ਅੰਮ੍ਰਿਤਸਰ: ਖੇਤੀ ਕਾਨੂੰਨਾਂ ਖਿਲਾਫ਼ ਕਿਸਾਨ ਜਥੇਬੰਦੀਆਂ ਲਗਾਤਾਰ ਨਿੱਤਰੀਆਂ ਹੋਈਆਂ ਹਨ। ਅੰਮ੍ਰਿਤਸਰ ‘ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਧਰਨਾ ਅੱਜ 58ਵੇਂ ਦਿਨ ‘ਚ ਪਹੁੰਚ ਗਿਆ ਹੈ। ਇਸ ਦੌਰਾਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕੇਂਦਰ ਸਰਕਾਰ ਦੇ ਨਾਲ ਨਾਲ ਪੰਜਾਬ ਸਰਕਾਰ ‘ਤੇ ਵੀ ਸ਼ਬਦੀ ਵਾਰ ਕੀਤੇ।
ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਈਡੀ ਦੀ ਕਾਰਵਾਈ ਤੋਂ ਘਬਰਾ ਗਏ ਹਨ। ਇਸ ਲਈ ਪੰਜਾਬ ਸਰਕਾਰ ਮੋਦੀ ਸਰਕਾਰ ਨੂੰ ਖੁਸ਼ ਕਰਨ ਦੇ ਯਤਨ ਕਰ ਰਹੀ ਹੈ।
ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਮੋਦੀ ਸਰਕਾਰ ਕਿਸਾਨ ਅੰਨ ਦਾਤਾ ਦਾ ਨਾਅਰਾ ਦਿੰਦੀ ਸੀ ਪਰ ਹੁਣ ਅੰਨ ਦਾਤਾ ਨੂੰ ਮੋਦੀ ਸਰਕਾਰ ਨੇ ਕਾਰਪੋਰੇਟ ਦੇ ਹਵਾਲੇ ਕਰ ਦਿੱਤਾ ਹੈ। ਪੰਧੇਰ ਨੇ ਕਿਹਾ ਕਿ ਮਾਲ ਗੱਡੀਆਂ ਨੂੰ ਰੋਕੇ ਜਾਣ ਨਾਲ ਕੇਂਦਰ ਸਰਕਾਰ ਪੰਜਾਬ ਨੂੰ ਆਰਥਿਕ ਪੱਖੋ ਕੰਮਜ਼ੋਰ ਕਰਨਾ ਚਾਹੁੰਦੀ ਹੈ।
ਯਾਤਰੀ ਗੱਡੀਆਂ ਦੀ ਰੋਕ ‘ਤੇ ਪੰਧੇਰ ਨੇ ਕਿਹਾ ਕਿ ਕੇਂਦਰ ਨਾਲੋਂ ਜ਼ਿਆਦਾ ਪੰਜਾਬ ਸਰਕਾਰ ਸੂਬੇ ‘ਚ ਪੈਸੰਜਰ ਗੱਡੀਆਂ ਚਲਾਉਣ ਲਈ ਤਰਲੋਮੱਛੀ ਹੋ ਰਹੀ ਹੈ ਪਰ ਅਸੀਂ ਯਾਤਰੀ ਗੱਡੀਆਂ ਨੂੰ ਲਾਂਘਾ ਨਹੀਂ ਦੇਵਾਂਗੇ ਜਦੋਂ ਤਕ ਕੇਂਦਰ ਸਰਕਾਰ ਖੇਤੀ ਕਾਨੂੰਨ ਰੱਦ ਨਹੀਂ ਕਰ ਦਿੰਦੀ। ਇਸ ਦੇ ਨਾਲ ਸਰਵਣ ਸਿੰਘ ਪੰਧੇਰ ਨੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ‘ਤੇ ਇਲਜ਼ਾਮ ਲਾਉਂਦਿਆਂ ਕਿਹਾ ਕਿ ਦੋਵੇਂ ਸਰਕਾਰਾਂ ਕਿਸਾਨਾਂ ਦੇ ਅੰਦੋਲਨ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ਾਂ ਕਰ ਰਹੀਆਂ ਹਨ।