ਮੁੱਖ ਮੰਤਰੀ ਵੱਲੋਂ ਸ਼ਰਾਬ ’ਤੇ ਵਿਸ਼ੇਸ਼ ਕੋਵਿਡ ਸੈੱਸ ਲਾਉਣ ’ਤੇ ਵਿਚਾਰ ਕਰਨ ਲਈ ਤਿੰਨ ਮੈਂਬਰੀ ਕਮੇਟੀ ਦਾ ਗਠਨ

TeamGlobalPunjab
3 Min Read

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਰਾਬ ਦੇ ਠੇਕਿਆਂ ਦੀ ਮਿਆਦ ਵਿੱਚ 31 ਮਾਰਚ, 2020 ਤੋਂ ਬਾਅਦ ਵਾਧਾ ਕੀਤੇ ਜਾਣ ਦੀ ਤਜਵੀਜ਼ ਨੂੰ ਸਿਰੇ ਤੋਂ ਰੱਦ ਕਰ ਦਿੱਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਕਿ ਵਿੱਤ ਵਿਭਾਗ ਦੀਆਂ ਸਿਫਾਰਸ਼ਾਂ ਦੀ ਲੀਹ ’ਤੇ ਚਲਦਿਆਂ ਸੂਬਾ ਸਰਕਾਰ ਲੌਕਡਾਊਨ ਦੇ 23 ਮਾਰਚ ਤੋਂ 6 ਮਈ, 2020 ਤੱਕ ਦੇ ਸਮੇਂ ਦੌਰਾਨ ਪਏ ਘਾਟੇ ਲਈ ਲਾਇਸੰਸਧਾਰਕਾਂ ਵਾਸਤੇ ਵਿਵਸਥਾ ਮੁਹੱਈਆ ਕਰਵਾਏਗੀ।

ਮੁੱਖ ਮੰਤਰੀ ਨੇ ਸੀਨੀਅਰ ਅਧਿਕਾਰੀਆਂ ਦੀ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ ਜੋ ਕੋਵਿਡ-19 ਦਰਮਿਆਨ ਠੇਕੇ ਬੰਦ ਰਹਿਣ ਕਾਰਨ ਹੋਏ ਘਾਟੇ ਦਾ ਪਤਾ ਲਾਏਗੀ। ਇਹ ਕਮੇਟੀ ਭਵਿੱਖ ’ਚ ਲੌਕਡਾਊਨ ਵਧਾਉਣ (ਸਾਲ 2020-21 ਦੌਰਾਨ ਮੁਕੰਮਲ ਜਾਂ ਕੁਝ ਹੱਦ ਤੱਕ) ਦੀ ਸੂਰਤ ਵਿੱਚ ਕਿਸੇ ਕਿਸਮ ਦੀ ਵਿਵਸਥਾ ਕਰਨ ਜਾਂ ਲਾਇਸੰਸਧਾਰਕਾਂ ਨੂੰ ਕਿਸੇ ਕਿਸਮ ਦੀ ਹੋਰ ਸ਼ਿਕਾਇਤ ਜਾਂ ਸਮੱਸਿਆ ”ਤੇ ਵਿਚਾਰ ਕਰੇਗੀ। ਇਹ ਕਮੇਟੀ ਪ੍ਰਮੁੱਖ ਸਕੱਤਰ ਵਿੱਤ ਅਨਿਰੁੱਧ ਤਿਵਾੜੀ, ਪ੍ਰਮੁੱਖ ਸਕੱਤਰ ਊਰਜਾ ਏ. ਵੇਨੂੰ ਪ੍ਰਸਾਦ ਅਤੇ ਆਬਕਾਰੀ ਤੇ ਕਰ ਕਮਿਸ਼ਨਰ ਵਿਵੇਕ ਪ੍ਰਤਾਪ ਸਿੰਘ ’ਤੇ ਅਧਾਰਿਤ ਹੈ। ਦੱਸ ਦਈਏ ਕਿ ਮੰਤਰੀ ਮੰਡਲ ਨੇ ਸੋਮਵਾਰ ਨੂੰ ਮਹਾਮਾਰੀ ਅਤੇ ਕਰਫਿਊ/ਲੌਕਡਾਊਨ ਦੇ ਸੰਦਰਭ ਵਿੱਚ ਸੂਬੇ ਦੀ ਆਬਕਾਰੀ ਨੀਤੀ ‘ਤੇ ਫੈਸਲਾ ਲੈਣ ਦਾ ਅਧਿਕਾਰ ਮੁੱਖ ਮੰਤਰੀ ‘ਤੇ ਛੱਡਿਆ ਸੀ।

ਕੈਪਟਨ ਅਮਰਿੰਦਰ ਸਿੰਘ ਨੇ ਮਾਰਚ ਵਿੱਚ ਲੌਕਡਾਊਨ ਦੌਰਾਨ 9 ਦਿਨਾਂ ਦੇ ਸਮੇਂ ਵਿੱਚ ਪਏ ਘਾਟੇ ਲਈ ਐਮ.ਜੀ.ਕਿਊ ਦੀ ਅਨੁਪਾਤ ’ਤੇ ਅਧਾਰਿਤ ਵਿਵਸਥਾ ਮੁਹੱਈਆ ਕਰਵਾਉਣ ਲਈ ਵਿੱਤ ਵਿਭਾਗ ਦੀਆਂ ਸਿਫਾਰਸ਼ਾਂ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਇਸੇ ਤਰ੍ਹਾਂ ਵਿੱਤ ਵਿਭਾਗ ਦੀਆਂ ਸਿਫਾਰਸ਼ਾਂ ਮੁਤਾਬਕ ਇਕ ਅਪ੍ਰੈਲ ਤੋਂ 6 ਮਈ, 2020 ਦੇ ਘਾਟੇ ਦੀ ਮਿਆਦ ਲਈ ਮਾਲੀਆ, ਲਾਇਸੰਸ ਫੀਸ ਤੇ ਐਮ.ਜੀ.ਆਰ., ਦੋਵਾਂ ਨੂੰ ਆਬਕਾਰੀ ਵਿਭਾਗ ਦੁਆਰਾ ਅਨੁਰੂਪ ਵਿਵਸਥਾ/ਮੁੜ ਨਿਰਧਾਰਤ ਕੀਤਾ ਜਾ ਸਕਦਾ ਹੈ। ਸ਼ਰਾਬ ਦੀ ਘਰਾਂ ਤੱਕ ਸਪਲਾਈ ਦੇ ਮੁੱਦੇ ’ਤੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਫੈਸਲਾ ਕੀਤਾ ਗਿਆ ਕਿ ਆਬਕਾਰੀ ਨੀਤੀ ਵਿੱਚ ਪਹਿਲਾਂ ਹੀ ਮੌਜੂਦ ਉਪਬੰਧ ਲਾਗੂ ਰਹਿਣਗੇ, ਪਰ ਇਸ ਸਬੰਧੀ ਸੁਪਰੀਮ ਕੋਰਟ ਵੱਲੋਂ ਪ੍ਰਗਟਾਈ ਰਾਇ ਦਾ ਹਵਾਲਾ ਦਿੰਦਿਆਂ ਇਨ੍ਹਾਂ ਵਿਕਲਪਾਂ ਦੇ ਫੈਸਲੇ ਨੂੰ ਲਇਸੈਂਸਧਾਰਕਾਂ ‘ਤੇ ਛੱਡ ਦਿੱਤਾ ਗਿਆ ਹੈ।

ਇਹ ਦੱਸਣ ਯੋਗ ਹੈ ਕਿ ਪੰਜਾਬ ਦੀ ਸਾਲ 2020-21 ਲਈ ਆਬਕਾਰੀ ਨੀਤੀ ਨੂੰ ਮੰਤਰੀ ਮੰਡਲ ਵੱਲੋਂ 31 ਜਨਵਰੀ, 2020 ਨੂੰ ਪ੍ਰਵਾਨਗੀ ਦੇ ਦਿੱਤੀ ਗਈ ਸੀ ਜਿਸ ਉਪਰੰਤ ਵਿਭਾਗ ਵੱਲੋਂ ਇਸ ਨੀਤੀ ਨੂੰ ਲਾਗੂ ਕਰਨ ਲਈ ਵੱਡੇ ਪੈਮਾਨੇ ’ਤੇ ਕਦਮ ਚੁੱਕੇ ਗਏ। ਪਰ ਕੋਵਿਡ-19 ਦੀ ਮਹਾਮਾਰੀ ਅਤੇ ਇਸ ਦੇ ਮੱਦੇਨਜ਼ਰ ਲਾਗੂੂ ਕੀਤੇ ਗਏ ਕਰਫਿਊ/ਲੌਕਡਾਊਨ ਕਾਰਨ ਇਸ ਨੀਤੀ ’ਤੇ ਅਮਲ ਰੁਕ ਗਿਆ ਸੀ।

- Advertisement -

Share this Article
Leave a comment