ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਉਸ ਬਿਆਨ ‘ਤੇ ਤਿੱਖਾ ਹਮਲਾ ਕੀਤਾ ਹੈ, ਜਿਸ ਵਿੱਚ ਉਨ੍ਹਾਂ ਕਿਹਾ ਹੈ ਕਿ ਉਨ੍ਹਾਂ ਦੀ ਸਰਕਾਰ ਆਉਣ ‘ਤੇ ਪਹਿਲੀ ਮੀਟਿੰਗ ਵਿੱਚ ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਨੂੰ ‘ਅੱਤਵਾਦੀ’ ਐਲਾਨਿਆ ਜਾਵੇਗਾ।
ਬੁੱਧਵਾਰ ਨੂੰ ਪਾਰਟੀ ਦਫ਼ਤਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਨੂ ਨੇ ਕਿਹਾ ਕਿ ਸੁਖਬੀਰ ਬਾਦਲ ਸ਼ਾਇਦ ਇਸ ਭੁਲੇਖੇ ਵਿੱਚ ਹਨ ਕਿ ਪੰਜਾਬ ਦੇ ਲੋਕ 2007 ਤੋਂ 2017 ਦੇ ਕਾਲੇ ਦੌਰ ਨੂੰ ਭੁੱਲ ਗਏ ਹਨ। ਸੱਚਾਈ ਇਹ ਹੈ ਕਿ ਪੰਜਾਬ ਦੀ ਧਰਤੀ ‘ਤੇ ਨਸ਼ਿਆਂ (ਚਿੱਟੇ) ਅਤੇ ਗੈਂਗਸਟਰਵਾਦ ਦੇ ਬੀਜ ਅਕਾਲੀ-ਭਾਜਪਾ ਸਰਕਾਰ ਦੌਰਾਨ ਹੀ ਬੀਜੇ ਗਏ ਸਨ ਅਤੇ ਉਨ੍ਹਾਂ ਦੀ ਸਰਪ੍ਰਸਤੀ ਹੇਠ ਹੀ ਇਹ ਵਧੇ-ਫੁੱਲੇ।

