Home / ਪੰਜਾਬ / ਪੰਜਾਬ ਦੀਆਂ 2019 ਕਿਲੋਮੀਟਰ ਡਰੇਨਾਂ ਦੀ ਸਫਾਈ ਮੁਕੰਮਲ: ਸਰਕਾਰੀਆ

ਪੰਜਾਬ ਦੀਆਂ 2019 ਕਿਲੋਮੀਟਰ ਡਰੇਨਾਂ ਦੀ ਸਫਾਈ ਮੁਕੰਮਲ: ਸਰਕਾਰੀਆ

ਚੰਡੀਗੜ੍ਹ: ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਅਨੁਸਾਰ ਮੌਨਸੂਨ ਤੋਂ ਪਹਿਲਾਂ ਰਾਜ ਦੀਆਂ ਸਾਰੀਆਂ ਪ੍ਰਸਤਾਵਿਤ ਡਰੇਨਾਂ ਦੀ ਸਫਾਈ ਦਾ ਕੰਮ ਮੁਕੰਮਲ ਕਰ ਲਿਆ ਗਿਆ ਹੈ। ਸੰਭਾਵੀ ਹੜ੍ਹਾਂ ਸਬੰਧੀ ਕਿਸੇ ਅਣਸੁਖਾਵੀਂ ਘਟਨਾ ਨਾਲ ਨਜਿੱਠਣ ਲਈ ਵੀ ਸਰਕਾਰੀ ਅਮਲੇ ਨੂੰ ਚੁਸਤ ਕਰ ਦਿੱਤਾ ਗਿਆ ਹੈ। ਜ਼ਿਲ੍ਹਾ ਅਤੇ ਸੂਬਾ ਪੱਧਰੀ ਹੜ੍ਹ ਕੰਟਰੋਲ ਰੂਮਾਂ ਦੀ ਸਥਾਪਤੀ ਦਾ ਕੰਮ ਵੀ ਪ੍ਰਗਤੀ ਅਧੀਨ ਹੈ ਅਤੇ ਮੌਨਸੂਨ ਦੇ ਜ਼ਿਆਦਾ ਸਰਗਰਮ ਹੋਣ ਦੀ ਸੂਰਤ ਵਿਚ ਜਲ ਸਰੋਤ ਵਿਭਾਗ ਦੇ ਸਬੰਧਤ ਅਮਲੇ ਨੂੰ ਤਿਆਰ ਰਹਿਣ ਦੇ ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ।

ਜਲ ਸਰੋਤ ਮੰਤਰੀ ਨੇ ਦੱਸਿਆ ਕਿ ਸੂਬੇ ਵਿੱਚ ਹੜ੍ਹਾਂ ਤੋਂ ਬਚਾਅ ਸਬੰਧੀ ਪ੍ਰਬੰਧਾਂ ਨੂੰ ਹੋਰ ਸੁਚਾਰੂ ਬਣਾਉਣ ਲਈ ਪੰਜਾਬ ਦੇ ਜਲ ਸਰੋਤ ਵਿਭਾਗ ਵੱਲੋਂ ਪ੍ਰਸਤਾਵਿਤ ਡਰੇਨਾਂ ਦੀ ਸਾਫ-ਸਫਾਈ ਦਾ 100 ਫ਼ੀਸਦੀ ਕੰਮ ਪੂਰਾ ਕਰ ਲਿਆ ਗਿਆ ਹੈ ਅਤੇ ਹੜ੍ਹਾਂ ਤੋਂ ਬਚਾਅ ਸਬੰਧੀ 48 ਹੋਰ ਪ੍ਰਾਜੈਕਟਾਂ ਨੂੰ ਵੀ ਪੂਰਾ ਕੀਤਾ ਜਾ ਚੁੱਕਾ ਹੈ। ਮੌਨਸੂਨ ਦੌਰਾਨ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਦਰਿਆਵਾਂ ਦੇ ਨਾਲ ਲੱਗਦੇ ਨਾਜ਼ੁਕ ਸਥਾਨਾਂ ਉਤੇ ਈ.ਸੀ. ਬੈਗ ਵੀ ਭਰ ਕੇ ਰੱਖੇ ਗਏ ਹਨ। ਉਨ੍ਹਾਂ ਸਬੰਧਤ ਧਿਰਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਹੰਗਾਮੀ ਹਾਲਤਾਂ ਵਿਚ ਹੜ੍ਹਾਂ ਤੋਂ ਬਚਾਅ ਲਈ ਪ੍ਰਭਾਵਸ਼ਾਲੀ ਹੜ੍ਹ ਰੋਕੂ ਪ੍ਰਣਾਲੀ ਲਾਗੂ ਕਰਨ ਵਿੱਚ ਕੋਈ ਕਸਰ ਨਾ ਛੱਡੀ ਜਾਵੇ।

ਸਰਕਾਰੀਆ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇਸ ਮੌਨਸੂਨ ਸੀਜ਼ਨ ਦੌਰਾਨ ਹੜ੍ਹਾਂ ਤੋਂ ਬਚਾਅ ਸਬੰਧੀ ਵਿਆਪਕ ਪ੍ਰਬੰਧਾਂ ਉਤੇ ਤਕਰੀਬਨ 50 ਕਰੋੜ ਰੁਪਏ ਖਰਚ ਕੀਤੇ ਹਨ। ਇਸ ਦੇ ਨਾਲ-ਨਾਲ ਮੌਨਸੂਨ ਦੌਰਾਨ ਬਚਾਅ, ਰਾਹਤ ਅਤੇ ਮੁੜ ਵਸੇਬੇ ਦੇ ਕਾਰਜਾਂ ਲਈ ਡਿਪਟੀ ਕਮਿਸ਼ਨਰਾਂ ਨੂੰ 5 ਕਰੋੜ ਰੁਪਏ ਅਤੇ ਮੁੱਖ ਇੰਜਨੀਅਰ/ਡਰੇਨੇਜ ਨੂੰ 5 ਕਰੋੜ ਰੁਪਏ ਦੀ ਰਾਸ਼ੀ ਦੇਣ ਨੂੰ ਮਨਜ਼ੂਰੀ ਦਿੱਤੀ ਹੋਈ ਹੈ।

ਡਰੇਨੇਜ਼ ਵਿਭਾਗ ਦੇ ਮੁੱਖ ਇੰਜੀਨੀਅਰ ਸੰਜੀਵ ਗੁਪਤਾ ਨੇ ਦੱਸਿਆ ਕਿ ਮੌਨਸੂਨ ਤੋਂ ਪਹਿਲਾਂ ਕੁੱਲ ਪ੍ਰਸਤਾਵਿਤ 2019 ਕਿਲੋਮੀਟਰ ਡਰੇਨਾਂ ਦੀ ਸਫਾਈ ਦਾ ਖਾਕਾ ਤਿਆਰ ਕੀਤਾ ਗਿਆ ਸੀ ਜਿਸ ਦਾ ਕਿ 100 ਫੀਸਦੀ ਕੰਮ ਮੁਕੰਮਲ ਹੋ ਚੁੱਕਾ ਹੈ। ਉਨਾਂ ਅੱਗੇ ਦੱਸਿਆ ਕਿ ਜਲ ਸਰੋਤ ਵਿਭਾਗ ਵੱਲੋਂ ਹੜ੍ਹਾਂ ਤੋਂ ਬਚਾਅ ਸਬੰਧੀ 48 ਪ੍ਰੋਜੈਕਟ ਵੀ ਸ਼ੁਰੂ ਕੀਤੇ ਗਏ ਸਨ ਜੋ ਕਿ ਸਾਰੇ ਹੀ ਪੂਰੇ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਵਿਭਾਗ ਨੇ ਸੰਭਾਵੀਂ ਹੜ੍ਹਾਂ ਦੀ ਰੋਕਥਾਮ ਲਈ ਪੂਰੀ ਚੌਕਸੀ ਵਰਤੀ ਹੋਈ ਹੈ।

ਕਾਬਿਲੇਗੌਰ ਹੈ ਕਿ 28 ਮਈ 2020 ਨੂੰ ਹੜ੍ਹ ਰੋਕੂ ਪ੍ਰਬੰਧਾਂ ਸਬੰਧੀ ਹੋਈ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡਰੇਨਾਂ ਦੀ ਸਮੇਂ ਸਿਰ ਸਫਾਈ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਸਨ। ਕੋਵਿਡ-19 ਮਹਾਂਮਾਰੀ ਦੇ ਬਾਵਜੂਦ ਜਲ ਸਰੋਤ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਨੇ ਸਰਗਰਮ ਮਾਨਸੂਨ ਤੋਂ ਪਹਿਲਾਂ ਸੀਮਤ ਸਾਧਨਾਂ ਦੇ ਨਾਲ ਡਰੇਨਾਂ ਦੀ 100 ਫੀਸਦੀ ਸਫਾਈ ਅਤੇ 48 ਹੋਰ ਪ੍ਰੋਜੈਕਟਾਂ ਨੂੰ ਪੂਰਾ ਕਰ ਦਿੱਤਾ ਹੈ।

Check Also

ਚਰਨਜੀਤ ਚੰਨੀ ਨੇ ਵਿਦਿਆਰਥੀਆਂ ਨੂੰ ਆਨਲਾਈਨ ਸੇਵਾਵਾਂ ਪ੍ਰਦਾਨ ਕਰਨ ਲਈ MRSPTU ਦੇ ਪੋਰਟਲ ਦਾ ਕੀਤਾ ਉਦਘਾਟਨ

ਚੰਡੀਗੜ੍ਹ: ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਅੱਜ ਵਿਦਿਆਰਥੀਆਂ …

Leave a Reply

Your email address will not be published. Required fields are marked *