ਨਵੀ ਦਿੱਲੀ : ਈਰਾਨ ਦੇ ਸੁਪਰੀਮ ਲੀਡਰ ਖਾਮੇਨੇਈ ਦੀ ਮੌਤ ਤੋਂ ਬਾਅਦ ਮਿਡਲ ਈਸਟ ਵਿੱਚ ਤਣਾਅ ਦਾ ਮਾਹੌਲ ਹੈ। ਈਰਾਨ ਆਪਣੇ ਗੁਆਂਢੀ ਦੇਸ਼ਾਂ ਵਿੱਚ ਸਥਿਤ ਅਮਰੀਕੀ ਏਅਰ ਬੇਸਾਂ ‘ਤੇ ਮਿਜ਼ਾਈਲ ਹਮਲੇ ਕਰ ਰਿਹਾ ਹੈ। ਇਸ ਵਿਚਾਲੇ ਦਿੱਲੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਕੈਬਨਿਟ ਕਮੇਟੀ ਆਨ ਸਕਿਓਰਿਟੀ (CCS) ਦੀ ਬੈਠਕ ਹੋਈ। ਇਹ ਬੈਠਕ ਪੱਛਮੀ ਏਸ਼ੀਆ ਵਿੱਚ ਬਦਲਦੇ ਹਾਲਾਤਾਂ ਦੀ ਸਮੀਖਿਆ ਕਰਨ ਲਈ ਬੁਲਾਈ ਗਈ ਸੀ।
ਕਮੇਟੀ ਨੂੰ 28 ਫਰਵਰੀ ਨੂੰ ਈਰਾਨ ਵਿੱਚ ਹੋਏ ਏਅਰ ਸਟ੍ਰਾਈਕ ਅਤੇ ਉਸ ਤੋਂ ਬਾਅਦ ਵਧੀ ਹਿੰਸਾ ਬਾਰੇ ਜਾਣਕਾਰੀ ਦਿੱਤੀ ਗਈ, ਜਿਸ ਵਿੱਚ ਕਈ ਖਾੜੀ ਦੇਸ਼ਾਂ (ਯੂ.ਏ.ਈ., ਕਤਰ ਅਤੇ ਬਹਿਰੀਨ) ਵਿੱਚ ਹੋਏ ਹਮਲੇ ਵੀ ਸ਼ਾਮਲ ਹਨ। ਕਮੇਟੀ ਨੇ ਤਣਾਅਪੂਰਣ ਇਲਾਕਿਆਂ ਵਿੱਚ ਰਹਿ ਰਹੇ ਭਾਰਤੀ ਪ੍ਰਵਾਸੀਆਂ ਦੀ ਸੁਰੱਖਿਆ ਬਾਰੇ ਗੰਭੀਰ ਚਿੰਤਾ ਪ੍ਰਗਟ ਕੀਤੀ।
ਨਾਲ ਹੀ ਸੀਸੀਐਸ ਮੀਟਿੰਗ ਵਿੱਚ ਖੇਤਰ ਵਿੱਚੋਂ ਲੰਘਣ ਵਾਲੇ ਭਾਰਤੀ ਯਾਤਰੀਆਂ ਅਤੇ ਨਿਰਧਾਰਤ ਪ੍ਰੀਖਿਆਵਾਂ ਦੇਣ ਵਾਲੇ ਵਿਦਿਆਰਥੀਆਂ ਨੂੰ ਦਰਪੇਸ਼ ਮੁਸ਼ਕਲਾਂ ਬਾਰੇ ਚਰਚਾ ਕਰਨ ਦੇ ਨਾਲ ਨਾਲ ਖੇਤਰੀ ਸੁਰੱਖਿਆ ਅਤੇ ਆਰਥਿਕ ਅਤੇ ਵਪਾਰਕ ਗਤੀਵਿਧੀਆਂ ਲਈ ਵਿਆਪਕ ਪ੍ਰਭਾਵਾਂ ਦੀ ਵੀ ਸਮੀਖਿਆ ਕੀਤੀ ਗਈ।
ਜ਼ਿਕਰਯੋਗ ਹੈ ਕਿ ਸੀਸੀਐਸ ਨੇ ਸਾਰੇ ਸਬੰਧਤ ਵਿਭਾਗਾਂ ਨੂੰ ਇਨ੍ਹਾਂ ਘਟਨਾਵਾਂ ਤੋਂ ਪ੍ਰਭਾਵਿਤ ਭਾਰਤੀ ਨਾਗਰਿਕਾਂ ਦੀ ਸਹਾਇਤਾ ਲਈ ਜ਼ਰੂਰੀ ਅਤੇ ਤੁਰੰਤ ਉਪਾਅ ਕਰਨ ਦੇ ਨਿਰਦੇਸ਼ ਦਿੱਤੇ। ਇਸਨੇ ਖੇਤਰ ਵਿੱਚ ਚੱਲ ਰਹੇ ਟਕਰਾਅ ਦੇ ਜਲਦੀ ਅੰਤ ਅਤੇ ਗੱਲਬਾਤ ਰਾਹੀਂ ਕੂਟਨੀਤੀ ਵੱਲ ਵਾਪਸੀ ਦੀ ਮਹੱਤਤਾ ‘ਤੇ ਵੀ ਜ਼ੋਰ ਦਿੱਤਾ। ਸੀਸੀਐਸ ਦੇਸ਼ ਦੀ ਸੁਰੱਖਿਆ ਅਤੇ ਰਣਨੀਤਕ ਮਾਮਲਿਆਂ ‘ਤੇ ਸਭ ਤੋਂ ਉੱਚ ਫੈਸਲਾ ਲੈਣ ਵਾਲੀ ਸੰਸਥਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ਸੀਸੀਐਸ ਮੀਟਿੰਗ ਦੀ ਪ੍ਰਧਾਨਗੀ ਕੀਤੀ।
ਦੱਸ ਦਈਏ ਪੱਛਮੀ ਏਸ਼ੀਆਈ ਹਵਾਈ ਖੇਤਰ ਲਗਭਗ ਬੰਦ ਹੈ। ਪੱਛਮੀ ਏਸ਼ੀਆ ਵਿੱਚ ਵਧਦੇ ਫੌਜੀ ਤਣਾਅ ਨੇ ਹਵਾਈ ਸੇਵਾਵਾਂ ਵਿੱਚ ਵਿਘਨ ਪਾਇਆ ਹੈ, ਜਿਸ ਕਾਰਨ ਸੈਂਕੜੇ ਭਾਰਤੀ ਦੁਬਈ ਅਤੇ ਹੋਰ ਪ੍ਰਮੁੱਖ ਹਵਾਈ ਅੱਡਿਆਂ ਵਿੱਚ ਫਸ ਗਏ ਹਨ। ਇਨ੍ਹਾਂ ਵਿੱਚੋਂ ਬਹੁਤ ਸਾਰੇ ਲੋਕ ਸੋਸ਼ਲ ਮੀਡੀਆ ‘ਤੇ ਭਾਰਤ ਸਰਕਾਰ ਤੋਂ ਸਹਾਇਤਾ ਦੀ ਅਪੀਲ ਕਰ ਰਹੇ ਹਨ।
ਮੀਟਿੰਗ ਵਿੱਚ ਉੱਚ ਅਧਿਕਾਰੀਆਂ ਨੇ ਪੱਛਮੀ ਏਸ਼ੀਆ ਦੀ ਮੌਜੂਦਾ ਸਥਿਤੀ ਅਤੇ ਭਾਰਤ ਲਈ ਇਸਦੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ। ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ, ਪ੍ਰਧਾਨ ਮੰਤਰੀ ਦੇ ਪ੍ਰਮੁੱਖ ਸਕੱਤਰ ਪੀ.ਕੇ. ਮਿਸ਼ਰਾ ਅਤੇ ਸ਼ਕਤੀਕਾਂਤ ਦਾਸ, ਰੱਖਿਆ ਸਟਾਫ ਦੇ ਮੁਖੀ ਜਨਰਲ ਅਨਿਲ ਚੌਹਾਨ, ਕੈਬਨਿਟ ਸਕੱਤਰ ਟੀ.ਵੀ. ਸੋਮਨਾਥਨ ਅਤੇ ਵਿਦੇਸ਼ ਸਕੱਤਰ ਵਿਕਰਮ ਮਿਸ਼ਰੀ ਵੀ ਮੌਜੂਦ ਸਨ।ਇਸ ਤੋਂ ਇਲਾਵਾ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਪੂਰੇ ਖੇਤਰ ਵਿੱਚ ਭਾਰਤੀ ਦੂਤਾਵਾਸ ਆਪਣੇ ਨਾਗਰਿਕਾਂ ਨਾਲ ਲਗਾਤਾਰ ਸੰਪਰਕ ਵਿੱਚ ਹਨ ਅਤੇ ਹੈਲਪਲਾਈਨਾਂ ਨੂੰ ਸਰਗਰਮ ਕਰ ਦਿੱਤਾ ਗਿਆ ਹੈ।

