ਨਵੀ ਦਿੱਲੀ, 24 ਮਾਰਚ: ਕੇਂਦਰ ਸਰਕਾਰ ਨੇ ਸੰਸਦ ਮੈਂਬਰਾਂ ਦੀਆਂ ਤਨਖਾਹਾਂ ਵਿੱਚ 24 ਫੀਸਦੀ ਵਾਧੇ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਸੰਸਦੀ ਮਾਮਲਿਆਂ ਦੇ ਮੰਤਰਾਲੇ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਇਹ ਸੋਧਿਆ ਹੋਇਆ ਤਨਖਾਹ ਸਕੇਲ 1 ਅਪ੍ਰੈਲ 2023 ਤੋਂ ਲਾਗੂ ਹੋਵੇਗਾ। ਮੰਤਰਾਲੇ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਨਾ ਸਿਰਫ ਸੰਸਦ ਮੈਂਬਰਾਂ ਦੀ ਤਨਖਾਹ ਵਧਾਈ ਗਈ ਹੈ, ਸਗੋਂ ਮੀਟਿੰਗਾਂ ਵਿੱਚ ਸ਼ਾਮਲ ਹੋਣ ਲਈ ਮਿਲਣ ਵਾਲਾ ਰੋਜ਼ਾਨਾ ਭੱਤਾ, ਸਾਬਕਾ ਸੰਸਦ ਮੈਂਬਰਾਂ ਦੀ ਪੈਨਸ਼ਨ ਵਿੱਚ ਵੀ ਵਾਧਾ ਕੀਤਾ ਗਿਆ ਹੈ।
ਸੰਸਦ ਮੈਂਬਰਾਂ ਦੀ ਮਾਸਿਕ ਤਨਖਾਹ ਪਹਿਲਾਂ 1,00,000 ਰੁਪਏ ਸੀ, ਜਿਸ ਨੂੰ ਵਧਾ ਕੇ 1,24,000 ਰੁਪਏ ਪ੍ਰਤੀ ਮਹੀਨਾ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਰੋਜ਼ਾਨਾ ਭੱਤਾ 2,000 ਰੁਪਏ ਤੋਂ ਵਧਾ ਕੇ 2,500 ਰੁਪਏ ਕਰ ਦਿੱਤਾ ਗਿਆ ਹੈ। ਸਾਬਕਾ ਸੰਸਦ ਮੈਂਬਰਾਂ ਦੀ ਮਹੀਨਾਵਾਰ ਪੈਨਸ਼ਨ ਵੀ 25,000 ਰੁਪਏ ਤੋਂ ਵਧਾ ਕੇ 31,000 ਰੁਪਏ ਕਰ ਦਿੱਤੀ ਗਈ ਹੈ। 5 ਸਾਲ ਤੋਂ ਵੱਧ ਸੇਵਾ ਲਈ ਵਾਧੂ ਪੈਨਸ਼ਨ, ਜੋ ਪਹਿਲਾਂ 2,000 ਰੁਪਏ ਪ੍ਰਤੀ ਮਹੀਨਾ ਸੀ, ਨੂੰ ਵੀ ਵਧ ਕੇ ਹੁਣ 2500 ਰੁਪਏ ਪ੍ਰਤੀ ਮਹੀਨਾ ਕਰ ਦਿੱਤਾ ਗਿਆ ਹੈ।
ਸਰਕਾਰ ਨੇ ਮਹਿੰਗਾਈ ਨੂੰ ਧਿਆਨ ‘ਚ ਰੱਖਦਿਆਂ ਤਨਖਾਹ ‘ਚ ਇਹ ਵਾਧਾ ਕੀਤਾ ਹੈ, ਜਿਸ ਨਾਲ ਸੰਸਦ ਮੈਂਬਰਾਂ ਨੂੰ ਕਾਫੀ ਮਦਦ ਮਿਲੇਗੀ। ਇਸ ‘ਤੇ ਸਰਕਾਰ ਦਾ ਕਹਿਣਾ ਹੈ ਕਿ ਇਹ ਤਨਖਾਹ ਵਾਧਾ ਪਿਛਲੇ 5 ਸਾਲਾਂ ‘ਚ ਵਧੀ ਮਹਿੰਗਾਈ ਦੇ ਮੱਦੇਨਜ਼ਰ ਕੀਤਾ ਗਿਆ ਹੈ। ਸੰਸਦੀ ਮਾਮਲਿਆਂ ਦੇ ਮੰਤਰਾਲੇ ਦੁਆਰਾ ਜਾਰੀ ਨੋਟੀਫਿਕੇਸ਼ਨ ਅਨੁਸਾਰ, “ਸੰਸਦ ਮੈਂਬਰਾਂ ਦੀਆਂ ਤਨਖਾਹਾਂ ਵਿੱਚ ਲਾਗਤ ਮਹਿੰਗਾਈ ਸੂਚਕ ਅੰਕ ਦੇ ਆਧਾਰ ‘ਤੇ 24 ਪ੍ਰਤੀਸ਼ਤ ਦਾ ਵਾਧਾ ਕੀਤਾ ਗਿਆ ਹੈ, ਜੋ ਕਿ 1 ਅਪ੍ਰੈਲ, 2023 ਤੋਂ ਲਾਗੂ ਹੋਵੇਗਾ।”
ਦੱਸ ਦੇਈਏ ਕਿ ਇਹ ਕਦਮ ਕਰਨਾਟਕ ਸਰਕਾਰ ਵੱਲੋਂ ਮੁੱਖ ਮੰਤਰੀ, ਮੰਤਰੀਆਂ ਅਤੇ ਵਿਧਾਇਕਾਂ ਦੀਆਂ ਤਨਖਾਹਾਂ ਵਿੱਚ 100 ਫੀਸਦੀ ਵਾਧੇ ਨੂੰ ਮਨਜ਼ੂਰੀ ਦੇਣ ਤੋਂ ਕੁਝ ਦਿਨ ਬਾਅਦ ਚੁੱਕਿਆ ਗਿਆ ਹੈ। ਹਾਲਾਂਕਿ ਕਰਨਾਟਕ ਵਿਧਾਨ ਸਭਾ ‘ਚ ਵਿਧਾਇਕਾਂ ਦੇ ਤਨਖ਼ਾਹ ਭੱਤਿਆਂ ‘ਚ ਵਾਧੇ ‘ਤੇ ਜ਼ੋਰਦਾਰ ਬਹਿਸ ਵੀ ਹੋਈ ਸੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।