ਜਗਤਾਰ ਸਿੰਘ ਸਿੱਧੂ;
ਹੁਣ ਨਜ਼ਰਾਂ ਕੇਂਦਰ ਅਤੇ ਕਿਸਾਨ ਆਗੂਆਂ ਦੀ ਭਲਕੇ 14 ਫਰਵਰੀ ਨੂੰ ਚੰਡੀਗੜ੍ਹ ਹੋ ਰਹੀ ਮੀਟਿੰਗ ਤੇ ਟਿਕੀਆਂ ਹੋਈਆਂ ਹਨ। ਮੀਟਿੰਗ ਵਿੱਚ ਸ਼ੰਭੂ ਅਤੇ ਖਨੌਰੀ ਬਾਰਡਰ ਤੇ ਅੰਦੋਲਨ ਚਲਾ ਰਹੀਆਂ ਜਥੇਬੰਦੀਆਂ ਦੇ ਆਗੂ ਸਰਵਣ ਸਿੰਘ ਪੰਧੇਰ ਅਤੇ ਜਗਜੀਤ ਸਿੰਘ ਡੱਲੇਵਾਲ ਆਪਣੇ ਸਾਥੀਆਂ ਨਾਲ ਸ਼ਾਮਲ ਹੋਣਗੇ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਇਸ ਮੌਕੇ ਚਿਤਾਵਨੀ ਵੀ ਦਿੱਤੀ ਹੈ ਕਿ ਜੇਕਰ ਕੱਲ ਦੀ ਮੀਟਿੰਗ ਵਿੱਚ ਕੇਂਦਰ ਸਰਕਾਰ ਦਾ ਰੁਖ ਨਾਂਹ ਪੱਖੀ ਰਿਹਾ ਤਾਂ 25 ਫਰਵਰੀ ਨੂੰ ਕਿਸਾਨ ਦਿੱਲੀ ਵੱਲ ਮੁੜ ਪੈਦਲ ਕੂਚ ਕਰਨਗੇ।
ਭਲਕੇ ਕੇਂਦਰ ਅਤੇ ਕਿਸਾਨ ਆਗੂਆਂ ਦੀ ਹੋਣ ਜਾ ਰਹੀ ਮੀਟਿੰਗ ਤੋਂ ਪਹਿਲਾਂ ਸ਼ੰਭੂ ਬਾਰਡਰ ਤੇ ਪੰਧੇਰ ਵਲੋਂ ਕਿਸਾਨ ਮਹਾਪੰਚਾਇਤ ਕਰਕੇ ਸ਼ਕਤੀ ਪ੍ਰਦਰਸ਼ਨ ਵੀ ਕੀਤਾ ਗਿਆ ਹੈ ।ਕਿਸਾਨ ਨੇਤਾ ਨੇ ਕਿਹਾ ਹੈ ਕਿ ਮੀਟਿੰਗ ਵਿੱਚ ਕਿਸਾਨਾਂ ਦੀਆਂ ਮੰਗਾਂ ਪ੍ਰਵਾਨ ਕੀਤੀਆਂ ਜਾਣ। ਕਿਸਾਨ ਆਪਣੀਆਂ ਮੰਗਾਂ ਪੂਰੀਆਂ ਕਰਵਾਏ ਬਗੈਰ ਘਰਾਂ ਨੂੰ ਨਹੀਂ ਪਰਤਣਗੇ ਅਤੇ ਇਹ ਦੇਸ਼ ਦੀ ਲੜਾਈ ਹੈ।
ਕਿਸਾਨ ਆਗੂਆਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਵੀ ਅਪੀਲ ਕੀਤੀ ਹੈ ਕਿ ਪੰਜਾਬ ਵਿਧਾਨ ਸਭਾ ਦੇ ਦੋ ਰੋਜ਼ਾ ਵਿਸ਼ੇਸ਼ ਸੈਸ਼ਨ ਵਿੱਚ ਕੇਂਦਰ ਵਲੋਂ ਲਿਆਂਦੇ ਜਾ ਰਹੇ ਨਵੇਂ ਤਿੰਨ ਸੋਧੇ ਹੋਏ ਖੇਤੀ ਕਾਨੂੰਨ ਰੱਦ ਕੀਤੇ ਜਾਣ । ਬੇਸ਼ਕ ਪੰਜਾਬ ਸਰਕਾਰ ਪਹਿਲਾਂ ਹੀ ਕੇਂਦਰ ਦੇ ਨਵੇਂ ਸੋਧੇ ਖੇਤੀ ਕਾਨੂੰਨ ਰੱਦ ਕਰ ਚੁੱਕਾ ਹੈ ਪਰ ਵਿਧਾਨ ਸਭਾ ਦੇ ਰੱਦ ਕਰਨ ਦਾ ਅਰਥ ਸਾਰੀਆਂ ਧਿਰਾਂ ਵੱਲੋਂ ਰੱਦ ਕਰਨਾ ਹੈ। ਮੁੱਖ ਮੰਤਰੀ ਭਗਵੰਤ ਮਾਨ ਕਈ ਮੌਕਿਆਂ ਉੱਤੇ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਪ੍ਰਵਾਨ ਕਰਨ ਲਈ ਬੇਨਤੀ ਵੀ ਕਰ ਚੁੱਕੇ ਹਨ।
ਭਲਕੇ ਕਿਸਾਨਾਂ ਨਾਲ ਕੇਂਦਰ ਦੀ ਹੋ ਰਹੀ ਮੀਟਿੰਗ ਕਈ ਕਾਰਨਾਂ ਕਰਕੇ ਅਹਿਮ ਮੰਨੀ ਜਾ ਰਹੀ ਹੈ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਪਿਛਲੇ ਲੰਬੇ ਸਮੇਂ ਤੋਂ ਮਰਨ ਵਰਤ ਤੇ ਬੈਠੇ ਹਨ। ਡੱਲੇਵਾਲ ਫਸਲਾਂ ਦੀ ਘੱਟੋ-ਘੱਟ ਕੀਮਤ ਲਈ ਕਾਨੂੰਨੀ ਗਾਰੰਟੀ ਸਮੇਤ ਕਈ ਹੋਰ ਅਹਿਮ ਮੰਗਾਂ ਦੀ ਪੂਰਤੀ ਦੀ ਮੰਗ ਕਰ ਰਹੇ ਹਨ। ਸੁਪਰੀਮ ਕੋਰਟ ਵੀ ਵਾਰ ਵਾਰ ਡੱਲੇਵਾਲ ਦੀ ਸਿਹਤ ਲਈ ਚਿੰਤਾ ਕਰਦਾ ਰਿਹਾ ਹੈ ਪਰ ਡੱਲੇਵਾਲ ਦਾ ਕਹਿਣਾ ਹੈ ਕਿ ਉਨਾਂ ਦੀ ਸਿਹਤ ਨਾਲੋਂ ਕਿਸਾਨੀ ਮੰਗਾਂ ਦੀ ਪੂਰਤੀ ਅਹਿਮ ਹੈ। ਭਲਕੇ ਕੇਂਦਰ ਨਾਲ ਹੋ ਰਹੀ ਮੀਟਿੰਗ ਵਿੱਚ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਦੇ ਵੀ ਸ਼ਾਮਲ ਹੋਣ ਦੀ ਆਸ ਹੈ ਪਰ ਇਹ ਕਿਸਾਨ ਨੇਤਾ ਦੀ ਸਿਹਤ ਉੱਤੇ ਵਧੇਰੇ ਨਿਰਭਰ ਕਰਦਾ ਹੈ।
ਇਸ ਸਾਰੇ ਕਾਸੇ ਦੇ ਚਲਦਿਆਂ ਸ਼ੰਭੂ ਬਾਰਡਰ ਅਤੇ ਖਨੌਰੀ ਬਾਰਡਰ ਦੇ ਕਿਸਾਨਾਂ ਨੇ ਸਾਂਝੇ ਤੌਰ ਤੇ ਕਿਸੇ ਵੀ ਤਰ੍ਹਾਂ ਦੋਹੇਂ ਫੋਰਮਾ ਦੇ ਮਤਭੇਦਾਂ ਨੂੰ ਖੰਡਨ ਕੀਤਾ ਹੈ । ਪੰਧੇਰ ਦਾ ਕਹਿਣਾ ਹੈ ਇਹ ਸਾਂਝ ਹਿਮਾਲਿਆ ਜਿੰਨੀ ਮਜ਼ਬੂਤ ਹੈ। ਪੰਧੇਰ ਨੇ ਮੁੜ ਦੁਹਰਾਇਆ ਹੈ ਕਿ ਦੂਜੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨਾਲ ਏਕਾ ਹੋਵੇਗਾ ਕਿਉਂਕਿ ਕੇਂਦਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਦਾ ਰਲਕੇ ਟਾਕਰਾ ਕੀਤਾ ਜਾ ਸਕਦਾ ਹੈ ਅਤੇ ਮੰਗਾਂ ਮਨਵਾਈਆਂ ਜਾ ਸਕਦੀਆਂ ਹਨ।
ਸੰਪਰਕ/9814002186