ਲੁਧਿਆਣਾ: ਲੁਧਿਆਣਾ ਪੁਲਿਸ ਨੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ, ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਕਾਂਗਰਸੀ ਜ਼ਿਲ੍ਹਾ ਪ੍ਰਧਾਨ ਸੰਜੇ ਤਲਵਾੜ ਸਮੇਤ ਹੋਰ ਆਗੂਆਂ ਵਿਰੁੱਧ ਅਦਾਲਤ ਵਿੱਚ ਚਾਰਜ ਸ਼ੀਟ ਦਾਇਰ ਕਰ ਦਿੱਤੀ ਹੈ। ਇਹ ਮਾਮਲਾ ਨਗਰ ਨਿਗਮ ਦੇ ਜ਼ੋਨ-ਏ ਦਫਤਰ ਦੇ ਬਾਹਰ ਵਿਧਾਨਸਭਾ ਪੱਧਰ ‘ਤੇ ਪ੍ਰਦਰਸ਼ਨ ਕਰਨ ਅਤੇ ਦਫਤਰ ਨੂੰ ਤਾਲਾ ਲਗਾਉਣ ਨਾਲ ਸਬੰਧਤ ਹੈ।
ਕੀ ਸੀ ਪੂਰਾ ਮਾਮਲਾ?
27 ਫਰਵਰੀ 2023 ਨੂੰ ਰਵਨੀਤ ਸਿੰਘ ਬਿੱਟੂ, ਭਾਰਤ ਭੂਸ਼ਣ ਆਸ਼ੂ, ਅਤੇ ਹੋਰ ਕਾਂਗਰਸੀ ਆਗੂਆਂ ਨੇ ਨਗਰ ਨਿਗਮ ਦੇ ਜ਼ੋਨ-ਏ ਦਫਤਰ ਅੱਗੇ ਪ੍ਰਦਰਸ਼ਨ ਕੀਤਾ। ਉਨ੍ਹਾਂ ਦਾ ਦੋਸ਼ ਸੀ ਕਿ ਲੁਧਿਆਣਾ ਸ਼ਹਿਰ ਵਿੱਚ ਵਿਕਾਸ ਕਾਰਜ ਠੱਪ ਹੋ ਗਏ ਹਨ ਅਤੇ ਨਗਰ ਨਿਗਮ ਲੋਕਾਂ ਦੀਆਂ ਮੁਸ਼ਕਲਾਂ ਉੱਤੇ ਧਿਆਨ ਨਹੀਂ ਦੇ ਰਿਹਾ। ਇਹ ਪ੍ਰਦਰਸ਼ਨ ਨਗਰ ਨਿਗਮ ਦੀ ਕਾਰਗੁਜ਼ਾਰੀ ਦੇ ਵਿਰੋਧ ‘ਚ ਕੀਤਾ ਗਿਆ ਸੀ।
ਪ੍ਰਦਰਸ਼ਨ ਦੌਰਾਨ, ਆਗੂਆਂ ਨੇ ਨਗਰ ਨਿਗਮ ਦੇ ਦਫਤਰ ਨੂੰ ਤਾਲਾ ਲਗਾ ਦਿੱਤਾ, ਜਿਸ ਕਾਰਨ ਦਫਤਰ ਵਿੱਚ ਆਮ ਕੰਮਕਾਜ ਪ੍ਰਭਾਵਿਤ ਹੋਇਆ। ਇਸ ਘਟਨਾ ਦੀ ਸੂਚਨਾ ਮਿਲਣ ‘ਤੇ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਆਗੂਆਂ ਨੂੰ ਗ੍ਰਿਫ਼ਤਾਰ ਕਰ ਲਿਆ।
ਹੁਣ, ਇਨ੍ਹਾਂ ਆਗੂਆਂ ਵਿਰੁੱਧ ਅਦਾਲਤ ‘ਚ ਚਾਰਜਸ਼ੀਟ ਦਾਇਰ ਕਰ ਦਿੱਤੀ ਗਈ ਹੈ, ਜਿਸ ‘ਚ ਉਨ੍ਹਾਂ ਉੱਤੇ ਕਾਨੂੰਨ ਦੀ ਉਲੰਘਣਾ, ਸਰਕਾਰੀ ਦਫਤਰ ਦੀ ਕਾਰਵਾਈ ਵਿੱਚ ਰੁਕਾਵਟ ਪੈਦਾ ਕਰਨ ਅਤੇ ਅਨੁਸ਼ਾਸ਼ਨਹੀਣਤਾ ਦੇ ਦੋਸ਼ ਲਗਾਏ ਗਏ ਹਨ।
ਅਦਾਲਤ ਨੇ ਹੁਣ ਉਨ੍ਹਾਂ ਸਾਰਿਆਂ ਨੂੰ 17 ਮਾਰਚ ਨੂੰ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਜੇਕਰ ਉਨ੍ਹਾਂ ਵੱਲੋਂ ਪੇਸ਼ੀ ਨਹੀਂ ਲਗਾਈ ਜਾਂਦੀ, ਤਾਂ ਅਗਲੀ ਕਾਰਵਾਈ ਕੀਤੀ ਜਾ ਸਕਦੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।