ਨਵੀਂ ਦਿੱਲੀ: ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਕੇਂਦਰ ਤੋਂ 1200 ਕਰੋੜ ਰੁਪਏ ਦੀ ਪ੍ਰੋਤਸਾਹਨ ਰਾਸ਼ੀ ਦੀ ਮੰਗ ਕੀਤੀ ਹੈ। ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਦਾਇਰ ਹਲਫ਼ਨਾਮੇ ਵਿੱਚ ਕਿਹਾ ਹੈ ਕਿ ਪੰਜਾਬ ਸਰਕਾਰ ਵੀ ਹਰਿਆਣਾ ਸਰਕਾਰ ਵਾਂਗ ਆਪਣੇ ਬਜਟ ਵਿੱਚੋਂ ਕਿਸਾਨਾਂ ਨੂੰ ਪ੍ਰੋਤਸਾਹਨ ਦੇ ਸਕਦੀ ਹੈ। ਤਾਂ ਜੋ ਪਰਾਲੀ ਸਾੜਨ ‘ਤੇ ਕਾਬੂ ਪਾਇਆ ਜਾ ਸਕੇ।
ਕੇਂਦਰ ਦਾ ਜਵਾਬ ਸੀ ਕਿ ਇਹ ਦੱਸਣਾ ਜ਼ਰੂਰੀ ਹੈ ਕਿ ਹਰਿਆਣਾ ਸਰਕਾਰ ਰੈੱਡ ਜ਼ੋਨ ਪੰਚਾਇਤਾਂ ਨੂੰ ਜ਼ੀਰੋ ਪਰਾਲੀ ਸਾੜਨ ਲਈ ਆਪਣੇ ਬਜਟ ਤੋਂ 1,00,000 ਰੁਪਏ ਅਤੇ ਯੈਲੋ ਜ਼ੋਨ ਪੰਚਾਇਤਾਂ ਨੂੰ 50,000 ਰੁਪਏ ਦੀ ਪ੍ਰੋਤਸਾਹਨ ਦੇ ਰਹੀ ਹੈ।
ਇਸ ਤੋਂ ਇਲਾਵਾ ‘ਮੇਰਾ ਪਾਣੀ ਮੇਰੀ ਵਿਰਾਸਤ’ ਸਕੀਮ ਤਹਿਤ ਬਦਲਵੀਆਂ ਫਸਲਾਂ ਵੱਲ ਜਾਣ ਲਈ ਪ੍ਰਤੀ ਏਕੜ 7000 ਰੁਪਏ ਅਤੇ ਝੋਨੇ ਦੀ ਸਿੱਧੀ ਬਿਜਾਈ ਲਈ 4000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਪ੍ਰੋਤਸਾਹਨ ਵੀ ਦਿੱਤਾ ਜਾ ਰਿਹਾ ਹੈ। ਇਨ੍ਹਾਂ ਕਦਮਾਂ ਨਾਲ ਸੂਬੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਕਾਫੀ ਕਮੀ ਆਈ ਹੈ।
ਪਿਛਲੇ ਮਹੀਨੇ ਸੁਪਰੀਮ ਕੋਰਟ ਨੇ ਕੇਂਦਰ ਨੂੰ ਹੁਕਮ ਦਿੱਤਾ ਸੀ ਕਿ ਪੰਜਾਬ ਸਰਕਾਰ ਦੀ 1200 ਕਰੋੜ ਰੁਪਏ ਦੀ ਮੰਗ ‘ਤੇ ਦੋ ਹਫ਼ਤਿਆਂ ਵਿੱਚ ਫ਼ੈਸਲਾ ਲਿਆ ਜਾਵੇ। ਪੰਜਾਬ ਦੇ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਨੇ ਉਦੋਂ ਜ਼ੋਰ ਦੇ ਕੇ ਕਿਹਾ ਸੀ ਕਿ ਕਿਸਾਨਾਂ ‘ਤੇ ਜੁਰਮਾਨਾ ਲਾਉਣ ਨਾਲ ਸਮੱਸਿਆ ਹੱਲ ਨਹੀਂ ਹੋਵੇਗੀ। ਜ਼ਿਆਦਾਤਰ ਕਿਸਾਨ ਛੋਟੀਆਂ ਜ਼ਮੀਨਾਂ ਦੇ ਮਾਲਕ ਹਨ ਅਤੇ ਉਨ੍ਹਾਂ ਨੂੰ ਉਤਸ਼ਾਹਿਤ ਕਰਨ ਦੀ ਲੋੜ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।