ਨਵੀਂ ਦਿੱਲੀ: ਦਿੱਲੀ ਦੇ ਜੰਤਰ-ਮੰਤਰ ਵਿਖੇ ਪ੍ਰਦਰਸ਼ਨ ਕਰਨ ਪਹੁੰਚੇ ਕੌਕਰੇਚ ਜਨਤਾ ਪਾਰਟੀ (CJP) ਦੇ ਆਗੂਆਂ ਖ਼ਿਲਾਫ਼ ਪੁਲਿਸ ਨੇ ਕਾਰਵਾਈ ਕੀਤੀ ਹੈ। ਪਾਰਟੀ ਦੇ ਸੀਨੀਅਰ ਆਗੂ ਸੌਰਵ ਦਾਸ ਅਤੇ ਆਸ਼ੂਤੋਸ਼ ਰਾਂਕਾ ਸਮੇਤ ਕਈ ਮੈਂਬਰਾਂ ਨੂੰ ਮੰਗਲਵਾਰ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ। ਪੁਲਿਸ ਸੂਤਰਾਂ ਮੁਤਾਬਕ, ਇਹ ਕਾਰਵਾਈ ਸੁਰੱਖਿਆ ਘੇਰਾ ਤੋੜ ਕੇ ਪ੍ਰਦਰਸ਼ਨ ਵਾਲੀ ਥਾਂ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼ ਤੋਂ ਬਾਅਦ ਕੀਤੀ ਗਈ। ਇਸ ਘਟਨਾ ਦੀ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿੱਚ ਪਾਰਟੀ ਦੇ ਮੈਂਬਰ ਗੇਟ ਟੱਪ ਕੇ ਅੰਦਰ ਦਾਖ਼ਲ ਹੁੰਦੇ ਅਤੇ ਨਾਅਰੇ ਲਗਾਉਂਦੇ ਦਿਖਾਈ ਦੇ ਰਹੇ ਹਨ।
ਤਿਰੰਗਾ ਲੈ ਕੇ ਜੰਤਰ-ਮੰਤਰ ਵਿੱਚ ਦਾਖ਼ਲ ਹੋਏ ਪਾਰਟੀ ਮੈਂਬਰ
ਕੌਕਰੇਚ ਜਨਤਾ ਪਾਰਟੀ ਦੇ ਬਾਨੀ ਅਭਿਜੀਤ ਦੀਪਕੇ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਪੋਸਟ ਸਾਂਝੀ ਕਰਦਿਆਂ ਦੱਸਿਆ ਕਿ ਸੌਰਵ ਦਾਸ ਅਤੇ ਆਸ਼ੂਤੋਸ਼ ਰਾਂਕਾ ਤੋਂ ਇਲਾਵਾ ਅਜਿੰਕਿਆ ਸ਼ਿੰਦੇ ਸਮੇਤ ਪਾਰਟੀ ਦੇ ਕਈ ਹੋਰ ਮੈਂਬਰਾਂ ਨੂੰ ਵੀ ਪੁਲਿਸ ਨੇ ਹਿਰਾਸਤ ਵਿੱਚ ਲਿਆ ਹੈ।
ਦੀਪਕੇ ਨੇ ਆਪਣੀ ਪੋਸਟ ਵਿੱਚ ਕਿਹਾ ਕਿ ਪਾਰਟੀ ਦੇ ਸਾਥੀ ਮੰਗਲਵਾਰ ਸਵੇਰੇ ਕੌਮੀ ਝੰਡਾ ਤਿਰੰਗਾ ਲੈ ਕੇ ਜੰਤਰ-ਮੰਤਰ ਵਿੱਚ ਦਾਖ਼ਲ ਹੋਏ ਸਨ, ਜਿਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਟੈਗ ਕਰਦਿਆਂ ਉਨ੍ਹਾਂ ਨੇ ਵਿਰੋਧੀ ਆਵਾਜ਼ਾਂ ਨੂੰ ਦਬਾਉਣ ਦੀ ਕੋਸ਼ਿਸ਼ ’ਤੇ ਸਵਾਲ ਚੁੱਕੇ।
ਦੀਪਕੇ ਵੱਲੋਂ ਸਾਂਝੀ ਕੀਤੀ ਵੀਡੀਓ ਵਿੱਚ ਪਾਰਟੀ ਦੇ ਮੈਂਬਰ ਜੰਤਰ-ਮੰਤਰ ਦਾ ਗੇਟ ਟੱਪ ਕੇ ਅੰਦਰ ਜਾਂਦੇ ਅਤੇ ‘ਭਾਰਤ ਮਾਤਾ ਕੀ ਜੈ’ ਦੇ ਨਾਅਰੇ ਲਗਾਉਂਦੇ ਦਿਖਾਈ ਦਿੰਦੇ ਹਨ। ਇਸ ਦੌਰਾਨ ਪੁਲਿਸ ਮੁਲਾਜ਼ਮ ਉਨ੍ਹਾਂ ਨੂੰ ਕਾਬੂ ਕਰਨ ਲਈ ਅੱਗੇ ਵਧਦੇ ਨਜ਼ਰ ਆਉਂਦੇ ਹਨ।
Cockroaches with the Tiranga sneaked into Jantar Mantar early this morning before they were picked up by Delhi Police.
@AshutoshRanka, @SauravDassss, @AjinkyaCJP along with other team members have been detained.
You cannot denotify the resistance, @narendramodi https://t.co/x7B40akCVO
— Abhijeet Dipke (@abhijeet_dipke) October 13, 2026
ਵੋਟਰ ਸੂਚੀਆਂ ਦੀ ਸੋਧ ਖ਼ਿਲਾਫ਼ ਪ੍ਰਦਰਸ਼ਨ ਦਾ ਸੱਦਾ
ਇਹ ਕਾਰਵਾਈ ਅਜਿਹੇ ਸਮੇਂ ਹੋਈ ਹੈ, ਜਦੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਮੁੜ-ਸੁਧਾਈ ਪ੍ਰਕਿਰਿਆ (SIR) ਵਿੱਚ ਕਥਿਤ ਬੇਨਿਯਮੀਆਂ ਨੂੰ ਲੈ ਕੇ ਵੱਖ-ਵੱਖ ਸੰਗਠਨਾਂ ਵੱਲੋਂ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਧਰਨੇ-ਪ੍ਰਦਰਸ਼ਨ ਦਾ ਸੱਦਾ ਦਿੱਤਾ ਗਿਆ ਸੀ।
ਇਸ ਮਾਮਲੇ ਨੂੰ ਲੈ ਕੇ ਦਿੱਲੀ ਵਿੱਚ ਸੁਰੱਖਿਆ ਪ੍ਰਬੰਧ ਸਖ਼ਤ ਕੀਤੇ ਗਏ ਹਨ। ਰਾਜਧਾਨੀ ਵਿੱਚ ਅਮਨ-ਕਾਨੂੰਨ ਦੀ ਸਥਿਤੀ ਕਾਇਮ ਰੱਖਣ ਲਈ ਪੁਲਿਸ ਵੱਲੋਂ ਪ੍ਰਦਰਸ਼ਨ ਵਾਲੇ ਇਲਾਕੇ ਵਿੱਚ ਭਾਰੀ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਹਨ।
ਜੰਤਰ-ਮੰਤਰ ’ਤੇ ਹੋਈ ਇਸ ਘਟਨਾ ਤੋਂ ਬਾਅਦ ਇੱਕ ਵਾਰ ਫਿਰ ਵਿਰੋਧ ਪ੍ਰਦਰਸ਼ਨ ਕਰਨ ਦੇ ਹੱਕ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਚਰਚਾ ਸ਼ੁਰੂ ਹੋ ਗਈ ਹੈ।

