ਤਿਰੂਵਨੰਤਪੁਰਮ: ਕੇਰਲ ਵਿੱਚ ਕੋਵਿਡ-19 ਦੇ ਮਾਮਲਿਆਂ ਵਿੱਚ ਮਾਮੂਲੀ ਵਾਧਾ ਦਰਜ ਕੀਤਾ ਗਿਆ ਹੈ, ਜਿਸ ਦੇ ਮੱਦੇਨਜ਼ਰ ਰਾਜ ਸਰਕਾਰ ਨੇ ਬੁੱਧਵਾਰ ਨੂੰ ਸਾਰੇ ਜ਼ਿਲ੍ਹਿਆਂ ਨੂੰ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ ਹਨ। ਸਿਹਤ ਮੰਤਰੀ ਵੀਨਾ ਜਾਰਜ ਨੇ ਇੱਥੇ ਜਾਰੀ ਇੱਕ ਬਿਆਨ ਵਿੱਚ ਕਿਹਾ ਕਿ ਕੋਵਿਡ -19 ਸੰਕਰਮਿਤਾਂ ਦੀ ਗਿਣਤੀ ਵਿੱਚ ਮਾਮੂਲੀ ਵਾਧਾ ਹੋਇਆ ਹੈ ਅਤੇ ਮੰਗਲਵਾਰ ਨੂੰ ਸੰਕਰਮਣ ਦੇ 172 ਨਵੇਂ ਮਾਮਲੇ ਸਾਹਮਣੇ ਆਏ ਹਨ। ਉਨ੍ਹਾਂ ਦੱਸਿਆ ਕਿ ਤਿਰੂਵਨੰਤਪੁਰਮ ਅਤੇ ਏਰਨਾਕੁਲਮ ਜ਼ਿਲ੍ਹਿਆਂ ਵਿੱਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਮੁਕਾਬਲਤਨ ਜ਼ਿਆਦਾ ਹੈ।
ਮੰਤਰੀ ਨੇ ਕਿਹਾ, “ਰਾਜ ਵਿੱਚ ਕੋਵਿਡ -19 ਦੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 1,026 ਹੈ, ਜਿਨ੍ਹਾਂ ਵਿੱਚੋਂ 111 ਹਸਪਤਾਲਾਂ ਵਿੱਚ ਇਲਾਜ ਅਧੀਨ ਹਨ। ਸਾਰੇ ਜ਼ਿਲ੍ਹਿਆਂ ਨੂੰ ਅਲਰਟ ਕਰ ਦਿੱਤਾ ਗਿਆ ਹੈ। ਜਾਰਜ ਦੀ ਪ੍ਰਧਾਨਗੀ ਹੇਠ ਇੱਕ ਉੱਚ ਪੱਧਰੀ ਮੀਟਿੰਗ ਵੀ ਕੀਤੀ ਗਈ, ਜਿਸ ਵਿੱਚ ਸੂਬੇ ਵਿੱਚ ਕੋਵਿਡ-19 ਦੀ ਸਥਿਤੀ ਦਾ ਜਾਇਜ਼ਾ ਲਿਆ ਗਿਆ। ਸਿਹਤ ਵਿਭਾਗ ਨੇ ਲੋਕਾਂ ਨੂੰ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਹੈ ਅਤੇ ਇਨਫੈਕਸ਼ਨ ਤੋਂ ਬਚਣ ਲਈ ਮਾਸਕ ਪਹਿਨਣ ਦੀ ਸਲਾਹ ਦਿੱਤੀ ਹੈ।