ਅਕਾਲੀ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਖ਼ਿਲਾਫ਼ ਮਾਮਲਾ ਦਰਜ

Global Team
2 Min Read

ਫਰੀਦਕੋਟ : ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਫਰੀਦਕੋਟ ਪੁਲਿਸ ਨੇ ਅਕਾਲੀ ਦਲ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਸਮੇਤ ਅਣਪਛਾਤੇ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ ਮਿਲੀ ਜਾਣਕਾਰੀ ਅਨੁਸਾਰ ਸਰਕਾਰੀ ਡਿਊਟੀ ਵਿੱਚ ਵਿਘਨ ਪਾਉਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਹੈ। ਇਹ ਕਾਰਵਾਈ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ. ਦੀ ਸ਼ਿਕਾਇਤ ਦੇ ਆਧਾਰ ‘ਤੇ ਕੀਤੀ ਗਈ ਹੈ। ਜਿਸ ਤੋਂ ਬਾਅਦ ਫਰੀਦਕੋਟ ਦੀ ਸਿਆਸਤ ਇੱਕ ਵਾਰ ਫਿਰ ਗਰਮਾ ਗਈ ਹੈ

ਸ਼ਿਕਾਇਤ ਅਨੁਸਾਰ ਨਗਰ ਕੌਂਸਲ ਚੋਣ ਪ੍ਰਕਿਰਿਆ ਤਹਿਤ 18 ਮਈ ਨੂੰ ਐਸ.ਡੀ.ਐਮ ਦਫ਼ਤਰ ਵਿਖੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਚੱਲ ਰਹੀ ਸੀ। ਉਮੀਦਵਾਰਾਂ ਦੀ ਗਿਣਤੀ ਜ਼ਿਆਦਾ ਹੋਣ ਅਤੇ ਵੱਖ-ਵੱਖ ਵਿਭਾਗਾਂ ਤੋਂ ਰਿਪੋਰਟਾਂ ਆਉਣ ਵਿੱਚ ਦੇਰੀ ਕਾਰਨ ਇਹ ਪ੍ਰਕਿਰਿਆ ਲੰਬੀ ਹੋ ਗਈ ਸੀ। ਇਸੇ ਦੌਰਾਨ ਅਕਾਲੀ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਆਪਣੇ ਸਮਰਥਕਾਂ ਸਮੇਤ ਦਫ਼ਤਰ ਪਹੁੰਚ ਗਏ।

ਦੋਸ਼ ਹੈ ਕਿ ਇਸ ਦੌਰਾਨ ਉਨ੍ਹਾਂ ਨੇ ਐਸ.ਡੀ.ਐਮ ਦਫ਼ਤਰ ਦੇ ਮੁਲਾਜ਼ਮਾਂ ਅਤੇ ਸੁਰੱਖਿਆ ਕਰਮਚਾਰੀਆਂ ਨਾਲ ਬਹਿਸ ਕੀਤੀ ਅਤੇ ਉਨ੍ਹਾਂ ਨੂੰ ਧਮਕੀਆਂ ਵੀ ਦਿੱਤੀਆਂ। ਪੁਲਿਸ ਨੇ ਸ਼ਿਕਾਇਤ ਦੇ ਆਧਾਰ ‘ਤੇ ਥਾਣਾ ਸਿਟੀ ਫਰੀਦਕੋਟ ਵਿਖੇ ਬੰਟੀ ਰੋਮਾਣਾ ਅਤੇ ਅਣਪਛਾਤੇ ਲੋਕਾਂ ਖ਼ਿਲਾਫ਼ ਸਰਕਾਰੀ ਕੰਮ ਵਿੱਚ ਵਿਘਨ ਪਾਉਣ ਸਮੇਤ ਹੋਰ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਦੱਸ ਦਈਏ ਕਿ ਇੱਕ ਦਿਨ ਪਹਿਲਾਂ ਹੀ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸਤੀਸ਼ ਗਰੋਵਰ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਸ਼ਹਿਰ ਵਿੱਚ ਸਿਆਸੀ ਮਾਹੌਲ ਤਣਾਅਪੂਰਨ ਬਣਿਆ ਰਿਹਾ। ਅਕਾਲੀ ਦਲ ਦੇ ਵਰਕਰਾਂ ਨੇ ਥਾਣਾ ਸਿਟੀ ਦੇ ਬਾਹਰ ਧਰਨਾ ਦਿੱਤਾ ਸੀ, ਜਿਸ ਵਿੱਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਸ਼ਾਮਲ ਹੋਏ ਸਨ।ਪ੍ਰਸ਼ਾਸਨ ਨੇ ਸਤੀਸ਼ ਗਰੋਵਰ ਨੂੰ ਰਿਹਾਅ ਕਰਨ ਦਾ ਲਿਖਤੀ ਭਰੋਸਾ ਦੇ ਕੇ ਪ੍ਰਦਰਸ਼ਨ ਖ਼ਤਮ ਕਰਵਾਇਆ ਸੀ, ਹਾਲਾਂਕਿ ਬਾਅਦ ਵਿੱਚ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਗਿਆ।

 

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

 

Share This Article
Leave a Comment