ਮੁੱਖ ਸਕੱਤਰ ਵੱਲੋਂ 26,000 ਤੋਂ ਜ਼ਿਆਦਾ ਸਰਕਾਰੀ ਨੌਕਰੀਆਂ ਦੀ ਭਰਤੀ ਪ੍ਰਕਿਰਿਆ ‘ਚ ਤੇਜ਼ੀ ਲਿਆਉਣ ਦੀਆਂ ਹਦਾਇਤਾਂ

Global Team
2 Min Read

ਚੰਡੀਗੜ੍ਹ: ਪੰਜਾਬ ਦੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਨੇ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਸਰਕਾਰੀ ਨੌਕਰੀਆਂ ਦੀ ਭਰਤੀ ਪ੍ਰਕਿਰਿਆ ਵਿਚ ਤੇਜ਼ੀ ਲਿਆਉਣ ‘ਤੇ ਜ਼ੋਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਪਹਿਲੇ ਦਿਨ ਤੋਂ ਹੀ ਪੰਜਾਬ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਬਹੁਤ ਸਾਰੇ ਮੌਕੇ ਪੈਦਾ ਕਰ ਰਹੀ ਹੈ। ਨੌਜਵਾਨਾਂ ਨੂੰ ਵਿਦੇਸ਼ਾਂ ਵਿਚ ਜਾਣ ਤੋਂ ਰੋਕਣ ਲਈ ਮੁੱਖ ਮੰਤਰੀ ਵੱਲੋਂ ਵੱਧ ਤੋਂ ਵੱਧ ਨੌਜਵਾਨਾਂ ਨੂੰ ਪੰਜਾਬ ਵਿਚ ਹੀ ਰੁਜ਼ਗਾਰ ਮੁਹੱਈਆ ਕਰਵਾਉਣ ਦੇ ਟੀਚੇ ਦੀ ਪ੍ਰਾਪਤੀ ਲਈ ਮੁੱਖ ਸਕੱਤਰ ਨੇ ਸਾਰੇ ਵਿਭਾਗਾਂ ਨੂੰ ਸਮੇਂ ਸਿਰ ਭਰਤੀ ਮੁਕੰਮਲ ਕਰਨ ਦੀਆਂ ਹਦਾਇਤਾਂ ਦਿੱਤੀਆਂ।

ਉਨ੍ਹਾਂ ਕਿਹਾ ਕਿ ਜਿਹੜੇ ਵੀ ਵਿਭਾਗਾਂ ਵਿਚ ਭਰਤੀ ਪ੍ਰਕਿਰਿਆ ਚੱਲ ਰਹੀ ਹੈ, ਉਸ ਨੂੰ ਸਮੇਂ ਸਿਰ ਮੁਕੰਮਲ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ ਤਾਂ ਜੋ ਜ਼ਿਆਦਾ ਤੋਂ ਜ਼ਿਆਦਾ ਮੁੰਡੇ-ਕੁੜੀਆਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਜਾ ਸਕਣ। ਉਨ੍ਹਾਂ ਹਦਾਇਤਾਂ ਕੀਤੀਆਂ ਕਿ ਸਾਰੀ ਭਰਤੀ ਪ੍ਰਕਿਰਿਆ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚਾੜ੍ਹੀ ਜਾਵੇ।

ਮੀਟਿੰਗ ਦੌਰਾਨ ਮੁੱਖ ਸਕੱਤਰ ਨੂੰ ਦੱਸਿਆ ਗਿਆ ਕਿ ਵੱਖ-ਵੱਖ 24 ਵਿਭਾਗਾਂ ਵਿਚ 26 ਹਜ਼ਾਰ 454 ਅਸਾਮੀਆਂ ਲਈ ਭਰਤੀ ਪ੍ਰਕਿਰਿਆ ਚੱਲ ਰਹੀ ਹੈ। ਜਿਨ੍ਹਾਂ ਵਿਭਾਗਾਂ ਵਿਚ ਭਰਤੀ ਕੀਤੀ ਜਾਣੀ ਹੈ ਉਨ੍ਹਾਂ ਵਿਚ ਗ੍ਰਹਿ ਵਿਭਾਗ (ਪੁਲਿਸ), ਸਕੂਲੀ ਸਿੱਖਿਆ (ਅਧਿਆਪਕਾਂ ਦੀ ਭਰਤੀ), ਸਿਹਤ, ਬਿਜਲੀ, ਤਕਨੀਕੀ ਸਿੱਖਿਆ, ਵਿੱਤ ਵਿਭਾਗ, ਪੇਂਡੂ ਵਿਕਾਸ, ਸਹਿਕਾਰੀ ਵਿਭਾਗ ਅਤੇ ਜਲ ਸਪਲਾਈ ਵਿਭਾਗ ਪ੍ਰਮੁੱਖ ਹਨ।

ਮੁੱਖ ਸਕੱਤਰ ਨੇ ਕਿਹਾ ਕਿ ਨਵੀਂ ਭਰਤੀ ਨਾਲ ਜਿੱਥੇ ਨੌਜਵਾਨ ਮੁੰਡੇ-ਕੁੜੀਆਂ ਨੂੰ ਰੁਜ਼ਗਾਰ ਮਿਲੇਗਾ ਉੱਥੇ ਹੀ ਪ੍ਰਸ਼ਾਸਨਿਕ ਪੱਧਰ ‘ਤੇ ਵੀ ਸਰਕਾਰ ਦੀ ਕਾਰਗੁਜ਼ਾਰੀ ਹੋਰ ਚੰਗੀ ਹੋਵੇਗੀ। ਨਵੀਂ ਭਰਤੀ ਨਾਲ ਸਰਕਾਰੀ ਕੰਮਕਾਜ ਵਿਚ ਵਧੇਰੇ ਤੇਜ਼ੀ ਆਵੇਗੀ। ਜਿਹੜੇ ਵਿਭਾਗਾਂ ਵਿਚ ਭਰਤੀ ਸਬੰਧੀ ਕੋਈ ਨੁਕਤਾ ਵਿਚਾਰਨ ਯੋਗ ਸੀ, ਮੁੱਖ ਸਕੱਤਰ ਨੇ ਉਸ ਦਾ ਮੌਕੇ ‘ਤੇ ਹੀ ਹੱਲ ਕੱਢ ਕੇ ਅਧਿਕਾਰੀਆਂ ਨੂੰ ਸਮਾਂਬੱਧ ਭਰਤੀ ਕਰਨ ਦੇ ਨਿਰਦੇਸ਼ ਜਾਰੀ ਕੀਤੇ।

Share This Article
Leave a Comment