ਚੰਡੀਗੜ੍ਹ: ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਅਤੇ ਹੋਰ ਮੰਗਾਂ ਨੂੰ ਲੈ ਕੇ ਪਿਛਲੇ ਇੱਕ ਸਾਲ ਤੋਂ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੀ ਅੱਜ ਕੇਂਦਰ ਸਰਕਾਰ ਨਾਲ ਅਹਿਮ ਗੱਲਬਾਤ ਹੋਵੇਗੀ। ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 81ਵੇਂ ਦਿਨ ਵੀ ਦਾਤਾਸਿੰਘਵਾਲਾ-ਖਨੌਰੀ ਕਿਸਾਨ ਮੋਰਚੇ ’ਤੇ ਨਿਰੰਤਰ ਜਾਰੀ ਹੈ। ਮੋਰਚੇ ਦੇ 1 ਸਾਲ ਪੂਰਾ ਹੋਣ ’ਤੇ ਐਲਾਨੀ ਗਈ ਮਹਾਂਪੰਚਾਇਤਾਂ ਤਹਿਤ ਬੀਤੇ ਦਿਨ ਸ਼ੰਭੂ ਕਿਸਾਨ ਮੋਰਚੇ ’ਤੇ ਮਹਾਂਪੰਚਾਇਤ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਵੱਡੀ ਗਿਣਤੀ ਵਿਚ ਕਿਸਾਨਾਂ ਨੇ ਭਾਗ ਲਿਆ।
ਚੰਡੀਗੜ੍ਹ ਵਿੱਚ ਹੋਣ ਵਾਲੀ ਇਸ ਵਾਰਤਾ ਵਿੱਚ ਕਿਸਾਨ ਜਥੇਬੰਦੀਆਂ ਦੇ 28 ਮੈਂਬਰ ਹਿੱਸਾ ਲੈਣਗੇ। ਜਗਜੀਤ ਸਿੰਘ ਡੱਲੇਵਾਲ ਵੀ ਉਨ੍ਹਾਂ ਨਾਲ ਹਾਜ਼ਿਰ ਹੋਣਗੇ। ਹਾਲਾਂਕਿ ਹਰਿਆਣਾ ਦੀ ਭਾਰਤੀ ਕਿਸਾਨ ਯੂਨੀਅਨ (ਟਿਕੈਤ ਗਰੁੱਪ) ਅਤੇ ਭਾਰਤੀ ਕਿਸਾਨ ਯੂਨੀਅਨ (ਚੜੂਨੀ ਗਰੁੱਪ) ਇਨ੍ਹਾਂ ਗੱਲਬਾਤ ਤੋਂ ਦੂਰ ਰਹਿਣਗੇ। ਦੋਵਾਂ ਜਥੇਬੰਦੀਆਂ ਦੇ ਪ੍ਰਧਾਨਾਂ ਦਾ ਕਹਿਣਾ ਹੈ ਕਿ ਖਨੌਰੀ ਸਰਹੱਦ ’ਤੇ ਧਰਨਾ ਦੇ ਰਹੇ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਉਨ੍ਹਾਂ ਦਾ ਪੂਰਾ ਸਮਰਥਨ ਹੈ ਪਰ ਉਹ ਧਰਨੇ ਦਾ ਹਿੱਸਾ ਨਹੀਂ ਹਨ।
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਅਜੇ ਇਹ ਸਪੱਸ਼ਟ ਨਹੀਂ ਹੋਇਆ ਹੈ ਕਿ ਕੇਂਦਰ ਤੋਂ ਮੀਟਿੰਗ ਵਿੱਚ ਕੌਣ ਸ਼ਾਮਲ ਹੋਵੇਗਾ। ਉਧਰ, 18 ਜਨਵਰੀ ਨੂੰ ਕੇਂਦਰੀ ਅਧਿਕਾਰੀਆਂ ਨਾਲ ਖਨੌਰੀ ਵਿੱਚ ਹੋਈ ਮੀਟਿੰਗ ਵਿੱਚ ਮੰਤਰੀ ਪੱਧਰ ਦੇ ਆਗੂ ਸ਼ਾਮਲ ਹੋਣ ਦੀ ਗੱਲ ਕਹੀ ਗਈ ਸੀ। ਉਨ੍ਹਾਂ ਕਿਹਾ ਕਿ ਕਿਸਾਨ ਆਗੂ ਆਪਣੀਆਂ ਮੰਗਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕਰਨ ਲਈ ਪੂਰੀ ਤਿਆਰੀ ਨਾਲ ਮੀਟਿੰਗ ਵਿੱਚ ਸ਼ਾਮਿਲ ਹੋਣਗੇ। ਉਨ੍ਹਾਂ ਨੇ ਵੱਖ-ਵੱਖ ਖੇਤੀ ਮਾਹਿਰਾਂ ਨਾਲ ਸਲਾਹ-ਮਸ਼ਵਰਾ ਕਰਕੇ ਡਾਟਾ ਇਕੱਠਾ ਕੀਤਾ ਹੈ, ਜੋ ਘੱਟੋ-ਘੱਟ ਸਮਰਥਨ ਮੁੱਲ ਅਤੇ ਕਰਜ਼ਾ ਮੁਆਫੀ ਲਈ ਲੋੜੀਂਦੇ ਬਜਟ ਦੇ ਵੇਰਵੇ ਪੇਸ਼ ਕਰਨਗੇ। ਉਨ੍ਹਾਂ ਨੂੰ ਉਮੀਦ ਹੈ ਕਿ ਇਸ ਮੀਟਿੰਗ ਦੇ ਸਾਕਾਰਾਤਮਕ ਨਤੀਜੇ ਸਾਹਮਣੇ ਆਉਣਗੇ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।