ਨਵੀਂ ਦਿੱਲੀ: ਖੇਤੀ ਕਾਨੂੰਨ ਮੁੱਦੇ ‘ਤੇ ਅੱਜ ਕਿਸਾਨਾਂ ਵੱਲੋਂ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਜਿਸ ਤਹਿਤ ਪੂਰੇ ਦੇਸ਼ ਵਿੱਚ ਇਸ ਦਾ ਅਸਰ ਦਿਖਾਈ ਦੇ ਰਿਹਾ ਹੈ। ਇਸ ਵਿਚਾਲੇ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਇਹ ਭਾਰਤ ਬੰਦ ਨਹੀਂ ਸਿਆਸੀ ਬੰਦ ਹੈ, ਇਹ ਸਿਆਸੀ ਪਾਰਟੀਆਂ ਵੱਲੋਂ ਬੰਦ ਕੀਤਾ ਜਾ ਰਿਹਾ ਹੈ। ਇਸ ਦਾ ਕਿਸਾਨਾਂ ਨਾਲ ਕੋਈ ਸਬੰਧ ਨਹੀਂ ਹੈ। ਵਿਰੋਧੀ ਧਿਰਾਂ ਕਿਸਾਨਾਂ ਦੇ ਨਾਮ ‘ਤੇ ਸਿਆਸਤ ਕਰ ਰਹੀਆਂ ਹਨ।
ਇਸ ਦੌਰਾਨ ਨਰੇਂਦਰ ਤੋਮਰ ਨੇ ਇਹ ਵੀ ਕਿਹਾ ਕਿ ਭਾਰਤ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ। ਕਿਸਾਨਾਂ ਨਾਲ ਗੱਲਬਾਤ ਚੱਲ ਰਹੀ ਹੈ, ਉਮੀਦ ਕੀਤੀ ਜਾ ਰਹੀ ਹੈ ਕਿ ਇਸ ਮਸਲੇ ਦਾ ਹੱਲ ਜਲਦ ਹੀ ਕੱਢ ਲਿਆ ਜਾਵੇਗਾ।
ਹਾਲਾਂਕਿ ਕਿਸਾਨ ਜਥੇਬੰਦੀਆਂ ਨੇ ਦਾਅਵਾ ਕੀਤਾ ਹੈ ਕਿ ਟਰੱਕ ਯੂਨੀਅਨਾਂ ਨੇ ਉਹਨਾਂ ਦੇ ਅੰਦੋਲਨ ਨੂੰ ਹਿਮਾਇਤ ਕਰਦੇ ਹੋਏ ਚੱਕਾ ਜਾਮ ਕਰਨ ਦਾ ਫੈਸਲਾ ਲਿਆ ਸੀ। ਟਰੱਕ ਯੂਨੀਅਨਾਂ ਦੀ ਇਸ ਪੇਸ਼ਕਸ਼ ਨੂੰ ਕਿਸਾਨ ਜਥੇਬੰਦੀਆਂ ਨੇ ਸਵਿਕਾਰ ਕੀਤਾ ਅਤੇ ਭਾਰਤ ਬੰਦ ਰੱਖਣ ਦਾ ਸੱਦਾ ਦਿੱਤਾ।