ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਮਾਣਯੋਗ ਸੁਪਰੀਮ ਕੋਰਟ ਵੱਲੋਂ ਮੁਖਤਾਰ ਅੰਸਾਰੀ ਨੂੰ ਯੂਪੀ ਭੇਜਣ ਲਈ ਸੁਣਾਏ ਗਏ ਫੈਸਲੇ ਉਤੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਅਦਾਲਤ ਵੱਲੋਂ ਸੁਣਾਇਆ ਗਿਆ ਫੈਸਲਾ ਸ਼ਲਾਘਾਯੋਗ ਹੈ। ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਵਿੱਚ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਯੂਪੀ ਦੇ ਇਕ ਨਾਮਵਰ ਗੈਂਗਸਟਰ ਨੂੰ ਪੰਜਾਬ ਵਿੱਚ ਇਕ ਛੋਟੇ ਅਜਿਹੇ ਮਾਮਲੇ ਵਿੱਚ ਪੰਜਾਬ ਦੀ ਜੇਲ੍ਹ ਵਿੱਚ ਰੱਖਿਆ ਜਾ ਰਿਹਾ, ਜੋ ਕੇ ਯੂਪੀ ਵਿੱਚ ਵੱਡੇ ਵੱਡੇ ਕੇਸਾਂ ਵਿਚ ਯੂਪੀ ਪੁਲਿਸ ਨੂੰ ਲੋੜੀਦਾ ਹੈ, ਇਹ ਸ਼ੰਕਾ ਦੇ ਘੇਰੇ ਵਿੱਚ ਹੈ।
ਉਨ੍ਹਾਂ ਕਿਹਾ ਕਿ ਯੂਪੀ ਦੇ ਵੱਖ ਵੱਖ ਥਾਣਿਆਂ ਵਿੱਚ ਦਰਜ ਕੇਸਾਂ ਲਈ ਲੋੜੀਦਾ ਹੈ, ਪਤਾ ਨਹੀਂ ਹੈ ਕਿਉਂ ਪੰਜਾਬ ਵਿੱਚ ਇਥੇ ਰੱਖਿਆ ਗਿਆ ਹੈ। ਉਨ੍ਹਾਂ ਸ਼ੰਕਾ ਪ੍ਰਗਟਾਉਂਦੇ ਹੋਏ ਕਿਹਾ ਕਿ ਪੰਜਾਬ ਵਿੱਚ 2022 ਦੀਆਂ ਚੋਣਾਂ ਨੇੜੇ ਆ ਰਹੀਆਂ ਹਨ, ਕਿਤੇ ਕਾਂਗਰਸ ਸਰਕਾਰ ਨੇ ਵਿਰੋਧੀਆਂ ਨਾਲ ਨਿਪਟਣ ਲਈ ਤਾਂ ਨਹੀਂ ਪੰਜਾਬ ਵਿੱਚ ਰੱਖਿਆ ਗਿਆ ਸੀ। ਇਸ ਮਾਮਲੇ ਵਿੱਚ ਕੈਪਟਨ ਅਮਰਿੰਦਰ ਸਿੰਘ ਅਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਸ਼ੱਕ ਦੇ ਘੇਰੇ ਵਿੱਚ ਹਨ। ਉਨ੍ਹਾਂ ਇਹ ਵੀ ਚਿੰਤਾ ਪ੍ਰਗਟਾਈ ਕਿ ਕਿਤੇ ਕਾਂਗਰਸ ਨੇ ਪੰਜਾਬ ਵਿੱਚ ਗੁੰਡਾਗਰਦੀ ਕਰਨ, ਸੂਬੇ ਅੰਦਰ ਹਿੰਸਾ ਫੈਲਾਉਣ ਵਾਸਤੇ ਵਰਤਣ ਲਈ ਤਾਂ ਨਹੀਂ ਪੰਜਾਬ ਵਿੱਚ ਰੱਖਿਆ ਸੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਸੀਬੀਆਈ ਜਾਂਚ ਹੋਣੀ ਚਾਹੀਦੀ ਹੈ ਕਿ ਕਿਉਂ ਪੰਜਾਬ ਸਰਕਾਰ ਐਨੇ ਵੱਡੇ ਗੈਗਸਟਰ ਨੂੰ ਪੰਜਾਬ ਵਿੱਚ ਰੱਖਣਾ ਚਾਹੁੰਦੀ ਸੀ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਗੈਗਸਟਰਾਂ ਨੂੰ ਪਨਪਨ ਦੇਣ ਲਈ ਪਿਛਲੀ ਅਕਾਲੀ ਸਰਕਾਰ ਅਤੇ ਮੌਜੂਦਾ ਕਾਂਗਰਸ ਸਰਕਾਰ ਬਰਾਬਰ ਦੀਆਂ ਦੋਸੀ ਹਨ। ਉਨ੍ਹਾਂ ਕਿਹਾ ਕਿ ਆਪਣੇ ਨਿੱਜੀ ਲਾਭਾਂ ਵਾਸਤੇ ਬੇਰੁਜ਼ਗਾਰ ਨੌਜਵਾਨਾਂ ਨੂੰ ਵਰਤਣ ਲਈ ਗਲਤ ਰਸਤੇ ਵੱਲ ਧੱਕ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਰਿਵਾਇਤੀ ਪਾਰਟੀਆਂ ਨੂੰ ਜਦੋਂ ਆਪਣੀ ਕੁਰਸੀ ਜਾਂਦੀ ਦਿਖਾਈ ਦੇਵੇ ਤਾਂ ਇਹ ਕਿਸੇ ਵੀ ਹੱਦ ਤੱਕ ਜਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਸੱਤਾਧਾਰੀ ਆਗੂ ਬੇਰੁਜ਼ਗਾਰ ਨੌਜਵਾਨਾਂ ਨੂੰ ਆਪਣੇ ਫਾਇਦੇ ਵਾਸਤੇ ਵਰਤਣ ਦੀ ਕੋਸ਼ਿਸ਼ ਕਰਦੇ ਹਨ।