ਕਰਫਿਊ ਦੌਰਾਨ ਕਾਂਗਰਸੀਆਂ ਆਗੂਆਂ ਵੱਲੋਂ ਗੈਰਕਾਨੂੰਨੀ ਸ਼ਰਾਬ ਵੇਚ ਕੀਤੇ ਹਜ਼ਾਰਾਂ ਕਰੋੜ ਰੁਪਏ ਦੇ ਸ਼ਰਾਬ ਘੁਟਾਲੇ ਦੀ ਹੋਵੇ ਸੀਬੀਆਈ ਜਾਂਚ : ਦਲਜੀਤ ਸਿੰਘ ਚੀਮਾ

TeamGlobalPunjab
2 Min Read

ਚੰਡੀਗੜ੍ਹ : ਕੋਰੋਨਾ ਮਹਾਮਾਰੀ ਦੌਰਾਨ ਸੂਬੇ ਦੀਆਂ ਰਾਜਸੀ ਧਿਰਾਂ ਵੱਲੋਂ ਇੱਕ-ਦੂਜੇ ‘ਤੇ ਬਿਆਨਬਾਜ਼ੀ ਦੇ ਤੀਰ ਚਲਾਏ ਜਾ ਰਹੇ ਹਨ। ਜਿਸ ਦੇ ਚੱਲਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਕੈਬਨਿਟ ਮੰਤਰੀਆਂ ਵੱਲੋਂ ਸਰਕਾਰ ਵਿਚ ਬੇਭਰੋਸਗੀ ਜਤਾਉਣ ਨਾਲ ਪੰਜਾਬ ਵਿਚ ਸੰਵਿਧਾਨਿਕ ਸੰਕਟ ਖੜ੍ਹਾ ਹੋ ਗਿਆ ਹੈ। ਇਸ ਦੇ ਨਾਲ ਹੀ ਦਲਜੀਤ ਸਿੰਘ ਚੀਮਾ ਨੇ ਕਾਂਗਰਸ ਪਾਰਟੀ ਦੇ ਆਗੂਆਂ ਅਤੇ ਉਨ੍ਹਾਂ ਦੋਸਤਾਂ ਦੀਆਂ ਸ਼ਰਾਬ ਦੀਆਂ ਫੈਕਟਰੀਆਂ ਵੱਲੋਂ ਪੰਜਾਬ ਵਿਚ ਗੈਰਕਾਨੂੰਨੀ ਸ਼ਰਾਬ ਵੇਚ ਕੇ ਕੀਤੇ ਹਜ਼ਾਰਾਂ ਕਰੋੜ ਰੁਪਏ ਦੇ ਸ਼ਰਾਬ ਘੁਟਾਲੇ ਦੀ ਸੀਬੀਆਈ ਜਾਂਚ ਦੀ ਵੀ ਮੰਗ ਕੀਤੀ।

ਡਾਕਟਰ ਚੀਮਾ ਨੇ ਅੱਗੇ ਕਿਹਾ ਕਿ ਕੁੱਝ ਕਾਂਗਰਸੀ ਆਗੂ ਅਤੇ ਉਹਨਾਂ ਦੇ ਦੋਸਤ, ਜਿਹਨਾਂ ਦੀਆਂ ਪੰਜਾਬ ਵਿਚ ਸ਼ਰਾਬ ਦੀਆਂ ਫੈਕਟਰੀਆਂ ਹਨ, ਉਹ ਸ਼ਰੇਆਮ ਆਪਣੀਆਂ ਫੈਕਟਰੀਆਂ ਤੋਂ ਗੈਰਕਾਨੂੰਨੀ ਸ਼ਰਾਬ ਵੇਚ ਰਹੇ ਹਨ ਜਿਸ ਦੇ ਚੱਲਦਿਆਂ ਸ਼ਰਾਬ ਦੀ ਵੱਡੀ ਮਾਤਰਾ ਵਿਚ ਹਰਿਆਣਾ ਤੋਂ  ਤਸਕਰੀ ਹੋ ਰਹੀ ਹੈ। ਚੀਮਾ ਨੇ ਕਿਹਾ ਕਿ ਸੂਬੇ ਦਾ ਆਬਕਾਰੀ ਵਿਭਾਗ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲ ਹੈ ਜਿਸ ਲਈ ਉਹ ਸਿੱਧੇ ਤੌਰ ‘ਤੇ ਇਸ ਲਈ ਜ਼ਿੰਮੇਵਾਰ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕੱਲ ਦੀ ਪੰਜਾਬ ਕੈਬਨਿਟ ਮੀਟਿੰਗ ‘ਚੋਂ ਮੰਤਰੀਆਂ ਦਾ ਨਾਰਾਜ਼ ਹੋ ਕੇ ਮੀਟਿੰਗ ਵਿਚੋਂ ਚਲੇ ਜਾਣਾ ਇਸ਼ਾਰਾ ਕਰਦਾ ਹੈ ਕਿ ਮੁੱਖ ਮੰਤਰੀ ਕੋਲ ਮੰਤਰੀਆਂ ਦਾ ਸਮਰਥਨ ਨਹੀਂ ਬਚਿਆ ਹੈ ਤੇ ਕੱਲ੍ਹ ਦੀ ਲੜਾਈ ਸਰਕਾਰੀ ਖਜ਼ਾਨੇ ਨੂੰ ਬਚਾਉਣ ਲਈ ਨਹੀਂ ਸੀ, ਸਗੋਂ ਆਪਣੀਆਂ ਜੇਬਾਂ ਭਰਨ ਲਈ ਸੀ।

ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਸ ਸਮੇਂ ਹਰ ਇੱਕ ਸੂਬੇ ਵੱਲੋਂ ਕੋਰੋਨਾ ਮਹਾਮਾਰੀ ਦੇ ਟਾਕਰੇ ਲਈ ਸਿਰ ਤੋੜ ਯਤਨ ਕੀਤੇ ਜਾ ਰਹੇ ਹਨ ਪਰ ਇਸ ਦੇ ਉਲਟ ਪੰਜਾਬ ਦੇ ਕੈਬਿਨਟ ਮੰਤਰੀ ਨੌਕਰਸ਼ਾਹਾਂ ਨਾਲ ਲੜਣ ਵਿਚ ਰੁੱਝੇ ਹਨ। ਚੀਮਾ ਨੇ ਕੱਲ ਚੰਡੀਗੜ੍ਹ ਵਿਖੇ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ਵੱਲ ਇਸ਼ਾਰਾ ਕਰਦੇ ਹੋਏ ਕਿਹਾ ਕਿ ਪੰਜਾਬ ‘ਚ ਕੈਬਨਿਟ ਮੰਤਰੀਆਂ ਅਤੇ ਨੌਕਰਸ਼ਾਹਾਂ ਦੋਵਾਂ ਨੂੰ ਇੱਕ ਦੂਜੇ ਉਤੇ ਭਰੋਸਾ ਨਹੀਂ ਹੈ ਜਿਸ ਤੋਂ ਪਤਾ ਚੱਲਦਾ ਹੈ ਕਿ ਇੱਥੇ ਲੀਡਰਸ਼ਿਪ ਸੰਕਟ ਪੈਦਾ ਹੋ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਪਣੀਆਂ ਨਾਕਾਮੀਆਂ ਛੁਪਾਉਣ ਲਈ ਰੋਜ਼ਾਨਾ ਕੇਂਦਰ ਸਰਕਾਰ ਦੀ ਆਲੋਚਨਾ ਕਰ ਰਹੀ ਹੈ।

Share This Article
Leave a Comment