LPG ਕਿੱਲਤ ਸਬੰਧੀ ਅਫ਼ਵਾਹਾਂ ‘ਤੇ ਕੇਂਦਰ ਸਖ਼ਤ! ਰਾਜਾਂ ਨੂੰ ਸਹੀ ਜਾਣਕਾਰੀ ਸਾਂਝੀ ਕਰਨ ਦੇ ਦਿੱਤੇ ਨਿਰਦੇਸ਼

Global Team
3 Min Read

ਨਵੀ ਦਿੱਲੀ : ਦੇਸ਼ ਵਿੱਚ ਐਲ.ਪੀ.ਜੀ ਅਤੇ ਹੋਰ ਪੈਟਰੋਲੀਅਮ ਪਦਾਰਥਾਂ ਦੀ ਉਪਲਬਧਤਾ ਨੂੰ ਲੈ ਕੇ ਫੈਲ ਰਹੀਆਂ ਅਫ਼ਵਾਹਾਂ ‘ਤੇ ਕੇਂਦਰ ਸਰਕਾਰ ਨੇ ਸਖ਼ਤ ਰੁਖ਼ ਅਪਣਾਇਆ ਹੈ। ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰਾਲੇ ਨੇ ਇਸ ਸਬੰਧ ਵਿੱਚ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਮੁੱਖ ਸਕੱਤਰਾਂ ਨੂੰ ਪੱਤਰ ਲਿਖ ਕੇ ਆਮ ਜਨਤਾ ਤੱਕ ਸਹੀ, ਸਪਸ਼ਟ ਅਤੇ ਤੱਥਾਂ ‘ਤੇ ਆਧਾਰਿਤ ਜਾਣਕਾਰੀ ਨਿਯਮਿਤ ਰੂਪ ਵਿੱਚ ਪਹੁੰਚਾਉਣ ਦੇ ਨਿਰਦੇਸ਼ ਦਿੱਤੇ ਹਨ।

ਮੰਤਰਾਲੇ ਨੇ ਕਿਹਾ ਹੈ ਕਿ ਪਿਛਲੇ ਦਿਨੀਂ ਸੋਸ਼ਲ ਮੀਡੀਆ ਅਤੇ ਕੁਝ ਹੋਰ ਮਾਧਿਅਮਾਂ ‘ਤੇ ਗੈਸ ਦੀ ਕਿੱਲਤ ਅਤੇ ਕੀਮਤਾਂ ਨੂੰ ਲੈ ਕੇ ਖ਼ਬਰਾਂ ਫੈਲਾਈਆਂ ਜਾ ਰਹੀਆਂ ਹਨ। ਇਨ੍ਹਾਂ ਅਫ਼ਵਾਹਾਂ ਕਾਰਨ ਲੋਕਾਂ ਵਿੱਚ ਬੇਲੋੜਾ ਡਰ ਅਤੇ ਭੰਬਲਭੂਸੇ ਵਾਲੀ ਸਥਿਤੀ ਬਣ ਰਹੀ ਹੈ, ਜਿਸ ਕਾਰਨ ਕਈ ਥਾਵਾਂ ‘ਤੇ ‘ਪੈਨਿਕ ਬਾਇੰਗ’ ਅਤੇ ਜਮ੍ਹਾਂਖੋਰੀ ਵਰਗੀਆਂ ਸਮੱਸਿਆਵਾਂ ਸਾਹਮਣੇ ਆਈਆਂ ਹਨ। ਇਸ ਨਾਲ ਵੰਡ ਪ੍ਰਣਾਲੀ ‘ਤੇ ਵਾਧੂ ਦਬਾਅ ਵੀ ਪੈ ਰਿਹਾ ਹੈ।

ਪੈਟਰੋਲੀਅਮ ਸਕੱਤਰ ਨੀਰਜ ਮਿੱਤਲ ਨੇ ਆਪਣੇ ਪੱਤਰ ਵਿੱਚ ਕਿਹਾ ਕਿ ਕੁਝ ਖੇਤਰਾਂ ਵਿੱਚ ਅਜੇ ਵੀ ਅਫ਼ਵਾਹਾਂ ਅਤੇ ਗਲਤ ਜਾਣਕਾਰੀ ਫੈਲ ਰਹੀ ਹੈ, ਜਿਸ ਨਾਲ ਲੋਕਾਂ ਵਿੱਚ ਬੇਲੋੜਾ ਡਰ ਪੈਦਾ ਹੋ ਰਿਹਾ ਹੈ। ਮੰਤਰਾਲੇ ਨੇ ਰਾਜਾਂ ਨੂੰ ਅਪੀਲ ਕੀਤੀ ਹੈ ਕਿ ਉਹ ਸੰਚਾਰ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਤਾਂ ਜੋ ਸਥਿਤੀ ਆਮ ਵਾਂਗ ਬਣੀ ਰਹੇ।

ਮੰਤਰਾਲੇ ਨੇ ਸਲਾਹ ਦਿੱਤੀ ਹੈ ਕਿ ਸੀਨੀਅਰ ਪੱਧਰ ‘ਤੇ ਰੋਜ਼ਾਨਾ ਪ੍ਰੈੱਸ ਬ੍ਰੀਫਿੰਗ ਕੀਤੀ ਜਾਵੇ ਅਤੇ ਸੋਸ਼ਲ ਤੇ ਇਲੈਕਟ੍ਰਾਨਿਕ ਮੀਡੀਆ ਰਾਹੀਂ ਸਹੀ ਤੇ ਸਮੇਂ ਸਿਰ ਜਾਣਕਾਰੀ ਦਿੱਤੀ ਜਾਵੇ, ਤਾਂ ਜੋ ਲੋਕਾਂ ਨੂੰ ਐਲ.ਪੀ.ਜੀ. ਦੀ ਲੋੜੀਂਦੀ ਉਪਲਬਧਤਾ ਅਤੇ ਸੁਚਾਰੂ ਵੰਡ ਦਾ ਭਰੋਸਾ ਮਿਲ ਸਕੇ ਅਤੇ ਅਫ਼ਵਾਹਾਂ ‘ਤੇ ਰੋਕ ਲਗਾਈ ਜਾ ਸਕੇ।

ਕੇਂਦਰ ਸਰਕਾਰ ਦੇ ਮੁਤਾਬਕ ਫਿਲਹਾਲ ਸਿਰਫ 17 ਰਾਜ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਹੀ ਨਿਯਮਿਤ ਜਾਂ ਜ਼ਰੂਰਤ ਅਧਾਰਤ ਪ੍ਰੈੱਸ ਬ੍ਰੀਫਿੰਗ ਕਰ ਰਹੇ ਹਨ। ਇਨ੍ਹਾਂ ਵਿੱਚ ਉੱਤਰ ਪ੍ਰਦੇਸ਼, ਬਿਹਾਰ, ਮਹਾਰਾਸ਼ਟਰ, ਤਮਿਲਨਾਡੂ, ਤੇਲੰਗਾਨਾ, ਰਾਜਸਥਾਨ, ਗੁਜਰਾਤ, ਮੱਧ ਪ੍ਰਦੇਸ਼ ਅਤੇ ਕੇਰਲ ਵਰਗੇ ਵੱਡੇ ਰਾਜ ਸ਼ਾਮਲ ਹਨ। ਬਾਕੀ ਰਾਜਾਂ ਨੂੰ ਵੀ ਇਸੇ ਤਰ੍ਹਾਂ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ ਗਈ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment