ਮੁੱਖ ਮੰਤਰੀ ਨੇ ਮਿਡ-ਡੇਅ ਮੀਲ ਦੇ ਵਰਕਰਾਂ ਦੀਆਂ ਤਨਖਾਹਾਂ ‘ਚ ਵਾਧਾ ਕਰਨ ਦੇ ਨਾਲ ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡਣ ਦਾ ਕੀਤਾ ਐਲਾਨ

TeamGlobalPunjab
2 Min Read

ਚੰਡੀਗੜ੍ਹ :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ‘ਚ ਸਕੂਲਾਂ ਦੇ ਕੰਮਕਾਜ ‘ਚ ਹੋਰ ਸੁਧਾਰ ਲਿਆਉਣ ਲਈ ਕਈ ਫੈਸਲੇ ਲੈਂਦੇ ਹੋਏ ਵਿਧਾਨ ਸਭਾ ‘ਚ ਅਧਿਆਪਕ ਤਬਾਦਲਾ ਐਕਟ ਸਬੰਧੀ ਕਾਨੂੰਨ ਲਿਆਉਣ ਲਈ ਸਿਧਾਂਤਕ ਤੌਰ ‘ਤੇ ਮਨਜੂਰੀ ਦੇ ਦਿੱਤੀ ਹੈ।

ਇਸਤੋਂ ਇਲਾਵਾ ਮੁੱਖ ਮੰਤਰੀ ਨੇ ਮਿਡ-ਡੇਅ ਮੀਲ ਦੇ ਵਰਕਰਾਂ ਦੀਆਂ ਤਨਖਾਹਾਂ ‘ਚ ਮਹੀਨਾਵਾਰ 500 ਰੁਪਏ ਦਾ ਵਾਧਾ ਕਰਨ ਤੇ ਇਸ ਸਾਲ ਸਰਕਾਰੀ ਸਕੂਲਾਂ ਦੇ ਬਾਰ੍ਹਵੀਂ ਦੇ ਵਿਦਿਆਰਥੀਆਂ ਨੂੰ 2.14 ਲੱਖ ਹੋਰ ਸਮਾਰਟ ਫੋਨ ਵੰਡਣ ਦਾ ਐਲਾਨ ਕੀਤਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਕਾਨੂੰਨ ਬਣਨ ਨਾਲ ਸੂਬਾ ਸਰਕਾਰ ਵੱਲੋਂ ਸਾਲ 2019 ‘ਚ ਲਾਗੂ ਕੀਤੀ ਅਧਿਆਪਕ ਤਬਾਦਲਾ ਨੀਤੀ ਨੂੰ ਵਿਧਾਨਕ ਰੂਪ ਮਿਲ ਜਾਵੇਗਾ। ਇਹ ਨੀਤੀ ਸਮੁੱਚੀ ਪ੍ਰਕਿਰਿਆ ਨੂੰ ਪਾਰਦਰਸ਼ੀ, ਪ੍ਰਭਾਵੀ ਅਤੇ ਭਿ੍ਸ਼ਟਾਚਾਰ-ਮੁਕਤ ਬਣਾਉਣ ਲਈ ਲਿਆਂਦੀ ਗਈ ਸੀ।

ਦੱਸ ਦਈਏ ਮਿਡ-ਡੇਅ ਮੀਲ ਦੇ ਵਰਕਰਾਂ ਦੀ ਤਨਖਾਹ ਵਧਾਉਣ ਦੇ ਮੁੱਦੇ ‘ਤੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਵਰਕਰਾਂ ਦੀ ਚਿਰੋਕਣੀ ਮੰਗ ਸੀ ਕਿਉਂ ਜੋ ਇਸ ‘ਚ ਸਾਲ 2017 ਵਿਚ ਇਜਾਫਾ ਕੀਤਾ ਗਿਆ ਸੀ। ਇਸ ਕਦਮ ਨਾਲ 19000 ਸਕੂਲਾਂ ‘ਚ ਮਿਡ-ਡੇ ਮੀਲ ਦੇ 42000 ਵਰਕਰਾਂ ਨੂੰ ਫਾਇਦਾ ਹੋਵੇਗਾ।

- Advertisement -

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਐਲਾਨ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ 2.14 ਲੱਖ ਹੋਰ ਸਮਾਰਟ ਫੋਨ ਵੰਡਣ ਦੀ ਪ੍ਰਕਿਰਿਆ ਅਗਲੇ ਤਿੰਨ ਮਹੀਨਿਆਂ ਵਿਚ ਸ਼ੁਰੂ ਹੋਵੇਗੀ ਤੇ ਇਸ ਸਬੰਧੀ ਸਾਲ 2020-21 ਲਈ ਬਜਟ ਵਿਵਸਥਾ ਪਹਿਲਾਂ ਹੀ ਕੀਤੀ ਜਾ ਚੁੱਕੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਅਗਲੀ ਕੈਬਨਿਟ ਮੀਟਿੰਗ ‘ਚ ਪ੍ਰਸਤਾਵ ਨੂੰ ਪ੍ਰਵਾਨਗੀ ਦਿੱਤੀ ਜਾਵੇਗੀ ਤੇ ਉਸ ਤੋਂ ਤੁਰੰਤ ਬਾਅਦ ਫੋਨ ਲਈ ਆਰਡਰ ਜਾਰੀ ਕਰ ਦਿੱਤੇ ਜਾਣਗੇ ਤਾਂ ਕਿ ਤੈਅ ਸਮੇਂ ਦੇ ਅੰਦਰ ਫੋਨ ਵੰਡੇ ਜਾਣ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਲਈ ਸਮਾਰਟ ਫੋਨ ਖਰੀਦਣ ਲਈ ਤਜਵੀਜ਼ ਉਦਯੋਗ ਵਿਭਾਗ ਨੂੰ ਪਹਿਲਾਂ ਹੀ ਭੇਜੀ ਜਾ ਚੁੱਕੀ ਹੈ।

Share this Article
Leave a comment