ਚੰਡੀਗੜ੍ਹ: ਖੇਤੀ ਕਾਨੂੰਨਾਂ ਦੇ ਮੁੱਦੇ ‘ਤੇ ਕਿਸਾਨ ਜਥੇਬੰਦੀਆਂ ਧਰਨਾ ਪ੍ਰਦਰਸ਼ਨ ਕਰ ਰਹੀਆਂ ਹਨ। ਕੇਂਦਰ ਦੇ ਨਾਲ-ਨਾਲ ਪੰਜਾਬ ਸਰਕਾਰ ਨੇ ਵੀ ਕਿਸਾਨਾਂ ਨੂੰ ਅੰਦੋਲਨ ‘ਚ ਢਿੱਲ ਦੇਣ ਦੀ ਅਪੀਲ ਕੀਤੀ ਸੀ ਜਿਸ ਨੂੰ ਕਿਸਾਨਾਂ ਨੇ ਠੁਕਰਾਅ ਦਿੱਤਾ ਸੀ। ਜਿਸ ਤੋਂ ਬਾਅਦ ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਲਕੇ ਕਿਸਾਨਾਂ ਨਾਲ ਮੁਲਾਕਾਤ ਕਰਨਗੇ।
ਮੁੱਖ ਮੰਤਰੀ ਨਾਲ ਕਿਸਾਨਾਂ ਦੀ ਮੀਟਿੰਗ ਪੰਜਾਬ ਭਵਨ ਚੰਡੀਗੜ੍ਹ ਵਿਖੇ ਹੋਵੇਗੀ। ਮੀਟਿੰਗ ਦਾ ਸਮਾਂ ਦੁਪਹਿਰ ਬਾਅਦ 1:30 ਵਜੇ ਰੱਖਿਆ ਗਿਆ ਹੈ। ਕਿਸਾਨਾਂ ਨਾਲ ਗੱਲਬਾਤ ਕਰਨ ਤੋ਼ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵੀ ਮੁਲਾਕਾਤ ਕਰਨਗੇ। ਇਸ ਦੇ ਲਈ ਕੈਪਟਨ ਪਹਿਲਾਂ ਕਿਸਾਨਾਂ ਨਾਲ ਗੱਲਬਾਤ ਕਰਕੇ ਫਿਰ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਤੋਂ ਬੈਠਕ ਲਈ ਸਮਾਂ ਮੰਗਣਗੇ।
ਉਮੀਦ ਜਤਾਈ ਜਾ ਰਹੀ ਹੈ ਕਿ ਕੈਪਟਨ ਦੀ ਕਿਸਾਨਾਂ ਨਾਲ ਜਿਹੜੀ ਮੀਟਿੰਗ ਹੋਵੇਗੀ ਉਸ ਵਿੱਚ ਰੇਲ ਰੋਕੋ ਅੰਦੋਲਨ ਕਾਰਨ ਪੰਜਾਬ ਨੂੰ ਹੋ ਰਹੇ ਨੁਕਸਾਨ ਬਾਰੇ ਚਰਚਾ ਕੀਤੀ ਜਾਵੇਗੀ। ਕਿਉਂਕਿ ਮਾਲ ਗੱਡੀਆਂ ਬੰਦ ਹੋਣ ਕਾਰਨ ਜਲੰਧਰ ਤੇ ਲੁਧਿਆਣਾ ਦੀਆਂ ਫੈਕਟਰੀਆਂ ਨੂੰ ਤਿੰਨ ਹਜ਼ਾਰ ਕਰੋੜ ਰੁਪਏ ਤੋਂ ਵੱਧ ਦਾ ਨੁਕਸਾਨ ਹੋ ਗਿਆ ਹੈ। ਰੇਲਵੇ ਵਿਭਾਗ ਨੂੰ ਵੀ ਯਾਤਰੀ ਟ੍ਰੇਨਾਂ ਬੰਦ ਹੋਣ ਨਾਲ ਵੱਡਾ ਨੁਕਸਾਨ ਝੱਲਣਾ ਪੈ ਰਿਹਾ ਹੈ। ਇਹਨਾਂ ਸਾਰੀਆਂ ਮੁਸ਼ਕਲਾਂ ਦਾ ਹੱਲ ਕੱਢਣ ਲਈ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਜਥੇਬੰਦੀਆਂ ਨੂੰ ਸੱਦਾ ਭੇਜਿਆ ਹੈ।