਿ ਪ੍ਰਿਅੰਕਾ ਨੂੰ ਖਤਰੇ ਦੇ ਮੱਦੇਨਜ਼ਰ ਐਸ.ਪੀ.ਜੀ. ਕਵਰ ਦੇ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਵੀ ਬਹਾਲ ਕਰਨੀ ਚਾਹੀਦੀ ਹੈ ਕਿਉਂ ਜੋ ਉਨ੍ਹਾਂ ਨੂੰ ਗਾਂਧੀ ਪਰਿਵਾਰ ਦੇ ਮੈਂਬਰ ਹੋਣ ਕਰਕੇ ਖਤਰਾ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਦੇ ਵੀ ਰਾਜਸੀ ਮਤਭੇਦ ਕਿਸੇ ਵਿਅਕਤੀ ਦੀ ਸੁਰੱਖਿਆ ਦੇ ਰਾਹ ਵਿੱਚ ਨਹੀਂ ਲਿਆਉਣੇ ਚਾਹੀਦੇ ਖਾਸ ਕਰਕੇ ਅਜਿਹੇ ਪਰਿਵਾਰ ਦੇ ਮੈਂਬਰ ਲਈ ਜਿਸ ਦੇ ਦੋ ਜੀਅ ਦਹਿਸ਼ਤਗਰਦੀ ਹਮਲੇ ਵਿੱਚ ਮਾਰੇ ਗਏ ਹੋਣ। ਪਿਛੋਕੜ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਸੋਨੀਆ ਗਾਂਧੀ, ਪ੍ਰਿਅੰਕਾ ਗਾਂਧੀ ਤੇ ਰਾਹੁਲ ਗਾਂਧੀ ਦੀ ਸੁਰੱਖਿਆ ਸਮੁੱਚੇ ਦੇਸ਼ ਲਈ ਚਿੰਤਾ ਦਾ ਵਿਸ਼ਾ ਹੈ ਜਿਹੜੇ ਪਿਛਲੇ ਕਈ ਦਹਾਕਿਆਂ ਤੋਂ ਦੇਸ਼ ਦੀ ਨਿਰਸਵਾਰਥ ਸੇਵਾ ਕਰ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਹਾਲਤਾਂ ਵਿੱਚ ਨਾ ਹੀ ਤਾਂ ਪ੍ਰਿਅੰਕਾ ਦਾ ਐਸ.ਪੀ.ਜੀ. ਕਵਰ ਰੱਦ ਕਰਨਾ ਉਚਿਤ ਬਣਦਾ ਹੈ ਅਤੇ ਨਾ ਹੀ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਵਾਪਲ ਲੈਣਾ।

ਮੁੱਖ ਮੰਤਰੀ ਨੇ ਚਿਤਾਵਨੀ ਦਿੱਤੀ ਕਿ ਪ੍ਰਿਅੰਕਾ ਦੀ ਸੁਰੱਖਿਆ ਨੂੰ ਲੈ ਕੇ ਕੀਤਾ ਸਮਝੌਤਾ ਕੋਈ ਵੀ ਸਿਆਸੀ ਵਿਰੋਧਾਭਾਸ ਪੈਦਾ ਕਰ ਸਕਦਾ ਖ਼ਾਸਕਰ ਉਦੋਂ ਜਦੋਂ ਇਹ ਆਦੇਸ਼ ਉਸ ਵੇਲੇ ਆਏ ਹਨ ਜਦੋਂ ਉਹ ਉੱਤਰ ਪ੍ਰਦੇਸ਼, ਖਾਸ ਕਰਕੇ ਪ੍ਰਧਾਨ ਮੰਤਰੀ ਦੇ ਸੰਸਦੀ ਹਲਕੇ ਵਾਰਾਨਸੀ ਵਿੱਚ ਕੋਵਿਡ-19 ਦੇ ਪ੍ਰਬੰਧਨ ਦੀ ਸਖਤੀ ਨਾਲ ਅਤੇ ਲਗਾਤਾਰ ਆਲੋਚਨਾ ਕਰ ਰਹੇ ਹਨ।

- Advertisement -

ਉਨ੍ਹਾਂ ਕਿਹਾ ਕਿ ਲੋਕਤੰਤਰ ਵਿਚ ਸਾਰੇ ਲੋਕਾਂ ਨੂੰ ਆਲੋਚਨਾ ਅਤੇ ਸਰਕਾਰ ਤੋਂ ਸਪੱਸ਼ਟੀਕਰਨ ਮੰਗਣ ਦਾ ਅਧਿਕਾਰ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਸਿਆਸਤਦਾਨਾਂ ਉੱਤੇ ਹੋਰ ਵੀ ਵੱਧ ਢੁੱਕਦਾ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਕਾਲੀ ਲੀਡਰਸ਼ਿਪ ਵੱਲੋਂ ਉਨ੍ਹਾਂ ਦੀ ਸਰਕਾਰ ‘ਤੇ ਲਗਾਤਾਰ ਸਿਆਸੀ ਹਮਲੇ ਕਰਨ ਦੇ ਬਾਵਜੂਦ ਉਨ੍ਹਾਂ ਨੇ ਨਿੱਜੀ ਤੌਰ ‘ਤੇ ਇਹ ਸੁਨਿਸ਼ਚਿਤ ਕੀਤਾ ਹੈ ਕਿ ਬਾਦਲ ਪਰਿਵਾਰ ਦੀ ਸੁਰੱਖਿਆ ਨੂੰ ਕਿਸੇ ਵੀ ਕੀਮਤ ‘ਤੇ ਦਾਅ ‘ਤੇ ਨਾ ਲਾਇਆ ਜਾਵੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਨਾ ਸਿਰਫ਼ ਪ੍ਰਕਾਸ਼ ਸਿੰਘ ਬਾਦਲ ਨੂੰ ਸੂਬੇ ਵਿਚ ਇਕ ਸਰਕਾਰੀ ਰਿਹਾਇਸ਼ ਦੀ ਵਰਤੋਂ ਜਾਰੀ ਰੱਖਣ ਦੀ ਪੇਸ਼ਕਸ਼ ਕੀਤੀ ਬਲਕਿ ਉਨ੍ਹਾਂ ਦੀ ਸਰਕਾਰ ਨੇ ਸਾਬਕਾ ਮੁੱਖ ਮੰਤਰੀ ਨੂੰ ਦਿੱਤੀ ਕੇਂਦਰ ਦੀ ਸੁਰੱਖਿਆ ਦੇ ਨਾਲ ਵੱਡੀ ਗਿਣਤੀ ਵਿੱਚ ਪੰਜਾਬ ਪੁਲਿਸ ਦੇ ਕਰਮਚਾਰੀ ਤਾਇਨਾਤ ਕਰਨ ਦੀ ਹਮਾਇਤ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਬਾਦਲ ਦੀ ਸੁਰੱਖਿਆ ਲਈ ਬੁਲਟ ਪਰੂਫ ਲੈਂਡ ਕਰੂਜ਼ਰ ਅਤੇ ਵਾਹਨਾਂ ਦੇ ਪ੍ਰਬੰਧ ਕੀਤੇ ਸਨ ਅਤੇ ਪੰਜਾਬ ਵਿਚ ਸੱਤਾਧਾਰੀ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦਰਮਿਆਨ ਮਤਭੇਦ ਦੇ ਵਿਚਾਰ ਤੋਂ ਬਿਨਾਂ ਇਹ ਸੁਰੱÎਖਿਆ ਜਾਰੀ ਰਹੇਗੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕਿਸੇ ਵੀ ਸਰਕਾਰ ਨੂੰ ਸਿਆਸੀ ਬਦਲਾਖੋਰੀ ਲਈ ਆਪਣੇ ਵਿਰੋਧੀਆਂ ਦੀ ਸੁਰੱਖਿਆ ਨਾਲ ਸਮਝੌਤਾ ਨਹੀਂ ਕਰਨਾ ਚਾਹੀਦਾ।

Share this Article
Leave a comment