ਚਰਨਜੀਤ ਸਿੰਘ ਚੰਨੀ ਨੇ ਖਰੜ ਬਲਾਕ ਦੇ 35 ਪਿੰਡਾਂ ਲਈ 68 ਕਰੋੜ ਰੁਪਏ ਦੀ ਦਿੱਤੀ ਗਰਾਂਟ

TeamGlobalPunjab
3 Min Read

ਮੋਹਾਲੀ: ਸੂਬੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਚਮਕੌਰ ਸਾਹਿਬ ਹਲਕੇ ਦੇ ਖਰੜ ਬਲਾਕ ਦੇ 35 ਪਿੰਡਾਂ ਵਿਚ ਵਿਕਾਸ ਦੇ ਕੰਮਾਂ ਲਈ 68 ਕਰੋੜ ਰੁਪਏ ਖਰਚਣ ਦਾ ਐਲਾਨ ਕੀਤਾ ਹੈ।  ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਇਲਾਕੇ ਦੇ ਇਤਿਹਾਸਕ ਪਿੰਡ ਘੜੂੰਆਂ ਨੂੰ ਨਗਰ ਪੰਚਾਇਤ ਵਜੋਂ ਅਪਗ੍ਰੇਡ ਕਰਨ ਦਾ ਐਲਾਨ ਕੀਤਾ। ਇਸ ਮੌਕੇ ਚੰਨੀ ਨੇ ਇਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ ਨੂੰ 14 ਕਰੋੜ ਰੁਪਏ ਦੇ ਚੈੱਕ ਸੌਂਪਦੇ ਹੋਏ, 54 ਕਰੋੜ ਰੁਪਏ ਦੇ ਹੋਰ ਵਿਕਾਸ ਕਾਰਜਾਂ ਦੀ ਮੰਜੂਰੀ ਵੀ ਦਿੱਤੀ।ਮੁੱਖ ਮੰਤਰੀ ਨੇ ਚਮਕੌਰ ਸਾਹਿਬ ਹਲਕੇ ਦੇ ਦੌਰੇ ਦੇ ਚੌਥੇ ਦਿਨ ਦੀ ਸ਼ੁਰੂਆਤ ਬਲਾਕ ਖਰੜ ‘ਚ ਪੈਂਦੇ ਪਿੰਡ ਘੜੂੰਆਂ ਤੋਂ ਕੀਤੀ। ਉਨ੍ਹਾਂ ਨੇ ਘੜੂੰਆਂ ਤੋਂ ਇਲਾਵਾ ਗੜਾਂਗਾ, ਬਡਾਲਾ ਪਿੰਡਾਂ ਵਿਖੇ ਵੱਖ-ਵੱਖ ਸਮਾਗਮਾਂ ਦੌਰਾਨ 35 ਪਿੰਡਾਂ ਦੀਆਂ ਪੰਚਾਇਤਾਂ ਨੂੰ ਚੈੱਕ ਵੰਡੇ।

ਘੜੂੰਆਂ ਵਿਖੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਸ ਪਿੰਡ ਦੀ ਇਤਿਹਾਸਕ ਮਹੱਤਤਾ ਦੇ ਮੱਦੇਨਜ਼ਰ ਵਿਆਪਕ ਵਿਕਾਸ ਨੂੰ ਯਕੀਨੀ ਬਣਾਉਣ ਲਈ ਇਸ ਨੂੰ ਨਗਰ ਪੰਚਾਇਤ ਵਜੋਂ ਅਪਗ੍ਰੇਡ ਕੀਤਾ ਜਾਵੇਗਾ, ਜਿਸ ਨਾਲ ਨੇੜਲੇ ਪਿੰਡਾਂ ਨੂੰ ਵੀ ਵੱਡਾ ਲਾਭ ਮਿਲੇਗਾ। ਮੁੱਖ ਮੰਤਰੀ ਨੇ ਪਿੰਡ ਵਿਚ ਸਥਿਤ ਪਾਵਨ ਸਰੋਵਰ ਦੇ ਨਵੀਨੀਕਰਨ ਲਈ 3.25 ਕਰੋੜ ਰੁਪਏ ਖਰਚਣ ਦਾ ਐਲਾਨ ਕਰਦੇ ਹੋਏ ਕਿਹਾ ਕਿ ਇਸ ਦੇ ਸੁੰਦਰੀਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਸੈਰ-ਸਪਾਟੇ ਵਜੋਂ ਵਿਕਸਤ ਕੀਤਾ ਜਾਵੇਗਾ। ਪਿੰਡ ਵਾਸੀਆਂ ਨੇ ਮੁੱਖ ਮੰਤਰੀ ਦਾ ਵਿਸ਼ੇਸ਼ ਤੌਰ ਉਤੇ ਧੰਨਵਾਦ ਕੀਤਾ।ਪਿੰਡ ਗੜਾਂਗਾ ਵਿਚ ਮੁੱਖ ਮੰਤਰੀ ਨੇ ਬੋਲਦਿਆਂ ਕਿਹਾ ਕਿ 2 ਕਿਲੋਵਾਟ ਤਕ ਦੇ ਬਿਜਲੀ ਲੋਡ ਵਾਲੇ ਸਾਰੇ ਖਪਤਕਾਰਾਂ ਦੇ ਬਿਜਲੀ ਬਿੱਲਾਂ ਦੇ ਬਕਾਏ ਮਾਫ਼ ਕਰਨ ਲਈ ਉਨ੍ਹਾਂ ਦੀ ਸਰਕਾਰ ਸਕੀਮ ਲੈ ਕੇ ਆਈ ਹੈ। ਮੁੱਖ ਮੰਤਰੀ ਨੇ ਇਹ ਵੀ ਦੱਸਿਆ ਕਿ ਇਸ ਸਕੀਮ ਤਹਿਤ ਹੁਣ ਬਕਾਏ ਬਿੱਲ ਦੀ ਮਾਫ਼ੀ ਮਿਲਣੀ ਸ਼ੁਰੂ ਹੋ ਗਈ ਹੈ।

ਉਨ੍ਹਾਂ ਦੱਸਿਆ ਕਿ ਹੁਣ ਤਕ 96,911 ਖਪਤਕਾਰਾਂ ਦੇ 77.37 ਕਰੋੜ ਰੁਪਏ ਦੇ ਬਕਾਏ ਪਾਵਰਕਾਮ ਵੱਲੋਂ ਮਾਫ ਕੀਤੇ ਜਾ ਚੁੱਕੇ ਹਨ। ਮੁੱਖ ਮੰਤਰੀ ਨੇ ਪਿੰਡ ਚੋਲਟਾ ਖੁਰਦ ਦੇ ਆਤਮਾ ਸਿੰਘ ਨੂੰ 2,26,890 ਰੁਪਏ ਦੇ ਬਕਾਏ ਬਿਜਲੀ ਬਿੱਲ ਦੀ ਮਾਫ਼ੀ ਦਾ ਸਰਟੀਫਿਕੇਟ ਸੌਂਪਿਆ।

ਪਿੰਡ ਗੜਾਂਗਾ ਵਿਖੇ 9 ਪਿੰਡਾਂ ਦੀਆਂ ਪੰਚਾਇਤਾਂ ਨੂੰ ਚੈੱਕ ਸੌੰਪਦੇ ਹੋਏ ਚੰਨੀ ਨੇ ਪੰਚਾਇਤਾਂ ਦੇ ਨੁਮਾਇੰਦਿਆਂ ਨੂੰ ਆਪੋ-ਆਪਣੇ ਪਿੰਡਾਂ ਵਿਚ ਵਿਕਾਸ ਦੇ ਕੰਮਾਂ ਦੀ ਗੁਣਵੱਤਾ ਦੀ ਨਿਗਰਾਨੀ ਖੁਦ ਹੀ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਵੀ ਪੇਂਡੂ ਇਲਾਕਿਆਂ ਦੇ ਸਰਬਪੱਖੀ ਵਿਕਾਸ ਵਿਚ ਕੋਈ ਕਮੀ ਨਾ ਰਹਿਣ ਦੇਣ ਦੇ ਆਦੇਸ਼ ਦਿੱਤੇ।

- Advertisement -

Share this Article
Leave a comment