ਨਵੀਂ ਦਿੱਲੀ: ਕੇਂਦਰ ਸਰਕਾਰ ਵਲੋਂ ਤਿੰਨਾਂ ਖੇਤੀਬਾੜੀ ਕਾਨੂੰਨਾਂ ਦੀ ਵਾਪਸੀ ਦਾ ਐਲਾਨ ਕੀਤੇ ਜਾਣ ਤੋਂ ਬਾਅਦ ਵੀ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ ਹੈ। ਜਿਸ ‘ਤੇ ਖੇਤੀਬਾੜੀ ਮੰਤਰੀ ਤੋਮਰ ਨੇ ਕਿਹਾ ਕਿ, ‘ਕਾਨੂੰਨਾਂ ਨੂੰ ਰੱਦ ਕਰਨ ਦੇ ਐਲਾਨ ਤੋਂ ਬਾਅਦ ਕਿਸਾਨਾਂ ਦਾ ਅੰਦੋਲਨ ਜਾਰੀ ਰੱਖਣ ਦਾ ਕੋਈ ਮਤਲਬ ਨਹੀਂ ਹੈ। ਮੈਂ ਕਿਸਾਨਾਂ ਨੂੰ ਅੰਦੋਲਨ ਖਤਮ ਕਰਨ ਤੇ ਘਰ ਜਾਣ ਦੀ ਅਪੀਲ ਕਰਦਾ ਹਾਂ।’
ਇਸ ਤੋਂ ਇਲਾਵਾ ਖੇਤੀ ਮੰਤਰੀ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਵੱਲੋਂ ਪਰਾਲੀ ਸਾੜਨ ਨੂੰ ਅਪਰਾਧ ਮੁਕਤ ਕਰਨ ਦੀ ਮੰਗ ਕੀਤੀ ਗਈ ਸੀ। ਭਾਰਤ ਸਰਕਾਰ ਨੇ ਇਹ ਮੰਗ ਵੀ ਮੰਨ ਲਈ ਹੈ।
ਪਰਾਲੀ ਸਾੜਨ ਨੂੰ ਅਪਰਾਧ ਦੀ ਸ਼੍ਰੇਣੀ ਤੋਂ ਬਾਹਰ ਰੱਖਣ ਦਾ ਫੈਸਲਾ ਸੰਸਦ ਦਾ ਸਰਦ ਰੁੱਤ ਸੈਸ਼ਨ ਸ਼ੁਰੂ ਹੋਣ ਤੋਂ ਦੋ ਦਿਨ ਪਹਿਲਾਂ ਕੇਂਦਰ ਸਰਕਾਰ ਨੇ ਲਿਆ ਹੈ। ਇਸ ਤੋਂ ਪਹਿਲਾਂ ਤੋਮਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਫਸਲੀ ਵਿਭਿੰਨਤਾ, ਜ਼ੀਰੋ-ਬਜਟ ਖੇਤੀ, ਅਤੇ ਐਮਐਸਪੀ ਪ੍ਰਣਾਲੀ ਨੂੰ ਹੋਰ ਪਾਰਦਰਸ਼ੀ ਅਤੇ ਪ੍ਰਭਾਵੀ ਬਣਾਉਣ ਦੇ ਮੁੱਦਿਆਂ ‘ਤੇ ਵਿਚਾਰ ਕਰਨ ਲਈ ਇੱਕ ਕਮੇਟੀ ਦੇ ਗਠਨ ਦਾ ਐਲਾਨ ਕੀਤਾ ਹੈ। ਇਸ ਕਮੇਟੀ ਵਿੱਚ ਕਿਸਾਨ ਜਥੇਬੰਦੀਆਂ ਦੇ ਨੁਮਾਇੰਦੇ ਹੋਣਗੇ।
ਉਨ੍ਹਾਂ ਕਿਹਾ ਕਿ ਇਸ ਕਮੇਟੀ ਦੇ ਗਠਨ ਨਾਲ ਘੱਟੋ-ਘੱਟ ਸਮਰਥਨ ਮੁੱਲ ‘ਤੇ ਕਿਸਾਨਾਂ ਦੀ ਮੰਗ ਪੂਰੀ ਹੋ ਗਈ ਹੈ। ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਸੰਦਰਭ ਵਿੱਚ ਕੇਂਦਰੀ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਇਸ ਨਾਲ ਸਬੰਧਤ ਬਿੱਲ ਸਰਦ ਰੁੱਤ ਸੈਸ਼ਨ ਦੇ ਪਹਿਲੇ ਦਿਨ ਸੰਸਦ ਵਿੱਚ ਪੇਸ਼ ਕੀਤਾ ਜਾਵੇਗਾ।