ਚੰਡੀਗੜ੍ਹ ਪ੍ਰਦਰਸ਼ਨ ਕਰਨ ਆਏ ਕਾਂਗਰਸੀਆਂ ਨੂੰ ਪੁਲਿਸ ਨੇ ਅੱਗੇ ਜਾਣ ਦੀ ਨਹੀਂ ਦਿੱਤੀ ਇਜਾਜ਼ਤ

TeamGlobalPunjab
2 Min Read

ਚੰਡੀਗੜ੍ਹ : ਖੇਤੀ ਕਾਨੂੰਨ ਖਿਲਾਫ਼ ਇੱਕ ਪਾਸੇ ਕਿਸਾਨਾਂ ਦਾ ਅੰਦੋਲਨ ਚੱਲ ਰਿਹਾ ਹੈ ਤਾਂ ਦੂਜੇ ਪਾਸੇ ਪੰਜਾਬ ਕਾਂਗਰਸ ਵੱਲੋਂ ਵੀ ਰੋਸ ਪ੍ਰਦਰਸ਼ਨ ਕੀਤਾ ਗਿਆ। ਚੰਡੀਗੜ੍ਹ ਵਿੱਚ ਵੱਡੀ ਗਿਣਤੀ ਅੰਦਰ ਕਾਂਗਰਸੀ ਲੀਡਰ ਅਤੇ ਵਰਕਰ ਇੱਕਠਾ ਹੋਏ। ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਵਿੱਚ ਕਾਂਗਰਸੀਆਂ ਨੇ ਰਾਜਪਾਲ ਦੀ ਰਿਹਾਇਸ਼ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ। ਪਰ ਚੰਡੀਗੜ੍ਹ ਪੁਲਿਸ ਨੇ ਰਸਤੇ ਵਿੱਚ ਹੀ ਪ੍ਰਦਰਸ਼ਨਕਾਰੀਆਂ ਨੂੰ ਰੋਕ ਲਿਆ।

ਚੰਡੀਗੜ੍ਹ ਦੇ ਸੈਕਟਰ 15 ਦੇ ਕਾਂਗਰਸ ਭਵਨ ਵਿੱਚ ਪੰਜਾਬ ਦੀ ਲੀਡਰਸ਼ਿਪ ਤੇ ਵਰਕਰ ਇਕੱਠਾ ਹੋਏ ਸਨ। ਇੱਥੋਂ ਜਦੋਂ ਚਾਲੇ ਗਵਰਨਰ ਹਾਊਸ ਵੱਲ ਪਾਏ ਤਾਂ ਪੁਲਿਸ ਨੇ ਸੈਕਟਰ 15-16 ਦੇ ਚੌਕ ‘ਤੇ ਹੀ ਰੋਕ ਦਿੱਤਾ। ਫਿਰ ਕਾਂਗਰਸ ਵੱਲੋਂ ਸੜਕ ਉਤੇ ਹੀ ਧਰਨਾ ਸ਼ੁਰੂ ਕਰ ਦਿੱਤਾ ਗਿਆ। ਇਸ ਮੌਕੇ ਪੁਲੀਸ ਦੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹੋਏ ਸਨ। ਵਾਟਰ ਕੈਨਨ ਵੀ ਤਿਆਰ ਬਰ ਤਿਆਰ ਸੀ। ਜੇਕਰ ਬੈਰੀਕੇਡ ਤੋੜਨ ਦੀ ਕਾਂਗਰਸੀ ਕੋਸ਼ਿਸ਼ ਕੀਤੀ ਜਾਂਦੀ ਤਾਂ ਪੁਲੀਸ ਵੱਲੋਂ ਲਾਠੀਚਾਰਜ ਕੀਤੇ ਜਾਣ ਦੀ ਵੀ ਸੰਭਾਵਨਾ ਸੀ। ਇਸ ਮੌਕੇ ਸੁਨੀਲ ਜਾਖੜ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਕਿਸਾਨੀ ਨੂੰ ਤਬਾਹ ਕਰਨ ਵਾਲੇ ਪਾਸੇ ਤੁਰ ਗਈ ਹੈ ।

ਕਾਂਗਰਸੀਆਂ ਨੂੰ ਰੋਕਣ ਲਈ ਪੁਲਿਸ ਨੇ ਦੋਹਰੀ ਬੈਰੀਕੇਡਿੰਗ ਕੀਤੀ ਹੋਈ ਸੀ। ਸੁਰੱਖਿਆ ਮੁਲਾਜ਼ਮ ਵੀ ਦੋ ਕਤਾਰਾਂ ਵਿੱਚ ਸੜਕ ‘ਤੇ ਖੜੇ ਸਨ। ਇਸ ਦੌਰਾਨ ਕਾਂਗਰਸੀ ਵਰਕਰਾਂ ਨੇ ਬੈਰੀਕੇਡ ਤੋੜ ਕੇ ਅਗੇ ਵੱਧਣ ਦੀ ਕੋਸ਼ਿਸ਼ ਕੀਤੀ। ਪਰ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ। ਕਾਂਗਰਸ ਪਾਰਟੀ ਵੱਲੋਂ ਰਾਜਪਾਲ ਨੂੰ ਮੰਗ ਕੀਤੀ ਜਾਣੀ ਸੀ ਕਿ ਖੇਤੀ ਕਾਨੂੰਨਾਂ ਖਿਲਾਫ਼ ਜਿਹੜਾ ਵਿਧਾਨ ਸਭਾ ਵਿੱਚ ਮਤਾ ਪਾਸ ਕੀਤਾ ਗਿਆ ਸੀ, ਉਸ ਨੂੰ ਰਾਸ਼ਟਰਪਤੀ ਤਕ ਪਹੁੰਚਾਇਆ ਜਾਵੇ, ਤਾਂ ਜੋ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਇਆ ਜਾ ਸਕੇ।

- Advertisement -

Share this Article
Leave a comment