ਚੰਡੀਗੜ੍ਹ : ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਜੇਲ੍ਹ ਸੁਪਰਡੈਂਟ ਕਰਨਾਲ ਨੇ ਕਿਰਤੀ ਕਾਰਕੁਨ ਨੋਦੀਪ ਕੌਰ ਨਾਲ ਮੁਲਾਕਾਤ ਕਰਨ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਸਬੰਧੀ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਅੱਜ ਸਵੇਰੇ ਕਰਨਾਲ ਜੇਲ੍ਹ ਦੇ ਸੁਪਰਡੈਂਟ ਨੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਦਫ਼ਤਰ ਵਿਖੇ ਫੋਨ ਕਰਕੇ ਕਿਹਾ ਕਿ ਮਨੀਸ਼ਾ ਗੁਲਾਟੀ ਨੂੰ ਨੋਦੀਪ ਕੌਰ ਨਾਲ ਮੁਲਾਕਾਤ ਕਰਨ ਲਈ ਪਹਿਲਾਂ ਹਰਿਆਣਾ ਸਰਕਾਰ ਤੋਂ ਪ੍ਰਵਾਨਗੀ ਲੈਣ ਹੋਵੇਗੀ।
ਇਸ ਤੋਂ ਪਹਿਲਾਂ ਮਨੀਸ਼ਾ ਗੁਲਾਟੀ ਨੇ ਨੋਦੀਪ ਕੌਰ ਦੀ ਰਿਹਾਈ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਾਲ ਵੀ ਮੁਲਾਕਾਤ ਕੀਤੀ ਸੀ। ਇਸ ਮੁਲਾਕਾਤ ਸਬੰਧੀ ਜਾਣਕਾਰੀ ਦਿੰਦਿਆਂ ਗੁਲਾਟੀ ਨੇ ਦੱਸਿਆ ਕਿ ਕੇਂਦਰੀ ਗ੍ਰਹਿ ਮੰਤਰੀ ਨੂੰ ਨੋਦੀਪ ਕੌਰ ਦੇ ਮਾਮਲੇ ਤੋਂ ਪੂਰੀ ਤਰ੍ਹਾਂ ਜਾਣੂ ਕਰਵਾਇਆ ਅਤੇ ਬੇਨਤੀ ਕੀਤੀ ਕਿ ਨੋਦੀਪ ਕੌਰ ਦੇ ਸੰਵਿਧਾਨਕ ਹੱਕ ਦੀ ਰਾਖੀ ਨੂੰ ਯਕੀਨੀ ਬਣਾਇਆ ਜਾਵੇ। ਇਸ ਤੋਂ ਬਾਅਦ ਉਹਨਾਂ ਨੇ ਅੱਜ ਕਰਨਾਲ ਜੇਲ੍ਹ ਵਿੱਚ ਬੰਦ ਨੋਦੀਪ ਕੌਰ ਨੂੰ ਮਿਲਣਾ ਸੀ, ਪਰ ਜੇਲ੍ਹ ਸੁਪਰਡੈਂਟ ਕਰਨਾਲ ਨੇ ਉਹਨਾਂ ਨੂੰ ਮਿਲਣ ਦੀ ਇਜਾਜ਼ਤ ਨਹੀਂ ਦਿੱਤੀ।