ਚੰਡੀਗੜ੍ਹ: ਪੰਜਾਬ ਵਿੱਚ 5 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਰੰਗੇ-ਹੱਥੀਂ ਫੜੇ ਗਏ ਸਾਬਕਾ DIG ਹਰਚਰਨ ਸਿੰਘ ਭੁੱਲਰ ਨੂੰ ਚੰਡੀਗੜ੍ਹ ਦੀ ਸੀਬੀਆਈ ਅਦਾਲਤ ਨੇ ਇੱਕ ਵਾਰ ਫਿਰ 5 ਦਿਨਾਂ ਦੇ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਹੈ। ਇਸ ਤੋਂ ਪਹਿਲਾਂ ਵੀ ਸੀਬੀਆਈ ਨੇ ਭੁੱਲਰ ਨੂੰ 5 ਦਿਨਾਂ ਦਾ ਰਿਮਾਂਡ ਲਿਆ ਸੀ। ਹੁਣ ਇਸ ਮਾਮਲੇ ਵਿੱਚ ਉਸਦਾ ਰਿਮਾਂਡ 10 ਦਿਨਾਂ ਦਾ ਹੋ ਗਿਆ ਹੈ। ਇਸੇ ਦਿਨ ਦੂਜੇ ਰਿਸ਼ਵਤਖੋਰੀ ਮਾਮਲੇ ਵਿੱਚ ਭੁੱਲਰ ਨੂੰ ਨਿਆਂਇਕ ਹਿਰਾਸਤ ਵਿੱਚ ਭੇਜਿਆ ਗਿਆ ਹੈ।
ਸੁਣਵਾਈ ਦੌਰਾਨ ਭੁੱਲਰ ਦੇ ਵਕੀਲ ਨੇ ਜੇਲ੍ਹ ਵਿੱਚ ਮੁਲਾਕਾਤ ਲਈ ਪਟੀਸ਼ਨ ਦਾਇਰ ਕੀਤੀ, ਜਿਸ ਤੇ ਅਦਾਲਤ ਨੇ ਹੁਕਮ ਦਿੱਤਾ ਕਿ ਹਰ ਰੋਜ਼ ਸ਼ਾਮ 4 ਤੋਂ 5 ਵਜੇ ਤੱਕ ਭੁੱਲਰ ਆਪਣੇ ਵਕੀਲ ਨਾਲ ਮਿਲ ਸਕਦਾ ਹੈ। ਭੁੱਲਰ ਦੇ ਵਕੀਲ ਨੇ ਰਿਮਾਂਡ ਦਾ ਸਖ਼ਤ ਵਿਰੋਧ ਕੀਤਾ ਅਤੇ ਦਲੀਲ ਦਿੱਤੀ ਕਿ ਸੀਬੀਆਈ ਨੂੰ ਪੰਜਾਬ ਵਿੱਚ ਦਾਖਲ ਹੋਣ ਦੀ ਇਜਾਜ਼ਤ ਨਹੀਂ ਹੈ ਅਤੇ ਉਸਦੀ ਗ੍ਰਿਫ਼ਤਾਰੀ ਪੂਰੀ ਤਰ੍ਹਾਂ ਗੈਰ-ਕਾਨੂੰਨੀ ਹੈ।
ਦੱਸਣਯੋਗ ਹੈ ਕਿ ਸੀਬੀਆਈ ਨੇ ਰਿਸ਼ਵਤਖੋਰੀ ਮਾਮਲੇ ਵਿੱਚ ਸਾਬਕਾ DIG ਹਰਚਰਨ ਸਿੰਘ ਭੁੱਲਰ ਅਤੇ ਵਿਚੋਲੇ ਕ੍ਰਿਸ਼ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ। ਅਦਾਲਤ ਨੇ ਵਿਚੋਲੇ ਕ੍ਰਿਸ਼ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ। ਇਸ ਤੋਂ ਪਹਿਲਾਂ ਕ੍ਰਿਸ਼ਨੂੰ 9 ਦਿਨਾਂ ਦੇ ਸੀਬੀਆਈ ਰਿਮਾਂਡ ਤੇ ਭੇਜਿਆ ਗਿਆ ਸੀ। ਸੀਬੀਆਈ ਨੇ ਕ੍ਰਿਸ਼ਨੂੰ ਸਕ੍ਰੈਪ ਡੀਲਰ ਤੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

