ਚੰਡੀਗੜ੍ਹ: ਹਰਿਆਣਾ ਦੇ ਕਿਸਾਨ ਲੀਡਰ ਗੁਰਨਾਮ ਸਿੰਘ ਚਢੂਨੀ ਦੀ ਸੰਯੁਕਤ ਕਿਸਾਨ ਮੋਰਚੇ ਨਾਲ ਅਣਬਣ ਵਧਦੀ ਜਾ ਰਹੀ ਹੈ। ਅਗਲੇ ਸਾਲ ਪੰਜਾਬ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਸੰਬੰਧ ਵਿੱਚ, ਹਰਿਆਣਾ ਭਾਰਤੀ ਕਿਸਾਨ ਯੂਨੀਅਨ (ਚਢੂਨੀ) ਦੇ ਰਾਸ਼ਟਰੀ ਪ੍ਰਧਾਨ ਗੁਰਨਾਮ ਸਿੰਘ ਚਢੂਨੀ ਨੇ ਹਾਲ ਹੀ ਵਿੱਚ ਇੱਕ ਬਿਆਨ ਦਿੱਤਾ ਸੀ ਕਿ ਕਿਸਾਨ ਯੂਨੀਅਨਾਂ ਨੂੰ ਇਹ ਚੋਣਾਂ ਲੜਨੀਆਂ ਚਾਹੀਦੀਆਂ ਹਨ। ਇਸ ਬਿਆਨ ਦੇ ਵਿਵਾਦ ਤੋਂ ਬਾਅਦ ਉਨ੍ਹਾਂ ਨੇ ਹੁਣ ਚਿਤਾਵਨੀ ਦਿੱਤੀ ਹੈ ਕਿ ਉਹ ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਦੀਆਂ ਭਵਿੱਖ ਦੀਆਂ ਸਾਰੀਆਂ ਮੀਟਿੰਗਾਂ ਦਾ ਬਾਈਕਾਟ ਕਰਨਗੇ ।
ਵਿਵਾਦ ਸ਼ਨੀਵਾਰ ਨੂੰ ਹੋਈ ਬੈਠਕ ਵਿੱਚ ਹੋਇਆ ਜਾਪਦਾ ਹੈ।ਚੜੂਨੀ ਨੂੰ ਪਿਛਲੇ ਮਹੀਨੇ ਮੋਰਚੇ ਵਿਚੋਂ ਹਫ਼ਤੇ ਲਈ ਮੁਅੱਤਲ ਕੀਤਾ ਗਿਆ ਸੀ। ਉਨ੍ਹਾਂ ਉਸ ਵੇਲੇ ‘ਮਿਸ਼ਨ ਪੰਜਾਬ’ ਬਾਰੇ ਕੁਝ ਬਿਆਨ ਦਿੱਤੇ ਸਨ। ਚਢੂਨੀ ਸ਼ਨੀਵਾਰ ਮੀਟਿੰਗ ਵਿੱਚੋਂ ਉੱਠ ਕੇ ਬਾਹਰ ਆ ਗਏ ਤੇ ਮਗਰੋਂ ਦਾਅਵਾ ਕੀਤਾ ਕਿ ਪੰਜਾਬ ਦੀਆਂ ਕੁਝ ਜਥੇਬੰਦੀਆਂ ਕੁਝ ਮੁਜ਼ਾਹਰਾਕਾਰੀਆਂ ਨਾਲ ਪੱਖਪਾਤ ਕਰ ਰਹੀਆਂ ਹਨ।
ਆਪਣੇ ਫੇਸਬੁੱਕ ਪੇਜ ‘ਤੇ ਪੋਸਟ ਕੀਤੇ ਗਏ ਇੱਕ ਵੀਡੀਓ ਬਿਆਨ ਵਿੱਚ ਕਿਸਾਨ ਆਗੂ ਗੁਰਨਾਮ ਸਿੰਘ ਚਢੂਨੀ ਨੇ ਸੰਯੁਕਤ ਕਿਸਾਨ ਮੋਰਚੇ ਦੇ ਹੋਰ ਮੈਂਬਰਾਂ ਤੇ ਉਨ੍ਹਾਂ ਦੇ ਨਾਲ ਭੇਦਭਾਵ ਕਰਨ ਦਾ ਦੋਸ਼ ਲਗਾਇਆ, ਜਦੋਂ ਕਿ ਅਜਿਹੀਆਂ ਟਿੱਪਣੀਆਂ ਕਰਨ ਵਾਲੇ ਹੋਰ ਆਗੂਆਂ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ ਜੋ ਰਾਜਨੀਤਿਕ ਇਰਾਦੇ ਦਾ ਪ੍ਰਗਟਾਵਾ ਕਰ ਰਹੇ ਸਨ।ਹਾਲਾਂਕਿ, ਗੁਰਨਾਮ ਸਿੰਘ ਚਢੂਨੀ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਉਹ ਮੀਟਿੰਗਾਂ ਵਿੱਚ ਲਏ ਗਏ ਸਾਰੇ ਫੈਸਲਿਆਂ ਦੀ ਪਾਲਣਾ ਕਰਦੇ ਰਹਿਣਗੇ ਅਤੇ ਅੰਦੋਲਨ ਨੂੰ ਕਮਜ਼ੋਰ ਕਰਨ ਦਾ ਇਰਾਦਾ ਨਹੀਂ ਰੱਖਦੇ।
ਇਸ ਦੇ ਨਾਲ ਹੀ ਸੰਯੁਕਤ ਕਿਸਾਨ ਮੋਰਚਾ ਵੱਲੋਂ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਵੱਲੋਂ ਦਿੱਤੇ ਜਾ ਰਹੇ ਬਿਆਨਾਂ ਦਾ ਨੋਟਿਸ ਲਿਆ ਗਿਆ ਹੈ। ਕਿਸਾਨ ਲੀਡਰ ਡਾ. ਦਰਸ਼ਨ ਪਾਲ ਨੇ ਦੁਹਰਾਇਆ ਹੈ ਕਿ ਮੋਰਚਾ ਸਰਕਾਰ ਨਾਲ ਗੱਲਬਾਤ ਕਰਨ ਲਈ ਹਮੇਸ਼ਾ ਤਿਆਰ ਹੈ। ਉਨ੍ਹਾਂ ਕਿਹਾ ਕਿ ਕਿਸਾਨ ਮੋਰਚਾ ਸਾਰੇ ਮੁੱਦਿਆਂ ਨੂੰ ਸੁਲਝਾਉਣ ਲਈ ਨਿਰੰਤਰ ਯਤਨਸ਼ੀਲ ਹੈ, ਸੰਵਾਦ ਤੇ ਸੰਵਿਧਾਨਕ ਪ੍ਰਕਿਰਿਆਵਾਂ ਵਿੱਚ ਪੱਕਾ ਵਿਸ਼ਵਾਸ ਰੱਖਦਾ ਹੈ ਪਰ ਬਦਕਿਸਮਤੀ ਇਹ ਹੈ ਕਿ ਸਰਕਾਰ ਅਗਾਊਂ ਸ਼ਰਤਾਂ ਲਾ ਕੇ ਘਮੰਡੀ ਵਿਹਾਰ ਕਰ ਰਹੀ ਹੈ। ਇਸ ਲਈ ਗੱਲਬਾਤ ਰੁਕੀ ਹੋਈ ਹੈ।