ਦਿੱਲੀ ‘ਚ ਤਣਾਅ ਦੇ ਮੱਦੇਨਜ਼ਰ ਪੰਜਾਬ ‘ਚ ਹਾਈ ਅਲਰਟ ਦੇ ਹੁਕਮ

TeamGlobalPunjab
3 Min Read

ਚੰਡੀਗੜ੍ਹ: ਕੌਮੀ ਰਾਜਧਾਨੀ ਵਿੱਚ ਅੱਜ ਦੀ ਟਰੈਕਟਰ ਰੈਲੀ ਦੌਰਾਨ ਕੁਝ ਅਨਸਰਾਂ ਵੱਲੋਂ ਕੀਤੀ ਹਿੰਸਾ ਨੂੰ ਅਸਹਿਣਯੋਗ ਦੱਸਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀਆਂ ਹੱਕੀ ਮੰਗਾਂ ਲਈ ਲਈ ਲੜ ਰਹੇ ਕਿਸਾਨਾਂ ਨੂੰ ਤੁਰੰਤ ਦਿੱਲੀ ਨੂੰ ਛੱਡਣ ਅਤੇ ਵਾਪਸ ਸਰਹੱਦਾਂ ਉਤੇ ਪਹੁੰਚਣ ਦੀ ਅਪੀਲ ਕੀਤੀ ਜਿੱਥੇ ਉਹ ਪਿਛਲੇ ਦੋ ਮਹੀਨਿਆਂ ਤੋਂ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰ ਰਹੇ ਹਨ।

ਮੁੱਖ ਮੰਤਰੀ ਨੇ ਦਿੱਲੀ ਵਿੱਚ ਹਿੰਸਾ ਤੇ ਤਣਾਅ ਦੇ ਮੱਦੇਨਜ਼ਰ ਪੰਜਾਬ ਵਿੱਚ ਹਾਈ ਅਲਰਟ ਦੇ ਹੁਕਮ ਦਿੱਤੇ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਡੀਜੀਪੀ ਦਿਨਕਰ ਗੁਪਤਾ ਨੂੰ ਇਹ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਕਿ ਸੂਬੇ ਵਿੱਚ ਕਿਸੇ ਵੀ ਕੀਮਤ ਅਮਨ ਕਾਨੂੰਨ ਵਿਵਸਥਾ ਭੰਗ ਨਾ ਹੋਵੇ।

ਸਥਿਤੀ ‘ਤੇ ਗੰਭੀਰ ਚਿੰਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹਿੰਸਾ ਸਪੱਸ਼ਟ ਤੌਰ ‘ਤੇ ਕੁਝ ਲੋਕਾਂ ਦੁਆਰਾ ਸ਼ੁਰੂ ਕੀਤੀ ਗਈ ਸੀ, ਜਿਨ੍ਹਾਂ ਨੇ ਦਿੱਲੀ ਪੁਲਿਸ ਅਤੇ ਕਿਸਾਨ ਯੂਨੀਅਨਾਂ ਦਰਮਿਆਨ ਆਪਸੀ ਸਮਝੌਤੇ ਰਾਹੀਂ ਟਰੈਕਟਰ ਮਾਰਚ ਲਈ ਮਿੱਥੇ ਨਿਯਮਾਂ ਦੀ ਉਲੰਘਣਾ ਕੀਤੀ। ਉਨ੍ਹਾਂ ਕਿਹਾ ਕਿ ਇਹ ਮੰਦਭਾਗਾ ਹੈ ਕਿ ਇਨ੍ਹਾਂ ਗੈਰ ਸਮਾਜਿਕ ਤੱਤਾਂ ਨੇ ਕਿਸਾਨਾਂ ਦੇ ਸ਼ਾਂਤਮਈ ਅੰਦੋਲਨ ਵਿੱਚ ਗੜਬੜੀ ਪੈਦਾ ਕੀਤੀ। ਉਨ੍ਹਾਂ ਇਤਿਹਾਸਕ ਲਾਲ ਕਿਲ੍ਹੇ ਅਤੇ ਕੌਮੀ ਰਾਜਧਾਨੀ ਦੀਆਂ ਕੁਝ ਹੋਰ ਮਹੱਤਵਪੂਰਣ ਥਾਵਾਂ ‘ਤੇ ਵਾਪਰੀਆਂ ਘਟਨਾਵਾਂ ਦੀ ਵੀ ਨਿੰਦਾ ਕੀਤੀ।

ਇਹ ਜ਼ਿਕਰ ਕਰਦਿਆਂ ਕਿ ਵੱਡੇ ਕਿਸਾਨ ਆਗੂ ਪਹਿਲਾਂ ਹੀ ਅਤੇ ਪੂਰੀ ਤਰ੍ਹਾਂ ਨਾਲ ਇਸ ਹਿੰਸਾ ਵਿੱਚ ਸ਼ਾਮਲ ਸ਼ਰਾਰਤੀ ਅਨਸਰਾਂ ਤੋਂ ਆਪਣੇ ਆਪ ਨੂੰ ਵੱਖ ਕਰ ਚੁੱਕੇ ਹਨ, ਕੈਪਟਨ ਅਮਰਿੰਦਰ ਨੇ ਕਿਹਾ ਕਿ ਅੰਦੋਲਨਕਾਰੀ ਕਿਸਾਨਾਂ ਨੂੰ ਤੁਰੰਤ ਕੌਮੀ ਰਾਜਧਾਨੀ ਖਾਲੀ ਕਰਨੀ ਚਾਹੀਦੀ ਹੈ ਅਤੇ ਸਰਹੱਦਾਂ ‘ਤੇ ਆਪਣੇ ਟਿਕਾਣਿਆਂ ‘ਤੇ ਵਾਪਸ ਚਲੇ ਜਾਣਾ ਚਾਹੀਦਾ ਹੈ ਅਤੇ ਖੇਤੀ ਕਾਨੂੰਨਾਂ ਨਾਲ ਸਬੰਧਤ ਸੰਕਟ ਦੇ ਹੱਲ ਲਈ ਕੇਂਦਰ ਨਾਲ ਰਾਬਤਾ ਰੱਖਣਾ ਚਾਹੀਦਾ ਹੈ।

- Advertisement -

ਕੌਮੀ ਰਾਜਧਾਨੀ ਵਿੱਚ ਕੁਝ ਗੈਰ ਸਮਾਜਿਕ ਤੱਤਾਂ ਦੁਆਰਾ ਕੀਤੀ ਹਿੰਸਾ ਨਾ ਬਰਦਾਸ਼ਤ ਯੋਗ ਹੈ। ਇਹ ਸ਼ਾਂਤਮਈ ਢੰਗ ਨਾਲ ਵਿਰੋਧ ਕਰ ਰਹੇ ਕਿਸਾਨਾਂ ਦੁਆਰਾ ਪੈਦਾ ਕੀਤੀ ਸਦਭਾਵਨਾ ‘ਤੇ ਮਾੜਾ ਅਸਰ ਪਾਵੇਗਾ। ਕਿਸਾਨ ਨੇਤਾਵਾਂ ਨੇ ਆਪਣੇ ਆਪ ਨੂੰ ਵੱਖ ਕਰ ਲਿਆ ਹੈ ਅਤੇ ਟਰੈਕਟਰ ਰੈਲੀ ਨੂੰ ਮੁਅੱਤਲ ਕਰ ਦਿੱਤਾ ਹੈ।ਮੁੱਖ ਮੰਤਰੀ ਨੇ ਟਵੀਟ ਕੀਤਾ ਕਿ ਮੈਂ ਸਾਰੇ ਕਿਸਾਨਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਦਿੱਲੀ ਨੂੰ ਛੱਡ ਕੇ ਸਰਹੱਦਾਂ ‘ਤੇ ਪਰਤ ਆਉਣ।

ਕੈਪਟਨ ਅਮਰਿੰਦਰ ਨੇ ਕਿਸਾਨਾਂ ਨੂੰ ਉਸੇ ਤਰ੍ਹਾਂ ਹੀ ਸੰਜਮ ਵਰਤਣ ਲਈ ਕਿਹਾ ਜਿਵੇਂ ਉਹ ਪਿਛਲੇ ਦੋ ਮਹੀਨਿਆਂ ਤੋਂ ਦਿੱਲੀ ਦੀਆਂ ਸਰਹੱਦਾਂ ਅਤੇ ਪਹਿਲਾਂ ਪੰਜਾਬ ਵਿੱਚ ਸ਼ਾਂਤਮਈ ਅੰਦੋਲਨ ਦੌਰਾਨ ਰੱਖ ਰਹੇ ਸਨ। ਇਹ ਗੱਲ ਕਰਦਿਆਂ ਕਿ ਸ਼ਾਂਤੀ ਉਨ੍ਹਾਂ ਦੇ ਅੰਦੋਲਨ ਦੀ ਵਿਸ਼ੇਸ਼ਤਾ ਰਹੀ ਹੈ ਜਿਸ ਸਦਕਾ ਉਨ੍ਹਾਂ ਨੂੰ ਭਾਰਤ ਅਤੇ ਵਿਸ਼ਵ ਭਰ ਤੋਂ ਸਮਰਥਨ ਮਿਲਿਆ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਕਿਸਾਨਾਂ ਦੁਆਰਾ ਲੋਕਤੰਤਰੀ ਢੰਗ ਨਾਲ ਕੀਤੇ ਜਾ ਰਹੇ ਵਿਰੋਧ ਪ੍ਰਦਰਸ਼ਨਾਂ ਦੌਰਾਨ ਅਮਨ-ਕਾਨੂੰਨ ਨੂੰ ਹਰ ਕੀਮਤ ’ਤੇ ਕਾਇਮ ਰੱਖਿਆ ਜਾਵੇ।

Share this Article
Leave a comment