ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਸੀਨੀਅਰ ਫੋਟੋਗ੍ਰਾਫਰ ਸੈਮੂਅਲ ਐਨ.ਦਾਸ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਜਿਨ੍ਹਾਂ ਦਾ ਅੱਜ ਸਵੇਰੇ ਸਿਵਲ ਹਸਪਤਾਲ ਖਰੜ ਵਿਖੇ ਸੰਖੇਪ ਬਿਮਾਰੀ ਉਪਰੰਤ ਦੇਹਾਂਤ ਹੋ ਗਿਆ। ਉਹ 59 ਵਰ੍ਹਿਆਂ ਦੇ ਸਨ ਅਤੇ ਆਪਣੇ ਪਿੱਛੇ ਪਤਨੀ, ਇਕ ਬੇਟਾ ਤੇ ਇਕ ਧੀ ਛੱਡ ਗਏ।
ਆਪਣੇ ਸ਼ੋਕ ਸੁਨੇਹੇ ਵਿੱਚ ਮੁੱਖ ਮੰਤਰੀ ਨੇ ਪੀੜਤ ਪਰਿਵਾਰ, ਰਿਸ਼ਤੇਦਾਰਾਂ ਤੇ ਦੋਸਤਾਂ ਨਾਲ ਦੁੱਖ ਸਾਂਝਾ ਕਰਦਿਆਂ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਵਾਹਿਗੁਰੂ ਅੱਗੇ ਅਰਦਾਸ ਕੀਤੀ।
ਇਸੇ ਦੌਰਾਨ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਵੀ ਸੈਮੂਅਲ ਐਨ.ਦਾਸ ਦੇ ਦੇਹਾਂਤ ਉਤੇ ਦੁੱਖ ਪ੍ਰਗਟਾਉਂਦਿਆਂ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
ਜ਼ਿਕਰਯੋਗ ਹੈ ਕਿ ਸੈਮੂਅਲ ਐਨ.ਦਾਸ ਨੇ ਹਿੰਦੋਸਤਾਨ ਟਾਈਮਜ਼, ਡੇਲੀ ਵਰਲਡ ਅਤੇ ਡੇਲੀ ਪੋਸਟ ਸਣੇ ਵੱਖ-ਵੱਖ ਮੀਡੀਆ ਸੰਗਠਨਾਂ ਵਿੱਚ ਕੰਮ ਕੀਤਾ ਹੈ।