ਚੀਨ : ਕੋਰੋਨਾਵਾਇਰਸ ਦੇ 30 ਨਵੇਂ ਮਾਮਲਿਆਂ ਦੀ ਪੁਸ਼ਟੀ, ਹੁਣ ਤੱਕ 3,329 ਲੋਕਾਂ ਦੀ ਮੌਤ

TeamGlobalPunjab
2 Min Read

ਬੀਜਿੰਗ :  ਚੀਨ ਵਿੱਚ ਕੋਰੋਨਾਵਾਇਰਸ ਦੇ 30 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਜਿਨ੍ਹਾਂ ‘ਚੋਂ 5 ਮਾਮਲੇ ਸਥਾਨਕ ਦੱਸੇ ਜਾ ਰਹੇ ਹਨ। ਚੀਨ ਦੇ ਵੁਹਾਨ ਸ਼ਹਿਰ ਤੋਂ ਸ਼ੁਰੂ ਹੋਏ ਜਾਨਲੇਵਾ ਕੋਰੋਨਾ ਵਾਇਰਸ ਨਾਲ ਦੁਨੀਆ ਵਿੱਚ ਹੁਣ ਤੱਕ ਦੇ 65 ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ ਤੇ 12 ਲੱਖ ਤੋਂ ਵੱਧ ਲੋਕ ਇਸ ਵਾਇਰਸ ਦੀ ਲਪੇਟ ਵਿੱਚ ਆ ਚੁੱਕੇ ਹਨ। ਚੀਨ ਦੇ ਅਧਿਕਾਰੀਆਂ ਨੇ ਐਤਵਾਰ ਨੂੰ ਦੱਸਿਆ ਕਿ ਕੋਰੋਨਾਵਾਇਰਸ ਦੇ ਸਭ ਤੋਂ ਪ੍ਰਭਾਵਿਤ ਸ਼ਹਿਰ ਵੁਹਾਨ ਵਿੱਚ ਹੁਣ ਸਥਿਤੀ ਕਾਬੂ ਵਿੱਚ ਹੈ। ਜਿਸ ਦੇ ਚੱਲਦਿਆਂ ਵੁਹਾਨ ਦੇ 13 ਪ੍ਰਸ਼ਾਸਕੀ ਜ਼ਿਲ੍ਹਿਆਂ ਵਿੱਚੋਂ 9 ਜ਼ਿਲ੍ਹਿਆਂ ਨੂੰ ‘ਘੱਟ ਜੋਖਮ’ ਵਾਲੇ ਘੋਸ਼ਿਤ ਕੀਤਾ ਗਿਆ ਹੈ।

ਚੀਨ ਦੇ ਰਾਸ਼ਟਰੀ ਸਿਹਤ ਕਮਿਸ਼ਨ (ਐਨਐਚਸੀ) ਨੇ ਆਪਣੀ ਨਿਯਮਤ ਰਿਪੋਰਟ ਵਿੱਚ ਕਿਹਾ ਹੈ ਕਿ ਸ਼ਨੀਵਾਰ ਨੂੰ ਚੀਨ ਵਿੱਚ ਕੋਰੋਨਾਵਾਇਰਸ ਦੇ 30 ਨਵੇਂ ਮਾਮਲੇ ਸਾਹਮਣੇ ਆਏ ਹਨ। ਨਾਲ ਹੀ ਕਮਿਸ਼ਨ ਨੇ ਕਿਹਾ ਕਿ ਇਨ੍ਹਾਂ ਤੋਂ ਇਲਾਵਾ 47 ਹੋਰ ਅਜਿਹੇ ਮਾਮਲੇ ਸਾਹਮਣੇ ਆਏ ਹਨ ਜਿਨ੍ਹਾਂ ਵਿੱਚ ਕੋਰੋਨਾ ਦੇ ਲੱਛਣ ਨਜ਼ਰ ਨਹੀਂ ਆਏ ਹਨ। ਕਮਿਸ਼ਨ ਨੇ ਕਿਹਾ ਕਿ 1024 ਮਾਮਲੇ ਅਜਿਹੇ ਹਨ ਜਿਨ੍ਹਾਂ ਨੂੰ ਇਸ ਸਮੇਂ ਡਾਕਟਰੀ ਨਿਗਰਾਨੀ ਹੇਠ ਰੱਖਿਆ ਜਾ ਰਿਹਾ ਹੈ। ਇਨ੍ਹਾਂ ਵਿੱਚੋਂ 244 ਲੋਕ ਅਜਿਹੇ ਹਨ ਜਿਹੜੇ ਵਿਦੇਸ਼ ਤੋਂ ਸੰਕਰਮਿਤ ਹੋਏ ਹਨ।

ਬੀਤੇ ਸ਼ਨੀਵਾਰ ਹੁਬੇਈ ਵਿੱਚ ਕੋਰੋਨਾਵਾਇਰਸ ਨਾਲ 3 ਹੋਰ ਲੋਕਾਂ ਦੀ ਮੌਤ ਹੋਈ ਹੈ ਜਿਸ ਨਾਲ ਚੀਨ ਵਿੱਚ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 3,329 ਹੋ ਗਈ ਹੈ। ਇਸ ਦੇ ਨਾਲ ਹੀ ਚੀਨ ਵਿੱਚ ਕੋਰੋਨਾ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਵੀ 81,669 ਤੱਕ ਪਹੁੰਚ ਗਈ ਹੈ ਜਿਨ੍ਹਾਂ ਵਿਚੋਂ 1,376 ਲੋਕਾਂ ਦਾ ਇਲਾਜ ਚੱਲ ਰਿਹਾ ਹੈ ਤੇ 76,964 ਲੋਕ ਠੀਕ ਹੋ ਗਏ ਹਨ।

ਦੱਸ ਦਈਏ ਕਿ ਤਾਜਾ ਜਾਣਕਾਰੀ ਅਨੁਸਾਰ ਵਿਸ਼ਵ ਪੱਧਰ ‘ਤੇ ਕੋਰੋਨਾਵਾਇਰਸ ਮਹਾਮਾਰੀ ਨਾਲ ਹੁਣ ਤੱਕ 64 ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ ਤੇ 12 ਲੱਖ ਤੋਂ ਵੱਧ ਲੋਕ ਇਸ ਵਾਇਰਸ ਨਾਲ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਹੇ ਹਨ।

- Advertisement -

Share this Article
Leave a comment