ਖੇਤੀਬਾੜੀ ਕਾਨੂੰਨਾਂ ਸਬੰਧੀ ਕੇਂਦਰ ਨੇ ਪੰਜਾਬ ਨਾਲ ਕੋਈ ਗੱਲਬਾਤ ਨਹੀਂ ਕੀਤੀ: ਕੈਪਟਨ ਅਮਰਿੰਦਰ ਸਿੰਘ

TeamGlobalPunjab
2 Min Read

ਪਟਿਆਲਾ:- ਗਣਤੰਤਰ ਦਿਵਸ ਮੌਕੇ ਪਟਿਆਲਾ ਵਿੱਚ ਹੋਏ ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਪੁੱਜੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਭਾਸ਼ਨ ਕੇਂਦਰੀ ਖੇਤੀ ਵਿਰੋਧੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਰਹੇ ਕਿਸਾਨਾਂ ਨੂੰ ਸਮਰਪਿਤ ਰਿਹਾ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ‘‘ਗਣਤੰਤਰ ਦਿਵਸ ਦੇ ਜਸ਼ਨਾਂ ਦੌਰਾਨ ਅੱਜ ਉਨ੍ਹਾਂ ਦਾ ਦਿਲ ਕਿਸਾਨਾਂ ਦੇ ਨਾਲ ਹੈ।’’ ਮੁੱਖ ਮੰਤਰੀ ਦਾ ਇਹ ਵੀ ਕਹਿਣਾ ਸੀ ਪੰਜਾਬ ਤੋਂ ਰੋਹ ਭਰੀਆਂ ਆਵਾਜ਼ਾਂ ਉੱਠਣ ਦੇ ਡਰੋਂ ਹੀ ਕੇਂਦਰ ਸਰਕਾਰ ਨੇ ਸ਼ੁਰੂ ’ਚ ਖੇਤੀ ਸੁਧਾਰਾਂ ਵਾਲ਼ੀ ਉੱਚ ਤਾਕਤੀ ਕਮੇਟੀ ‘ਚੋਂ ਪੰਜਾਬ ਨੂੰ ਬਾਹਰ ਰੱਖਿਆ ਤੇ ਇਸ ਮੁੱਦੇ ਬਾਰੇ ਪੱਤਰ ਲਿਖਣ ’ਤੇ ਹੀ ਸ਼ਾਮਲ ਕੀਤਾ ਗਿਆ ਸੀ। ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਕਿ ਖੇਤੀ ਕਾਨੂੰਨਾਂ ਸੰਬੰਧੀ ਉਨ੍ਹਾਂ ਤੇ ਉਨ੍ਹਾਂ ਦੀ ਸਰਕਾਰ ਨਾਲ ਕਦੇ ਵੀ ਸਲਾਹ-ਮਸ਼ਵਰਾ ਨਹੀਂ ਕੀਤਾ ਗਿਆ। ਮੁੱਖ ਮੰਤਰੀ ਦਾ ਤਰਕ ਸੀ ਕਿ ਖੇਤੀ ਕਾਨੂੰਨ ਪੂਰੀ ਤਰ੍ਹਾਂ ਗ਼ਲਤ ਹਨ ਕਿਉਂਕਿ ਭਾਰਤੀ ਸੰਵਿਧਾਨ ਦੀ ਸੂਚੀ 7 ਅਧੀਨ ਖੇਤੀਬਾੜੀ ਸੂਬਾਈ ਵਿਸ਼ਾ ਹੋਣ ਕਰਕੇ ਕੇਂਦਰ ਵੱਲੋਂ ਇਹ ਕਾਨੂੰਨ ਬਣਾਉਣਾ ਹੀ ਸੰਘੀ ਢਾਂਚੇ ਦੇ ਵਿਰੁੱਧ ਹੈ।

ਮੁੱਖ ਮੰਤਰੀ ਨੇ ਕਿਹਾ ਕਿ ‘‘ਬਜ਼ੁਰਗ ਕਿਸਾਨ ਕੌਮੀ ਰਾਜਧਾਨੀ ਦੀਆਂ ਹੱਦਾਂ ’ਤੇ ਆਪਣੇ ਲਈ ਨਹੀਂ ਬੈਠੇ ਸਗੋਂ ਬੱਚਿਆਂ ਤੇ ਆਉਣ ਵਾਲੀਆਂ ਪੀੜ੍ਹੀਆਂ ਦਾ ਭਵਿੱਖ ਸੁਰੱਖਿਅਤ ਬਣਾਉਣ ਲਈ ਬੈਠੇ ਹਨ।’’ ਜਿਹੜੇ ਪੰਜਾਬ ਨੇ ਹਰੀ ਕ੍ਰਾਂਤੀ ਰਾਹੀਂ ਮੁਲਕ ਨੂੰ ਅਨਾਜ ਪੱਖੋਂ ਸਵੈ-ਨਿਰਭਰ ਬਣਾਇਆ ਅੱਜ ਉਸ ਨੂੰ ਹੀ ਨਜ਼ਰਅੰਦਾਜ਼ ਕਰ ਦਿੱਤਾ ਹੈ। ਪੰਜਾਬ ਦੇ ਕਿਸਾਨਾਂ ਦਾ ਮੁਲਕ ਦੇ ਅੰਨ ਭੰਡਾਰ ਵਿੱਚ ਹੁਣ ਵੀ 40 ਫੀਸਦੀ ਯੋਗਦਾਨ ਹੈ। ਜੇਕਰ ਇਹ ਕਾਨੂੰਨ ਰੱਦ ਨਾ ਹੋਏ, ਤਾਂ ਗਰੀਬਾਂ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ।

ਕੋਵਿਡ ਮਹਾਂਮਾਰੀ ਦੌਰਾਨ ਵੀ ਕਣਕ ਤੇ ਝੋਨੇ ਦੀ ਰਿਕਾਰਡ ਪੈਦਾਵਾਰ ਲਈ ਸੂਬੇ ਦੇ ਕਿਸਾਨਾਂ ਦੀਆਂ ਕੋਸ਼ਿਸ਼ਾਂ ਦੀ ਸ਼ਲਾਘਾ ਕਰਦਿਆਂ ਕੈਪਟਨ ਨੇ ਕਿਹਾ ਕਿ ਕਿਸਾਨਾਂ ਦੀ ਭਲਾਈ ਲਈ ਸੂਬਾ ਸਰਕਾਰ ਵੱਲੋਂ ਕਈ ਕਦਮ ਚੁੱਕੇ ਗਏ ਹਨ। ਉਨ੍ਹਾਂ ਨੇ ਜੱਲ੍ਹਿਆਂਵਾਲਾ ਬਾਗ ਦੇ ਦੁਖਾਂਤ ਦੇ ਸ਼ਹੀਦਾਂ ਸਣੇ ਆਜ਼ਾਦੀ ਸੰਘਰਸ਼ ਦੇ ਪਰਵਾਨਿਆਂ ਨੂੰ ਸਿਜਦਾ ਕੀਤਾ। ਇਸ ਦੌਰਾਨ ਮੁੱਖ ਮੰਤਰੀ ਨੇ ਪਰੇਡ ਤੋਂ ਸਲਾਮੀ ਲਈ, ਜਿਸ ਦੌਰਾਨ ਡਿਪਟੀ ਕਮਿਸ਼ਨਰ ਕੁਮਾਰ ਅਮਿਤ ਤੇ ਐੱਸਐੱਸਪੀ ਵਿਕਰਮਜੀਤ ਦੁੱਗਲ ਵੀ ਮੌਜੂਦ ਸਨ। ਇਸ ਦੌਰਾਨ ਕਈ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਗਿਆ।

Share this Article
Leave a comment