ਮੁੱਖ ਮੰਤਰੀ ਭਗਵੰਤ ਮਾਨ ਨੇ ਤੀਰਥ ਯਾਤਰਾ ਹਾਦਸੇ ‘ਚ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਅਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੀ ਸਹਾਇਤਾ ਦਾ ਐਲਾਨ।

raajan tiwari
4 Min Read

Punjab News : ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਜਾ ਰਹੀਆਂ ਬੱਸਾਂ ਨਾਲ ਇੱਕ ਮੰਦਭਾਗੀ ਸੜਕ ਹਾਦਸਾ ਵਾਪਰ ਗਿਆ। ਨੁਸ਼ਹਿਰਾ ਪੰਨੂਆਂ ਦੇ ਨੇੜੇ ਹੋਏ ਇਸ ਹਾਦਸੇ ਵਿੱਚ 11 ਯਾਤਰੀ ਜ਼ਖ਼ਮੀ ਹੋ ਗਏ, ਜਦਕਿ ਇਸ ਹਾਦਸੇ ਦੌਰਾਨ ਜਾਨੀ ਨੁਕਸਾਨ ਵੀ ਹੋਇਆ। ਘਟਨਾ ਤੋਂ ਬਾਅਦ ਜ਼ਖ਼ਮੀਆਂ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿਵਲ ਹਸਪਤਾਲ ਪਹੁੰਚ ਕੇ ਜ਼ਖ਼ਮੀਆਂ ਦਾ ਹਾਲ ਜਾਣਿਆ ਅਤੇ ਡਾਕਟਰਾਂ ਤੋਂ ਉਨ੍ਹਾਂ ਦੀ ਸਿਹਤ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਹਸਪਤਾਲ ਵਿੱਚ ਦਾਖ਼ਲ 11 ਜ਼ਖ਼ਮੀਆਂ ਵਿੱਚੋਂ ਜ਼ਿਆਦਾਤਰ ਦੀ ਹਾਲਤ ਠੀਕ ਹੈ। ਕੁਝ ਯਾਤਰੀਆਂ ਨੂੰ ਸਿਰ ਵਿੱਚ ਸੱਟਾਂ ਲੱਗੀਆਂ ਹਨ ਅਤੇ ਕੁਝ ਨੂੰ ਫਰੈਕਚਰ ਵੀ ਹੋਏ ਹਨ। ਡਾਕਟਰਾਂ ਨਾਲ ਗੱਲਬਾਤ ਕੀਤੀ ਗਈ ਹੈ ਅਤੇ ਉਮੀਦ ਹੈ ਕਿ ਅਗਲੇ ਦੋ ਤੋਂ ਚਾਰ ਦਿਨਾਂ ਵਿੱਚ ਸਾਰੇ ਜ਼ਖ਼ਮੀ ਪੂਰੀ ਤਰ੍ਹਾਂ ਠੀਕ ਹੋ ਜਾਣਗੇ। ਉਨ੍ਹਾਂ ਕਿਹਾ ਕਿ ਜ਼ਖ਼ਮੀਆਂ ਦਾ ਸਾਰਾ ਇਲਾਜ ਸਰਕਾਰ ਵੱਲੋਂ ਮੁਫ਼ਤ ਕਰਵਾਇਆ ਜਾਵੇਗਾ।

ਇਹ ਵੀ ਪੜ੍ਹੌ : ਅੰਮ੍ਰਿਤਪਾਲ ਦੀ ਪੈਰੋਲ ‘ਤੇ ਫਿਰ ਲੱਗਿਆ ਬ੍ਰੇਕ! ਦਾਦੀ ਦੇ ਸਸਕਾਰ ਲਈ ਪਰਿਵਾਰ ਨੇ ਬਦਲੀ ਤਰੀਕ!

ਮੁੱਖ ਮੰਤਰੀ ਨੇ ਹਾਦਸੇ ਵਿੱਚ ਜਾਨ ਗਵਾਉਣ ਵਾਲਿਆਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਦਿਆਂ ਐਲਾਨ ਕੀਤਾ ਕਿ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਦੀ ਆਰਥਿਕ ਸਹਾਇਤਾ ਦਿੱਤੀ ਜਾਵੇਗੀ, ਜਦਕਿ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੀ ਸਹਾਇਤਾ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਦੀ ਜਾਨ ਦੀ ਕੋਈ ਕੀਮਤ ਨਹੀਂ ਹੋ ਸਕਦੀ, ਪਰ ਸਰਕਾਰ ਦੁੱਖ ਦੀ ਇਸ ਘੜੀ ਵਿੱਚ ਪੀੜਤ ਪਰਿਵਾਰਾਂ ਦੇ ਨਾਲ ਖੜ੍ਹੀ ਹੈ। ਤੀਰਥ ਯਾਤਰਾ ਯੋਜਨਾ ਦਾ ਜ਼ਿਕਰ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਹੁਣ ਤੱਕ ਇਸ ਯੋਜਨਾ ਤਹਿਤ 7 ਲੱਖ ਤੋਂ ਵੱਧ ਸ਼ਰਧਾਲੂਆਂ ਨੂੰ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਏ ਜਾ ਚੁੱਕੇ ਹਨ ਅਤੇ ਕਰੀਬ 17 ਹਜ਼ਾਰ ਟ੍ਰਿਪ ਹੋ ਚੁੱਕੇ ਹਨ। ਰੋਜ਼ਾਨਾ ਲਗਭਗ 70 ਬੱਸਾਂ ਰਾਹੀਂ 3 ਹਜ਼ਾਰ ਦੇ ਕਰੀਬ ਯਾਤਰੀ ਸਫ਼ਰ ਕਰਦੇ ਹਨ। ਇਸ ਯੋਜਨਾ ਦਾ ਮੁੱਖ ਮਕਸਦ ਖ਼ਾਸ ਕਰਕੇ ਉਨ੍ਹਾਂ ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣਾ ਹੈ, ਜੋ ਆਰਥਿਕ ਜਾਂ ਪਰਿਵਾਰਕ ਮਜਬੂਰੀਆਂ ਕਾਰਨ ਪਹਿਲਾਂ ਤੀਰਥ ਯਾਤਰਾ ਨਹੀਂ ਕਰ ਸਕਦੇ ਸਨ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਆਉਣ ਵਾਲੇ ਸ਼ਰਧਾਲੂਆਂ ਨੂੰ ਸ੍ਰੀ ਦਰਬਾਰ ਸਾਹਿਬ, ਦੁਰਗਿਆਣਾ ਮੰਦਰ, ਜਲ੍ਹਿਆਂਵਾਲਾ ਬਾਗ ਅਤੇ ਵਾਹਗਾ ਸਰਹੱਦ ਸਮੇਤ ਹੋਰ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੇ ਦਰਸ਼ਨ ਵੀ ਕਰਵਾਏ ਜਾਂਦੇ ਹਨ।

*ਹਾਦਸੇ ‘ਤੇ ਸਿਆਸਤ ਕਰਨਾ ਮੰਦਭਾਗਾ*

ਹਾਦਸੇ ਦੇ ਕਾਰਨਾਂ ਬਾਰੇ ਮੁੱਖ ਮੰਤਰੀ ਨੇ ਦੱਸਿਆ ਕਿ ਮੁੱਢਲੀ ਜਾਣਕਾਰੀ ਅਨੁਸਾਰ ਇੱਕ ਮੋਟਰਸਾਈਕਲ ਅਚਾਨਕ ਹਾਈਵੇਅ ‘ਤੇ ਸਾਹਮਣੇ ਆ ਗਿਆ। ਉਸ ਨੂੰ ਬਚਾਉਣ ਦੀ ਕੋਸ਼ਿਸ਼ ਦੌਰਾਨ ਇੱਕ ਬੱਸ ਨੇ ਕੱਟ ਮਾਰਿਆ ਅਤੇ ਦੂਜੇ ਪਾਸਿਓਂ ਆ ਰਹੀ ਤੀਰਥ ਯਾਤਰਾ ਦੀ ਬੱਸ ਨਾਲ ਟੱਕਰ ਹੋ ਗਈ। ਉਨ੍ਹਾਂ ਕਿਹਾ ਕਿ ਇਹ ਇੱਕ ਮੰਦਭਾਗੀ ਘਟਨਾ ਹੈ ਅਤੇ ਇਸ ਨੂੰ ਸਰਕਾਰੀ ਪ੍ਰਬੰਧਾਂ ਦੀ ਨਾਕਾਮੀ ਜਾਂ ਸਿਆਸੀ ਸਾਜ਼ਿਸ਼ ਨਾਲ ਜੋੜਨਾ ਠੀਕ ਨਹੀਂ ਹੈ। ਉਨ੍ਹਾਂ ਸੜਕ ਸੁਰੱਖਿਆ ਫੋਰਸ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਫੋਰਸ ਦੀ ਤਾਇਨਾਤੀ ਨਾਲ ਪੰਜਾਬ ਦੀਆਂ ਸੜਕਾਂ ‘ਤੇ ਹਾਦਸਿਆਂ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ ਕਰੀਬ 50 ਫ਼ੀਸਦੀ ਕਮੀ ਆਈ ਹੈ। ਅੰਤ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਦੀ ਪਹਿਲ ਜ਼ਖ਼ਮੀਆਂ ਨੂੰ ਬਿਹਤਰ ਇਲਾਜ ਮੁਹੱਈਆ ਕਰਵਾਉਣਾ ਅਤੇ ਪੀੜਤ ਪਰਿਵਾਰਾਂ ਦੀ ਮਦਦ ਕਰਨਾ ਹੈ।

Share This Article
Leave a Comment