ਕਿਸਾਨ ਆਗੂ ਚੜੂਨੀ ਨੇ ਭਾਜਪਾ ਖਿਲਾਫ ਪ੍ਰਚਾਰ ਕਰਨ ਦਾ ਕੀਤਾ ਐਲਾਨ

TeamGlobalPunjab
2 Min Read

ਕਰਨਾਲ: ਪੰਜਾਬ ਸਣੇ ਪੰਜ ਰਾਜਾਂ ‘ਚ ਚੋਣਾਂ ਦਾ ਬਿਗੁਲ ਵੱਜ ਚੁੱਕਿਆ ਹੈ ਤੇ ਸਾਰੀ ਪਾਰਟੀਆਂ ਸੱਤਾ ਨੂੰ ਹਥਿਆਉਣ ਲਈ ਜ਼ੋਰ ਅਜ਼ਮਾਇਸ਼ ਵਿੱਚ ਲੱਗੀਆਂ ਹੋਈਆਂ ਹਨ। ਜਿੱਥੇ ਇੱਕ ਪਾਸੇ ਪਾਰਟੀਆਂ ਵੱਲੋਂ ਵੱਖ-ਵੱਖ ਢੰਗ ਨਾਲ ਚੋਣ ਪ੍ਰਚਾਰ ਕੀਤੇ ਜਾ ਰਹੇ ਹਨ, ਉੱਥੇ ਹੀ ਇਸ ਵਿਚਾਲੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਖ਼ਿਲਾਫ਼ ਪ੍ਰਚਾਰ ਕਰਨ ਦਾ ਐਲਾਨ ਕੀਤਾ ਹੈ। ਚੜੂਨੀ ਨੇ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਉੱਤਰ ਪ੍ਰਦੇਸ਼, ਉੱਤਰਾਖੰਡ ਤੇ ਪੰਜਾਬ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ‘ਚ ਭਾਜਪਾ ਖ਼ਿਲਾਫ਼ ਪ੍ਰਚਾਰ ਕਰੇਗੀ।

ਚੜੂਨੀ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇੱਕ ਸੂਬਾ ਪੱਧਰੀ ਬੈਠਕ ਦੌਰਾਨ ਬਣੀ ਸਹਿਮਤੀ ‘ਚ ਭਾਜਪਾ ਉਮੀਦਵਾਰਾਂ ਦਾ ਵਿਰੋਧ ਕਰਨ ਦਾ ਫ਼ੈਸਲਾ ਲਿਆ ਗਿਆ ਹੈ।

ਇਸ ਤੋਂ ਇਲਾਵਾ ਚੜੂਨੀ ਨੇ ਆਪਣੇ ਸਮਰਥਕਾਂ ਨੂੰ ਪੰਜਾਬ ਵਿੱਚ ਉਨ੍ਹਾਂ ਖੇਤਰਾਂ ਵਿੱਚ ਜਾਣ ਦੀ ਅਪੀਲ ਕੀਤੀ, ਜਿਥੇ ਚੜੂਨੀ ਦੀ ਸੰਯੁਕਤ ਸੰਘਰਸ਼ ਪਾਰਟੀ ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ਵਾਲੀ ਸੰਯੁਕਤ ਸਮਾਜ ਮੋਰਚੇ ਨਾਲ ਗੱਠਜੋੜ ਵਿੱਚ 10 ਸੀਟਾਂ ਤੇ ਚੋਣ ਲੜ ਰਹੀ ਹੈ। ਉਨ੍ਹਾਂ ਨੇ ਹਰਿਆਣਾ ਤੋਂ ਆਪਣੇ ਸਮਰਥਕਾਂ ਨੂੰ ਪੰਜਾਬ ਪੁੱਜਣ ਅਤੇ 20 ਫਰਵਰੀ ਨੂੰ ਹੋਣ ਵਾਲੀਆਂ ਚੋਣਾਂ ਲਈ ਆਪਣੇ 10 ਉਮੀਦਵਾਰਾਂ ਲਈ ਪ੍ਰਚਾਰ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਪੰਜਾਬ ਦੀਆਂ ਚੋਣਾਂ ਤੋਂ ਬਾਅਦ ਉਹ ਯੂਪੀ ਅਤੇ ਉਤਰਾਖੰਡ ਵਿੱਚ ਭਾਜਪਾ ਉਮੀਦਵਾਰਾਂ ਖ਼ਿਲਾਫ਼ ਪ੍ਰਚਾਰ ਕਰਨਗੇ।

ਚੜੂਨੀ ਨੇ ਕਿਹਾ ਕਿ ਸਾਨੂੰ ਅਜਿਹੇ ਲੋਕਾਂ ਦਾ ਵਿਰੋਧ ਕਰਨ ਦਾ ਮੌਕਾ ਮਿਲਿਆ ਹੈ ਜਿਨ੍ਹਾਂ ਨੇ ਸਾਨੂੰ ਇੱਕ ਸਾਲ ਤੋਂ ਜ਼ਿਆਦਾ ਸਮੇਂ ਤੱਕ ਬੇਇੱਜ਼ਤ ਤੇ ਤੰਗ ਪਰੇਸ਼ਾਨ ਕੀਤਾ ਹੈ। ਉਨ੍ਹਾਂ ਨੇ ਉੱਤਰ ਪ੍ਰਦੇਸ਼ ਦੇ ਕਿਸਾਨਾਂ ਨੂੰ ਭਾਜਪਾ ਦੇ ਖ਼ਿਲਾਫ਼ ਵੋਟ ਕਰਨ ਦੀ ਵੀ ਅਪੀਲ ਕੀਤੀ।

Share This Article
Leave a Comment