ਟਿਕ ਟਾਕ ਸਮੇਤ 59 ਚੀਨੀ ਐਪਸ ਭਾਰਤ ‘ਚ ਬੈਨ ਕੀਤੇ ਜਾਣ ‘ਤੇ ਚੀਨ ਦੀ ਵਧੀ ਬੇਚੈਨੀ, ਅੰਤਰਰਾਸ਼ਟਰੀ ਕਾਨੂੰਨ ਦਾ ਦਿੱਤਾ ਹਵਾਲਾ

TeamGlobalPunjab
2 Min Read

ਬੀਜਿੰਗ : ਦੇਸ਼ ‘ਚ ਟਿੱਕ ਟਾਕ ਸਮੇਤ 59 ਚੀਨੀ ਐਪਸ ‘ਤੇ ਪਾਬੰਦੀ ਲਗਾਉਣ ਤੋਂ ਬਾਅਦ ਚੀਨ ਦੀ ਬੇਚੈਨੀ ਵੱਧ ਗਈ ਹੈ। ਚੀਨੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਝਾਓ ਲਿਜਿਆਨ ਨੇ ਇਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਅਸੀ ਇਸ ਗੱਲ ‘ਤੇ ਜ਼ੋਰ ਦੇਣਾ ਚਾਹੁੰਦੇ ਹਾਂ ਕਿ ਚੀਨੀ ਸਰਕਾਰ ਚੀਨੀ ਕਾਰੋਬਾਰਾਂ ਨੂੰ ਅੰਤਰਰਾਸ਼ਟਰੀ ਅਤੇ ਸਥਾਨਕ ਕਾਨੂੰਨਾਂ ਅਤੇ ਨਿਯਮਾਂ ਦੀ ਪਾਲਣਾ ਕਰਨ ਦੇ ਲਈ ਕਹਿੰਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਚੀਨੀ ਨਿਵੇਸ਼ਕਾਂ ਸਮੇਤ ਅੰਤਰਰਾਸ਼ਟਰੀ ਨਿਵੇਸ਼ਕਾਂ ਦੇ ਕਾਨੂੰਨੀ ਅਧਿਕਾਰਾਂ ਨੂੰ ਬਣਾਈ ਰੱਖੇ।

ਦੱਸ ਦੇਈਏ ਕਿ ਸੋਮਵਾਰ ਨੂੰ ਭਾਰਤ ਸਰਕਾਰ ਨੇ ਚੀਨ ਨੂੰ ਇਕ ਵੱਡਾ ਝਟਕਾ ਦਿੰਦੇ ਹੋਏ ਟਿੱਕ-ਟਾਕ ਸਮੇਤ 59 ਚੀਨੀ ਐਪਸ ‘ਤੇ ਪਾਬੰਦੀ ਲਗਾ ਦਿੱਤੀ ਹੈ। ਹੈਲੋ ਅਤੇ ਕੈਮ ਸਕੈਨਰਾਂ ‘ਤੇ ਵੀ ਪਾਬੰਦੀ ਲਗਾ ਦਿੱਤੀ ਗਈ ਹੈ। ਭਾਰਤ ਅਤੇ ਚੀਨ ਵਿਚਾਲੇ ਸਰਹੱਦੀ ਵਿਵਾਦ ਦੇ ਬਾਅਦ ਹੀ ਟਿੱਕ-ਟਾਕ ਐਪ ‘ਤੇ ਰੋਕ ਲਗਾਉਣ ਦੀ ਮੰਗ ਕੀਤੀ ਗਈ ਸੀ।

ਇਸ ਤੋਂ ਇਲਾਵਾ ਕਈ ਹੋਰ ਮਸ਼ਹੂਰ ਐਪਸ ਜਿਵੇਂ ਯੂਸੀ ਬਰਾਊਸਰ, ਸ਼ੇਅਰ ਇੱਟ ‘ਤੇ ਪਾਬੰਦੀ ਲਗਾਈ ਗਈ ਸੀ। ਇਸ ਤੋਂ ਪਹਿਲਾਂ ਭਾਰਤੀ ਸੁਰੱਖਿਆ ਏਜੰਸੀਆਂ ਨੇ ਚੀਨੀ ਐਪ ਦੀ ਸੂਚੀ ਤਿਆਰ ਕੀਤੀ ਸੀ ਅਤੇ ਕੇਂਦਰ ਸਰਕਾਰ ਨੂੰ ਇਨ੍ਹਾਂ ‘ਤੇ ਪਾਬੰਦੀ ਲਗਾਉਣ ਦੀ ਅਪੀਲ ਕੀਤੀ ਸੀ। ਸਰਕਾਰ ਵੱਲੋਂ ਜਾਰੀ ਕੀਤੇ ਗਏ ਇੱਕ ਆਦੇਸ਼ ਅਨੁਸਾਰ ਸਰਕਾਰ ਨੇ 59 ਮੋਬਾਈਲ ਐਪਸ ਤੇ ਪਾਬੰਦੀ ਲਗਾਈ ਹੈ ਜੋ ਭਾਰਤ ਦੀ ਪ੍ਰਭੂਸੱਤਾ ਅਤੇ ਅਖੰਡਤਾ, ਭਾਰਤ ਦੀ ਰੱਖਿਆ, ਰਾਜ ਦੀ ਸੁਰੱਖਿਆ ਅਤੇ ਜਨਤਕ ਵਿਵਸਥਾ ਲਈ ਖਤਰਨਾਕ ਸਨ।

Share this Article
Leave a comment