ਸ੍ਰੀ ਅਨੰਦਪੁਰ ਸਾਹਿਬ : ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ‘ਤੇ ਖਾਲਸਾ ਪੰਥ ਦਾ ਤਿਉਹਾਰ ਹੋਲਾ-ਮਹੱਲਾ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਪਵਿੱਤਰ ਤਿਉਹਾਰ ਦੇ ਦੂਜੇ ਪੜਾਅ ਦੀ ਸ਼ੁਰੂਆਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ੁਰੂ ਹੋ ਚੁੱਕੀ ਹੈ। ਹੋਲਾ-ਮਹੱਲਾ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਤਨੀ ਡਾ. ਗੁਰਪ੍ਰੀਤ ਕੌਰ ਸਮੇਤ ਤਖ਼ਤ ਸ੍ਰੀ ਕੇਸਗੜ ਸਾਹਿਬ ਨਤਮਸਤਕ ਹੋਣ ਲਈ ਪਹੁੰਚੇ।
ਜਿੱਥੇ ਉਨ੍ਹਾਂ ਗੁਰਦੁਆਰਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਮੂਹ ਸੰਗਤ ਨੂੰ ਹੋਲਾ-ਮਹੱਲਾ ਦੀ ਵਧਾਈ ਦਿੱਤੀ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਹਰਦੀਪ ਸਿੰਘ ਮੁੰਡੀਆਂ ਅਤੇ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਹਰਜੋਤ ਸਿੰਘ ਬੈਂਸ ਵੀ ਮੌਜੂਦ ਰਹੇ।
CM ਮਾਨ ਨੇ ਕਿਹਾ ਕਿ ਇਹ ਧਰਤੀ ਗੁਰੂ ਸਾਹਿਬ ਦੀਆਂ ਲੜਾਈਆਂ ਦੀ ਯਾਦ ਕਰਾਉਂਦੀ ਹੈ ਜੋ ਹੱਕ ਸੱਚ ਲਈ, ਮਜ਼ਲੂਮਾਂ ਦੇ ਹੱਕ ਵਿੱਚ ਤੇ ਜ਼ੁਲਮ ਦੇ ਵਿਰੁੱਧ ਲੜਨ ਦੀ ਪ੍ਰੇਰਨਾ ਮਿਲਦੀ ਹੈ।ਤੁਸੀਂ ਇੱਥੇ ਵੀ ਦੇਖੋਗੇ ਸਾਰੇ ਨਾਨਕ ਨਾਮੁ ਲੇਵਾ ਸੰਗਤ ਸਭ ਲੋਕ ਹੋਲਾ ਮਹੱਲਾ ਮਨਾਉਣ ਦੇ ਲਈ ਪੁੱਜੇ ਹਨ ਤੇ ਮੈਂ ਵੀ ਸ਼ਰਧਾ ਸਤਿਕਾਰ ਨਾਲ ਇੱਥੇ ਨਤਮਸਤਕ ਹੋਣ ਦੇ ਲਈ ਆਇਆ ਹਾਂ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਹੋਲਾ-ਮਹੱਲਾ ਇਕ ਧਰਮ ਜਾਂ ਇਕ ਬਿਰਾਦਰੀ ਦੇ ਲੋਕਾਂ ਦਾ ਤਿਉਹਾਰ ਨਹੀਂ ਸਗੋਂ ਸਮੁੱਚੀ ਮਾਨਵਤਾ ਦਾ ਤਿਉਹਾਰ ਹੈ ਅਤੇ ਅੱਜ ਦੇਸ਼ ਅਤੇ ਦੁਨੀਆ ਤੋਂ ਲੱਖਾਂ ਦੀ ਗਿਣਤੀ ’ਚ ਸੰਗਤ ਗੁਰੂ ਚਰਨਾਂ ਵਿੱਚ ਮੱਥਾ ਟੇਕ ਰਹੀ ਹੈ। ਨਵੇਂ ਜਥੇਦਾਰ ਦੀ ਨਿਯੁਕਤੀ ਬਾਰੇ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਹ ਧਾਰਮਿਕ ਮੁੱਦਾ ਹੈ ਅਤੇ ਅੱਜ ਹੋਲੇ-ਮਹੱਲੇ ਦੇ ਪਾਵਨ ਦਿਹਾੜੇ ’ਤੇ ਉਹ ਇਸ ਸਬੰਧੀ ਕੁਝ ਨਹੀਂ ਕਹਿਣਾ ਚਾਹੁੰਦੇ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।